ਅੰਬਾਲਾ: ਅੰਬਾਲਾ ਵਿੱਚ ਗੁਰਸਿਮਰਨ ਮੰਡ ਨਾਲ ਹੋਈ ਕੁੱਟਮਾਰ ਦੇ ਮਾਮਲੇ ਨੂੰ ਲੈ ਕੇ ਐਤਵਾਰ ਨੂੰ ਸਿੱਖ ਸੰਗਤ ਵੱਲੋਂ ਪੰਜਾਬੋਖਰਾ ਸਾਹਿਬ ਥਾਣੇ ਦਾ ਘਿਰਾਓ ਕੀਤਾ ਗਿਆ। ਪੁਲਿਸ ਵੱਲੋਂ ਮਾਮਲੇ ਵਿੱਚ ਦੋ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਏ ਜਾਣ ਦਾ ਸਿੱਖ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।
ਗੁਰਦੁਆਰਾ ਸਾਹਿਬ ’ਚ ਮੀਟਿੰਗ ਤੋਂ ਬਾਅਦ ਧਰਨਾ
ਘਟਨਾ ਨੂੰ ਲੈ ਕੇ ਪਹਿਲਾਂ ਪੰਜੋਖਰਾ ਸਾਹਿਬ ਗੁਰਦੁਆਰਾ ਸਾਹਿਬ ਵਿੱਚ ਮੀਟਿੰਗ ਕੀਤੀ ਗਈ। ਇਸ ਤੋਂ ਬਾਅਦ ਸਿੱਖ ਭਾਈਚਾਰੇ ਦੇ ਲੋਕ ਦੋ ਨੌਜਵਾਨਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਥਾਣੇ ਦੇ ਬਾਹਰ ਧਰਨੇ ’ਤੇ ਬੈਠ ਗਏ। ਭਾਰਤੀ ਕਿਸਾਨ ਯੂਨੀਅਨ ਗੁਰਨਾਮ ਸਿੰਘ ਚਡੂਨੀ ਅਤੇ ਸ਼ਹੀਦ ਭਗਤ ਸਿੰਘ ਕਿਸਾਨ ਯੂਨੀਅਨ ਵੱਲੋਂ ਵੀ ਸਿੱਖ ਜਥੇਬੰਦੀਆਂ ਨੂੰ ਸਮਰਥਨ ਦਿੱਤਾ ਗਿਆ।
ਪੁਲਿਸ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿੱਚ ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ , ਹਰਿਆਣਾ ਸਿੱਖ ਪ੍ਰਬੰਧਕ ਕਮੇਟੀ ਦੇ ਵਾਈਸ ਚੇਅਰਮੈਨ ਗੁਰਵੀਰ ਸਿੰਘ ਅਤੇ ਹੋਰ ਮੈਂਬਰ ਮੌਜੂਦ ਰਹੇ।
ਦੋ ਨੌਜਵਾਨਾਂ ’ਤੇ ਧਾਰਾ 307 ਤਹਿਤ ਕੇਸ
ਹਰਿਆਣਾ ਸਿੱਖ ਪ੍ਰਬੰਧਕ ਕਮੇਟੀ ਦੇ ਵਾਈਸ ਚੇਅਰਮੈਨ ਗੁਰਵੀਰ ਸਿੰਘ ਨੇ ਦੱਸਿਆ ਕਿ ਪਿਛਲੇ ਦਿਨਾਂ ਦੀ ਘਟਨਾ ਤੋਂ ਬਾਅਦ ਪੁਲਿਸ ਨੇ ਦੋ ਨੌਜਵਾਨਾਂ ਖ਼ਿਲਾਫ਼ ਧਾਰਾ 307 ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਸੀ। ਸਿੱਖ ਜਥੇਬੰਦੀਆਂ ਵੱਲੋਂ ਹੁਣ ਇਨ੍ਹਾਂ ਨੌਜਵਾਨਾਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ।
ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਨੇ ਕਿਹਾ ਕਿ ਪੁਲਿਸ ਨੂੰ ਨੌਜਵਾਨਾਂ ਦੀ ਰਿਹਾਈ ਲਈ ਡੇਢ ਘੰਟੇ ਦਾ ਸਮਾਂ ਦਿੱਤਾ ਗਿਆ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਨੌਜਵਾਨਾਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਅਗਲੀ ਰਣਨੀਤੀ ਬਾਰੇ ਫੈਸਲਾ ਲਿਆ ਜਾਵੇਗਾ।
ਚਡੂਨੀ ਨੇ ਕਿਹਾ ਕਿ ਹਰਿਆਣਾ ਸਰਕਾਰ ਇਸ ਮਾਮਲੇ ਨੂੰ ਹਲਕੇ ਵਿੱਚ ਨਾ ਲਵੇ। ਉਨ੍ਹਾਂ ਦੋਸ਼ ਲਾਇਆ ਕਿ ਗੁਰਸਿਮਰਨ ਮੰਡ ਦੀ ਸ਼ਿਕਾਇਤ ’ਤੇ ਸਿੱਖ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ ਗਿਆ, ਪਰ ਉਨ੍ਹਾਂ ਲੋਕਾਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਗਈ ਜਿਨ੍ਹਾਂ ’ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਹੈ।
ਕਾਰਵਾਈ ਨੂੰ ਲੈ ਕੇ ਚਡੂਨੀ ਨੇ ਚੁੱਕੇ ਸਵਾਲ
ਚਡੂਨੀ ਨੇ ਕਿਹਾ ਕਿ ਜੇਕਰ ਕੋਈ ਕਿਸੇ ਦੇ ਘਰ ਜਾਂ ਧਾਰਮਿਕ ਸਥਾਨ ’ਤੇ ਆ ਕੇ ਹਮਲਾ ਕਰਦਾ ਹੈ ਤਾਂ ਕਾਨੂੰਨ ਮੁਤਾਬਕ ਉਸ ਖ਼ਿਲਾਫ਼ ਵੀ ਮਾਮਲਾ ਦਰਜ ਹੋਣਾ ਚਾਹੀਦਾ ਹੈ। ਉਨ੍ਹਾਂ ਪੁਲਿਸ ਦੀ ਕਾਰਵਾਈ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਮਾਮਲੇ ਵਿੱਚ ਦੋਵਾਂ ਪੱਖਾਂ ’ਤੇ ਬਰਾਬਰ ਕਾਰਵਾਈ ਹੋਣੀ ਚਾਹੀਦੀ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਅਤੇ ਪ੍ਰਸ਼ਾਸਨ ਜੇਕਰ ਮਾਮਲੇ ਨੂੰ ਇੱਥੇ ਹੀ ਖਤਮ ਕਰ ਦਿੰਦੇ ਹਨ ਤਾਂ ਠੀਕ ਰਹੇਗਾ, ਨਹੀਂ ਤਾਂ ਅੰਦੋਲਨ ਨੂੰ ਅੱਗੇ ਵਧਾਉਣ ਬਾਰੇ ਫੈਸਲਾ ਲਿਆ ਜਾਵੇਗਾ।

