ਅਮਨ ਅਰੋੜਾ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ‘ਚ 19 ਜੂਨੀਅਰ ਇੰਜਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Global Team
2 Min Read

ਚੰਡੀਗੜ੍ਹ/ਐਸ.ਏ.ਐਸ. ਨਗਰ: ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਇੱਥੇ ਪੁੱਡਾ ਭਵਨ ਵਿਖੇ 19 ਜੂਨੀਅਰ ਇੰਜਨੀਅਰਾਂ (ਸਿਵਲ) ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ।

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਮੌਜੂਦਾ ਸਰਕਾਰ ਨੇ ਆਪਣੇ ਮਹਿਜ਼ 10 ਮਹੀਨਿਆਂ ਦੇ ਕਾਰਜਕਾਲ ਦੌਰਾਨ 26000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਨਵ-ਨਿਯੁਕਤ ਜੇ.ਈਜ਼. ਨੂੰ ਪੂਰੀ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਇਕ ਨੁਕਾਤੀ ਏਜੰਡਾ ਹੈ। ਉਨ੍ਹਾਂ ਸਾਰਿਆਂ ਨੂੰ ਰੌਸ਼ਨ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਸਰਕਾਰੀ ਕਰਮਚਾਰੀਆਂ ਦੀ ਭਲਾਈ ਲਈ ਲਏ ਗਏ ਅਹਿਮ ਫੈਸਲੇ ਦਾ ਜ਼ਿਕਰ ਕਰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਲਈ ਸਟੈਂਡਰਡ ਅਪਰੇਟਿੰਗ ਪ੍ਰੋਸੀਜ਼ਰ (ਐਸ.ਓ.ਪੀ.) ਤਿਆਰ ਕਰਨ ਵਾਸਤੇ ਮੁੱਖ ਸਕੱਤਰ ਦੀ ਅਗਵਾਈ ਵਿੱਚ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ ਕਿਉਂਕਿ ਮਾਨ ਸਰਕਾਰ ਕਰਮਚਾਰੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਸ ਮੌਕੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਕੁਮਾਰ ਸਿਨਹਾ ਅਤੇ ਮੁੱਖ ਪ੍ਰਸ਼ਾਸਕ ਪੁੱਡਾ ਅਪਨੀਤ ਰਿਆਤ ਵੀ ਮੌਜੂਦ ਸਨ।

Share This Article
Leave a Comment