ਚੰਡੀਗੜ੍ਹ/ਸੁਨਾਮ ਊਧਮ ਸਿੰਘ ਵਾਲਾ: ਵਿਧਾਨ ਸਭਾ ਹਲਕਾ ਸੁਨਾਮ ਵਿੱਚ ਇੱਕ ਹੋਰ ਨਿਵੇਕਲੀ ਪਿਰਤ ਪਾਉਂਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਹਲਕੇ ਦੇ ਸਰਕਾਰੀ ਸਕੂਲਾਂ ਦੇ ਬੋਰਡ ਪ੍ਰੀਖਿਆਵਾਂ ਵਿੱਚ ਮੈਰਿਟ ਹਾਸਲ ਕਰਨ ਵਾਲੇ ਪੰਜ ਹੋਣਹਾਰ ਵਿਦਿਆਰਥੀਆਂ ਸਮੇਤ ਪੰਜਵੀਂ, ਅੱਠਵੀਂ, ਦਸਵੀਂ ਅਤੇ ਸੀਨੀਅਰ ਸੈਕੰਡਰੀ ਪੱਧਰ ਦੀਆਂ ਪ੍ਰੀਖਿਆ ਵਿੱਚ ਸਕੂਲ ਵਿੱਚੋਂ ਪਹਿਲੀ ਪੁਜੀਸ਼ਨ ਹਾਸਲ ਕਰਨ ਵਾਲੇ 300 ਦੇ ਕਰੀਬ ਵਿਦਿਆਰਥੀਆਂ ਦਾ ਸਨਮਾਨ ਕੀਤਾ।
ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਦੇ ਆਡੀਟੋਰੀਅਮ ਵਿਖੇ ਵਿਦਿਆਰਥੀਆਂ, ਅਧਿਆਪਕਾਂ ਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੇ ਆਪਣੀ ਮਿਹਨਤ, ਲਗਨ ਅਤੇ ਦ੍ਰਿੜਤਾ ਨਾਲ ਮੈਰਿਟ ਵਿੱਚ ਨਾਮ ਦਰਜ ਕਰਵਾ ਕੇ ਇੱਕ ਮਿਸਾਲ ਕਾਇਮ ਕੀਤੀ ਹੈ ਜਿਸ ਤੋਂ ਹੋਰਨਾਂ ਨੂੰ ਵੀ ਸੇਧ ਲੈਣ ਦੀ ਲੋੜ ਹੈ। ਜਿਕਰਯੋਗ ਹੈ ਕਿ ਪਹਿਲੀ ਵਾਰ ਏਨੀ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ ਹੈ।
ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਵਿਸ਼ਵ ਪੱਧਰ ਦੀਆਂ ਵਿਦਿਅਕ ਸੁਵਿਧਾਵਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਸਾਰਥਕ ਕਦਮ ਪੁੱਟ ਰਹੀ ਹੈ ਅਤੇ ਸਾਡੀ ਸਰਕਾਰ ਇਸ ਟੀਚੇ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ ਕਿ ਆਉਣ ਵਾਲੇ ਸਮੇਂ ਵਿੱਚ ਸਰਕਾਰੀ ਸਕੂਲ ਹਰ ਪੱਖੋਂ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਸਾਬਤ ਹੋਣ। ਉਨ੍ਹਾਂ ਕਿਹਾ ਕਿ ਇਹ ਤੱਥ ਸਾਹਮਣੇ ਆ ਚੁੱਕੇ ਹਨ ਕਿ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦੀ ਪ੍ਰਤੀਸ਼ਤਤਾ ਵਿੱਚ ਇਸ ਸਾਲ ਕਾਫ਼ੀ ਵਾਧਾ ਹੋਇਆ ਹੈ।
ਸਮਾਗਮ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੈਰਿਟ ਵਿੱਚ ਆਏ 5 ਹੋਣਹਾਰ ਵਿਦਿਆਰਥੀਆਂ ਨੂੰ 5100-5100 ਰੁਪਏ ਦੀ ਨਕਦ ਰਾਸ਼ੀ, ਯਾਦਗਾਰੀ ਚਿੰਨ੍ਹ ਤੇ ਮੈਰਿਟ ਸਰਟੀਫਿਕੇਟ ਪ੍ਰਦਾਨ ਕਰਨ ਦੇ ਨਾਲ ਨਾਲ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਪੰਜਵੀਂ, ਅੱਠਵੀਂ, ਦਸਵੀਂ ਤੇ ਬਾਰਵੀਂ ਜਮਾਤ ਵਿੱਚ ਪਹਿਲੀ ਪੁਜੀਸ਼ਨ ’ਤੇ ਆਏ ਵਿਦਿਆਰਥੀਆਂ ਨੂੰ ਹੌਂਸਲਾ ਅਫਜਾਈ ਵਜੋਂ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।