ਪੰਜਾਬ ‘ਚ ਗੁੰਡਿਆਂ ਨੂੰ ਕੈਪਟਨ ਨੇ ਦਿੱਤੀ ਆਜ਼ਾਦੀ: ਬੀਜੇਪੀ 

TeamGlobalPunjab
2 Min Read

ਜਲੰਧਰ: ਭਾਰਤੀ ਜਨਤਾ ਪਾਰਟੀ ਦੇ ਜਨਰਲ ਸੱਕਤਰ ਡਾ. ਸੁਭਾਸ਼ ਸ਼ਰਮਾ ਨੇ ਪੰਜਾਬ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਵਿੱਚ ਅਮਨ-ਕਾਨੂੰਨ ਪੂਰੀ ਤਰ੍ਹਾਂ ਤਹਿਸ-ਨਹਿਸ ਹੋ ਗਿਆ ਹੈ। ਇੱਥੋਂ ਤੱਕ ਕਿ ਪੁਲਿਸ ਅਧਿਕਾਰੀ ਜੋ ਆਮ ਲੋਕਾਂ ਦੀ ਰਾਖੀ ਕਰਨਾ ਚਾਹੁੰਦੇ ਹਨ, ਉਹ ਖੁਦ ਵੀ ਸੁਰੱਖਿਅਤ ਨਹੀਂ ਹਨ।

ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਡੀਐਸਪੀ ਦੀ ਕਾਰ ਖੋਹਣ ਅਤੇ ਤਰਨਤਾਰਨ ਵਿੱਚ ਪਿਛਲੇ 24 ਘੰਟਿਆਂ ਵਿੱਚ ਇੱਕ ਪੁਲਿਸ ਪਾਰਟੀ ‘ਤੇ ਫਾਇਰਿੰਗ ਦੀਆਂ ਘਟਨਾਵਾਂ ਨੇ ਨਾ ਸਿਰਫ ਸੂਬੇ ਨੂੰ ਹਿਲਾ ਦਿੱਤਾ ਹੈ, ਬਲਕਿ ਸੂਬੇ ਦੇ ਲੋਕਾਂ ਨੂੰ ਹੋਰ ਜਿਆਦਾ ਅਸੁਰੱਖਿਅਤ ਮਹਿਸੂਸ ਕਰਵਾਇਆ ਹੈ। ਗੁੰਡੇ ਕ਼ਾਨੂਨ ਨੂੰ ਆਪਣੀ ਮਰਜੀ ਨਾਲ ਕਾਨੂੰਨ ਆਪਣੇ ਹੱਥ ‘ਚ ਲੈ ਸਕਦੇ ਹਨ।

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਦੋ ਪੁਲਿਸ ਅਧਿਕਾਰੀਆਂ ‘ਤੇ ਡਿਯੂਟੀ ਦੌਰਾਨ ਜਲਾਲਾਬਾਦ (ਮੋਗਾ) ਵਿਖੇ ਜਾਣਲੇਵਾ ਹਮਲਾ ਕੀਤਾ ਗਿਆ ਸੀ, ਜੋ ਦਰਸਾਉਂਦਾ ਹੈ ਕਿ ਗੈਰ ਕਾਨੂੰਨੀ ਤੱਤਾਂ ਨੂੰ ਕਾਨੂੰਨ ਵਿਵਸਥਾ ਬਣਾਈ ਰੱਖਣ ਵਾਲੀਆਂ ਏਜੰਸੀਆਂ ਤੋਂ ਕੋਈ ਡਰ ਨਹੀਂ ਹੈ। ਸ਼ਰਮਾ ਨੇ ਕਿਹਾ ਕਿ ਸੂਬੇ ਵਿਚ ਪੁਲਿਸ ਦਾ ਕੋਈ ਡਰ ਨਹੀਂ ਹੈ। ਜਿਸ ਤਰ੍ਹਾਂ ਪੰਜਾਬ ਵਿੱਚ ਨਾਜਾਇਜ਼ ਸ਼ਰਾਬ ਦੀਆਂ ਫੈਕਟਰੀਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨੱਕ ਹੇਠ ਕੰਮ ਕਰ ਰਹੀਆਂ ਹਨ, ਇੰਜ ਜਾਪਦਾ ਹੈ ਕਿ ਪੰਜਾਬ ਵਿੱਚ ਮਾਫੀਆ ਮੁੱਖ ਮੰਤਰੀ ਦੀ ਸੁਰੱਖਿਆ ਦਾ ਅਨੰਦ ਲੈ ਰਹੇ ਹਨ। ਸ਼ੰਭੂ ਖੇਤਰ ਵਿਚ ਇਕ ਸ਼ਰਾਬ ਫੈਕਟਰੀ ਲੱਭਣ ਤੋਂ ਬਾਅਦ, ਰਾਜਪੁਰਾ ਵਿਚ ਇਕ ਹੋਰ ਨਾਜਾਇਜ਼ ਸ਼ਰਾਬ ਫੈਕਟਰੀ ਦਾ ਮਿਲਣਾ ਇਕ ਵੱਡੇ ਖਤਰੇ ਦੀ ਘੰਟੀ ਹੈ। ਦੋਵੇਂ ਫੈਕਟਰੀਆਂ ਮੁੱਖ ਮੰਤਰੀ ਦੇ ਗ੍ਰਹਿ ਜ਼ਿਲ੍ਹਾ ਪਟਿਆਲਾ ਵਿੱਚ ਮਿਲੀਆਂ ਹਨ। ਸ਼ਰਮਾ ਨੇ ਕਿਹਾ ਕਿ ਕੀ ਇਸ ਦਾ ਮਤਲਬ ਇਹ ਹੈ ਕਿ ਕੈਪਟਨ ਆਪਣੇ ਜ਼ਿਲ੍ਹੇ ਵਿਚ ਵੀ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਨਿਯੰਤਰਿਤ ਨਹੀਂ ਕਰ ਸਕਦੇ?

Share This Article
Leave a Comment