ਅਮਨ ਅਰੋੜਾ ਵੱਲੋਂ ਨਵੀਂ ਤੇ ਨਵਿਆਉਣਯੋਗ ਊਰਜਾ ਬਾਰੇ ਕੇਂਦਰੀ ਮੰਤਰੀ ਨਾਲ ਮੁਲਾਕਾਤ

Prabhjot Kaur
2 Min Read

ਚੰਡੀਗੜ੍ਹ: ਸਾਫ-ਸੁਥਰੀ ਅਤੇ ਵਾਤਾਵਰਣ-ਪੱਖੀ ਊਰਜਾ ਦੇ ਉਤਪਾਦਨ ਅਤੇ ਵਰਤੋਂ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਬਿਜਲੀ, ਨਵੀਂ ਤੇ ਨਵਿਆਉਣਯੋਗ ਊਰਜਾ ਬਾਰੇ ਕੇਂਦਰੀ ਮੰਤਰੀ ਆਰ.ਕੇ. ਸਿੰਘ ਨਾਲ ਨਵੀਂ ਦਿੱਲੀ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕਰਕੇ ਨਵਿਆਉਣਯੋਗ ਊਰਜਾ ਪ੍ਰਾਜੈਕਟਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ ਵਟਾਂਦਰਾ ਕੀਤਾ।

ਸੂਬੇ ਵਿੱਚ 100 ਮੈਗਾਵਾਟ ਦੇ ਬਾਇਓਮਾਸ ਪਾਵਰ ਪ੍ਰਾਜੈਕਟਾਂ ਨੂੰ ਸਥਾਪਤ ਕਰਨ ਲਈ ਵਾਏਬਿਲਟੀ ਗੈਪ ਫੰਡਿੰਗ (ਵੀ.ਜੀ.ਐਫ.) ਦੀ ਮੰਗ ਕਰਦਿਆਂ ਅਮਨ ਅਰੋੜਾ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਇਹ ਪ੍ਰਸਤਾਵਿਤ ਪ੍ਰਾਜੈਕਟ ਸਾਲਾਨਾ 10 ਲੱਖ ਟਨ ਝੋਨੇ ਦੀ ਪਰਾਲੀ ਦੀ ਖਪਤ ਕਰਨਗੇ। ਇਸ ਨਾਲ ਪਰਾਲੀ ਸਾੜਨ ਦੀ ਸਮੱਸਿਆ ਦਾ ਸਥਾਈ ਹੱਲ ਹੋਣ ਨਾਲ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਵਿੱਚ ਵੀ ਮਦਦ ਮਿਲੇਗੀ। ਉਨ੍ਹਾਂ ਨੇ ਆਰ.ਕੇ. ਸਿੰਘ ਨੂੰ ਇਨ੍ਹਾਂ 100 ਮੈਗਾਵਾਟ ਦੇ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ 5 ਕਰੋੜ ਰੁਪਏ ਪ੍ਰਤੀ ਮੈਗਾਵਾਟ ਵੀ.ਜੀ.ਐਫ. ਦੇਣ ਦੀ ਮੰਗ ‘ਤੇ ਵਿਚਾਰ ਕਰਨ ਦੀ ਬੇਨਤੀ ਕੀਤੀ।

ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਰਾਲੀ ਨੂੰ ਈਂਧਣ ਵਜੋਂ ਵਰਤਣ ਲਈ ਠੋਸ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਸਹਿਯੋਗ ਨਾਲ ਪੰਜਾਬ ਨਵਿਆਉਣਯੋਗ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਭੂਮਿਕਾ ਨਿਭਾਅ ਸਕਦਾ ਹੈ ਜੋ ਸਾਰਿਆਂ ਦੇ ਹਿੱਤ ਵਿੱਚ ਹੋਵੇਗਾ।

ਉਨ੍ਹਾਂ ਨੇ ਸੂਬੇ ਵਿੱਚ ਬਾਇਓਮਾਸ ਸੋਲਰ ਹਾਈਬ੍ਰਿਡ ਪਾਵਰ ਪ੍ਰਾਜੈਕਟ ਸਥਾਪਤ ਕਰਨ ਲਈ ਵਿੱਤੀ ਅਤੇ ਤਕਨੀਕੀ ਸਹਾਇਤਾ ਦੀ ਮੰਗ ਵੀ ਕੀਤੀ।

- Advertisement -

ਗਰੀਨ ਹਾਈਡ੍ਰੋਜਨ ਨਾਲ ਸਬੰਧਤ ਮੁੱਦਿਆਂ ਨੂੰ ਉਠਾਉਂਦਿਆਂ ਅਮਨ ਅਰੋੜਾ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਨੈਸ਼ਨਲ ਗਰੀਨ ਹਾਈਡ੍ਰੋਜਨ ਮਿਸ਼ਨ ਤਹਿਤ ਖੇਤੀ ਰਹਿੰਦ-ਖੂੰਹਦ ਆਧਾਰਤ ਗਰੀਨ ਹਾਈਡ੍ਰੋਜਨ ਪ੍ਰਾਜੈਕਟਾਂ ਨੂੰ ਸਥਾਪਤ ਕਰਨ ਲਈ ਤਕਨੀਕੀ ਅਤੇ ਵਿੱਤੀ ਸਹਾਇਤਾ ਪ੍ਰਦਾਨ ਕਰਨੀ ਚਾਹੀਦੀ ਹੈ।

ਕੇਂਦਰੀ ਮੰਤਰੀ ਆਰ.ਕੇ. ਸਿੰਘ ਨੇ ਪੰਜਾਬ ਦੇ ਕੈਬਨਿਟ ਮੰਤਰੀ ਨੂੰ ਭਰੋਸਾ ਦਿੱਤਾ ਕਿ ਮੰਤਰਾਲੇ ਵੱਲੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਵੀ.ਜੀ.ਐਫ. ਮੁਹੱਈਆ ਕਰਵਾਉਣ ਬਾਰੇ ਵਿਚਾਰ ਕਰਨ ਤੋਂ ਇਲਾਵਾ ਹੋਰ ਸਾਰੇ ਮੁੱਦਿਆਂ ਨੂੰ ਵੀ ਜਲਦੀ ਹੱਲ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨੈਸ਼ਨਲ ਗ੍ਰੀਨ ਹਾਈਡ੍ਰੋਜਨ ਮਿਸ਼ਨ ਤਹਿਤ ਪੰਜਾਬ ਨੂੰ ਪਸੰਦੀਦਾ ਰਾਜ ਵਜੋਂ ਵਿਚਾਰਿਆ ਜਾਵੇਗਾ।

Share this Article
Leave a comment