ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੀਆਂ ਸਾਰੀਆਂ ਆਨਲਾਈਨ ਸੇਵਾਵਾਂ ਸਮਾਂਬੱਧ ਢੰਗ ਨਾਲ ਪ੍ਰਦਾਨ ਕਰਨ ਦੇ ਆਦੇਸ਼

Rajneet Kaur
3 Min Read

ਚੰਡੀਗੜ੍ਹ: ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ  ਅਮਨ ਅਰੋੜਾ ਨੇ ਕਿਹਾ ਕਿ ਵਿਭਾਗ ਦੇ ਕੰਮਕਾਜ ਵਿੱਚ ਹੋਰ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਉਣ ਦੇ ਨਾਲ-ਨਾਲ ਜਵਾਬਦੇਹੀ ਤੈਅ ਕਰਨ ਦੇ ਮਕਸਦ ਨਾਲ ਲੋਕਾਂ ਨੂੰ ਸਾਰੀਆਂ ਸੇਵਾਵਾਂ ਸਮਾਂਬੱਧ ਢੰਗ ਨਾਲ ਆਨਲਾਈਨ ਮੁਹੱਈਆ ਕਰਵਾਈਆਂ ਜਾਣਗੀਆਂ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੇ ਜਾਇਦਾਦ ਮਾਲਕਾਂ ਦੀ ਉਨ੍ਹਾਂ ਦੀ ਫਾਈਲ ਨਾਲ ਸਬੰਧਤ ਸਾਰੇ ਦਸਤਾਵੇਜ਼ਾਂ ਤੱਕ ਪਹੁੰਚ ਯਕੀਨੀ ਬਣਾਈ ਹੈ ਜਿਸ ਨਾਲ ਹੁਣ ਉਹ ਆਸਾਨੀ ਨਾਲ ਆਪਣੇ ਦਸਤਾਵੇਜ਼ ਸਬੰਧੀ ਵਿਭਾਗੀ ਕਾਰਵਾਈ ਨੂੰ ਵੇਖ ਸਕਣਗੇ। ਉਨ੍ਹਾਂ ਦੱਸਿਆ ਕਿ ਇਸ ਉਸਾਰੂ ਪ੍ਰਕਿਰਿਆ ਨਾਲ ਵਿਭਾਗ ਦੇ ਕੰਮਕਾਜ ਵਿੱਚ 100 ਫ਼ੀਸਦੀ ਪਾਰਦਰਸ਼ਤਾ ਆਈ ਹੈ ਅਤੇ ਲੋਕਾਂ ਨੂੰ ਹੁਣ ਫਾਈਲਾਂ ਤੱਕ ਪਹੁੰਚ ਲਈ ਆਰ.ਟੀ.ਆਈ. ਦਾ ਸਹਾਰਾ ਲੈਣ ਦੀ ਲੋੜ ਨਹੀਂ ਪਵੇਗੀ।

ਪੁੱਡਾ ਭਵਨ, ਐਸ.ਏ.ਐਸ. ਨਗਰ ਵਿਖੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਆਈ.ਟੀ. ਵਿੰਗ ਨਾਲ ਬੀਤੀ ਦੇਰ ਸ਼ਾਮ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਸਮਰੱਥ ਆਨਲਾਈਨ ਸਿਸਟਮ ਤਿਆਰ ਕਰਨ ਲਈ ਕਿਹਾ ਤਾਂ ਜੋ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਗੇੜੇ ਨਾ ਲਗਾਉਣੇ ਪੈਣ ਅਤੇ ਸਾਰੀਆਂ ਸੇਵਾਵਾਂ ਸਮਾਂਬੱਧ ਢੰਗ ਨਾਲ ਆਨਲਾਈਨ ਪ੍ਰਦਾਨ ਕੀਤੀਆਂ ਜਾ ਸਕਣ।

ਅਮਨ ਅਰੋੜਾ ਨੇ ਕਿਹਾ ਕਿ ਉਹ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸਾਰੀਆਂ ਨਾਗਰਿਕ ਸੇਵਾਵਾਂ ਦੇ ਬਕਾਇਆ ਮਾਮਲਿਆਂ ਦੀ ਖ਼ੁਦ ਨਿਗਰਾਨੀ ਕਰਨਗੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੀ ਹੈ ਅਤੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਇਸ ਦਿਸ਼ਾ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਂਦਿਆਂ ਅੱਗੇ ਵਧ ਰਿਹਾ ਹੈ।

ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ ਸਾਰੀਆਂ ਸ਼ਹਿਰੀ ਵਿਕਾਸ ਅਥਾਰਟੀਆਂ ਵੱਲੋਂ ਨਾਗਰਿਕਾਂ ਨੂੰ ਪੁੱਡਾ ਦੀ ਅਧਿਕਾਰਤ ਵੈੱਬਸਾਈਟ https://www.puda.gov.in/ ਉਤੇ 25 ਦੇ ਕਰੀਬ ਸੇਵਾਵਾਂ ਆਨਲਾਈਨ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ 25 ਸੇਵਾਵਾਂ ਸਬੰਧੀ ਸਾਰੀਆਂ ਅਰਜ਼ੀਆਂ ’ਤੇ ਆਨਲਾਈਨ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਅਰਜ਼ੀਆਂ ਦੀ ਰੀਅਲ ਟਾਈਮ ਟਰੈਕਿੰਗ, ਡਿਜੀਟਲ ਦਸਤਖ਼ਤ ਵਾਲੇ ਸਰਟੀਫਿਕੇਟ ਜਾਰੀ ਕਰਨ ਅਤੇ ਐਸ.ਐਮ.ਐਸ. ਅਲਰਟ ਦੁਆਰਾ ਜਾਣਕਾਰੀ ਦੇਣ ਵਰਗੀਆਂ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਸ੍ਰੀ ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇੱਕ ਅਜਿਹਾ ਸਿਸਟਮ ਬਣਾਉਣ ਜਿਸ ਨਾਲ ਲੋਕ ਬਿਲਡਿੰਗ ਪਲਾਨ ਦੀ ਮਨਜ਼ੂਰੀ ਸਬੰਧੀ ਸੇਵਾ ਦਾ ਵੀ ਆਨਲਾਈਨ ਲਾਭ ਉਠਾ ਸਕਣ। ਅਧਿਕਾਰੀਆਂ ਨੇ ਮੰਤਰੀ ਨੂੰ ਭਰੋਸਾ ਦਿੱਤਾ ਕਿ ਬਿਲਡਿੰਗ ਪਲਾਨ ਦੀ ਆਨਲਾਈਨ ਮਨਜ਼ੂਰੀ ਸਮੇਤ ਬਾਕੀ ਸੇਵਾਵਾਂ ਵੀ ਜਲਦੀ ਆਨਲਾਈਨ ਸ਼ੁਰੂ ਕਰ ਦਿੱਤੀਆਂ ਜਾਣਗੀਆਂ।

 

Share This Article
Leave a Comment