ਕੈਪਟਨ ਵੱਲੋਂ ਕਿਸਾਨਾਂ ਖਿਲਾਫ ਦਰਜ ਕੇਸ ਵਾਪਸ ਲੈਣ ਦਾ ਐਲਾਨ, ਧਾਰਾ 144 ਦੀ ਉਲੰਘਣਾ ਦਾ ਕੋਈ ਨਵਾਂ ਕੇਸ ਦਰਜ ਨਹੀਂ ਹੋਵੇਗਾ

TeamGlobalPunjab
2 Min Read

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਬਿੱਲਾਂ ਦੇ ਵਿਰੋਧ ਵਿੱਚ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਵਿੱਚ ਟ੍ਰੈਫਿਕ ਜਾਮ ਨਾ ਕੀਤਾ ਜਾਵੇ ਅਤੇ ਨਾ ਹੀ ਧਾਰਾ 144 ਦੀ ਉਲੰਘਣਾ ਕੀਤੀ ਜਾਵੇ। ਮੁੱਖ ਮੰਤਰੀ ਨੇ ਇਸ ਦੇ ਨਾਲ ਹੀ ਇਹ ਸਪੱਸ਼ਟ ਕੀਤਾ ਕਿ ਧਾਰਾ 144 ਦੀ ਉਲੰਘਣਾ ਦੇ ਮਾਮਲੇ ਵਿੱਚ ਕੋਈ ਕੇਸ ਦਰਜ ਨਹੀਂ ਕੀਤਾ ਜਾਵੇਗਾ ਕਿਉਂਕਿ ਉਹ ਆਪਣੀ ਜ਼ਿੰਦਗੀ ਅਤੇ ਰੋਜ਼ੀ ਰੋਟੀ ਲਈ ਸੰਘਰਸ਼ ਕਰ ਰਹੇ ਹਨ।

ਪੰਜਾਬ ਕਾਂਗਰਸ ਵੱਲੋਂ ਖੇਤੀਬਾੜੀ ਵਿਰੋਧੀ ਬਿੱਲਾਂ ਖਿਲਾਫ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਰਾਜ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿੰਨਾਂ ਪ੍ਰਦਰਸ਼ਨਕਾਰੀ ਕਿਸਾਨਾਂ ਖਿਲਾਫ ਧਾਰਾ 144 ਦੀ ਉਲੰਘਣਾ ਦੇ ਪਹਿਲਾ ਹੀ ਕੇਸ ਦਰਜ ਹੋ ਚੁੱਕੇ ਹਨ, ਉਹ ਵਾਪਸ ਲਏ ਜਾਣਗੇ। ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਕਿਸਾਨ ਇਸ ਲਈ ਕਾਨੂੰਨ ਦੀ ਉਲੰਘਣਾ ਕਰ ਰਹੇ ਹਨ ਕਿਉਂਕਿ ਇਹ ਆਰਡੀਨੈਂਸ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਰਬਾਦ ਕਰ ਦੇਣਗੇ।

ਮੁੱਖ ਮੰਤਰੀ ਨੇ ਇਹ ਗੱਲ ਜ਼ੋਰ ਦੇ ਕੇ ਕਹੀ ਕਿ ਸੂਬਾ ਕਾਂਗਰਸ ਅਤੇ ਸੂਬਾ ਸਰਕਾਰ ਕਿਸਾਨਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੇ ਕਾਨੂੰਨ ਪੰਜਾਬ ਅਤੇ ਖੇਤੀਬਾੜੀ ਨੂੰ ਤਬਾਹ ਕਰ ਦੇਣਗੇ ਜੋ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ। ਉਨ੍ਹਾਂ ਕਿਹਾ ਕਿ ਇਹ ਆਰਡੀਨੈਂਸ ਘੱਟੋ-ਘੱਟ ਸਮਰਥਨ ਮੁੱਲ ਦੇ ਖਾਤਮੇ ਦਾ ਰਾਹ ਪੱਧਰਾ ਕਰਨਗੇ ਜੋ ਪੰਜਾਬ ਅਤੇ ਸਮੁੱਚੇ ਦੇਸ਼ ਲਈ ਬਹੁਤ ਘਾਤਕ ਸਿੱਧ ਹੋਣਗੇ।

ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਰੋਸ ਪ੍ਰਦਰਸ਼ਨਾਂ ਨੂੰ ਦਿੱਲੀ ਕੇਂਦਰ ਸਰਕਾਰ ਦੀਆਂ ਬਰੂਹਾਂ ‘ਤੇ ਲੈ ਕੇ ਜਾਣ ਅਤੇ ਕਾਂਗਰਸ ਪਾਰਟੀ ਉਨ੍ਹਾਂ ਨੂੰ ਵਿਸ਼ਵਾਸ ਦਿਵਾਉਂਦੀ ਹੈ ਕਿ ਇਸ ਸੰਘਰਸ਼ ਵਿੱਚ ਉਹ ਉਨ੍ਹਾਂ ਦੇ ਨਾਲ ਹਨ।

- Advertisement -

Share this Article
Leave a comment