ਵਾਸ਼ਿੰਗਟਨ: ਡੋਨਾਲਡ ਟਰੰਪ ਨੇ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕ ਲਈ ਹੈ। ਡੋਨਾਲਡ ਟਰੰਪ ਦੇ ਸਹੁੰ ਚੁੱਕ ਸਮਾਗਮ ‘ਚ ਕਈ ਸਾਬਕਾ ਰਾਸ਼ਟਰਪਤੀ ਅਤੇ ਸੁਪਰੀਮ ਕੋਰਟ ਦੇ ਜੱਜ, ਟਰੰਪ ਦੀ ਪੂਰੀ ਕੈਬਨਿਟ, ਉਨ੍ਹਾਂ ਦੇ ਪਰਿਵਾਰ ਦੇ ਸਾਰੇ ਮੈਂਬਰ ਦੇ ਨਾਲ-ਨਾਲ ਵੱਖ-ਵੱਖ ਦੇਸ਼ਾਂ ਦੇ ਪ੍ਰਮੁੱਖ ਮੁਖੀ ਅਤੇ ਕਈ ਤਕਨੀਕੀ ਕੰਪਨੀਆਂ ਦੇ ਨੇਤਾ ਮੌਜੂਦ ਸਨ। ਇਸ ਤੋਂ ਪਹਿਲਾਂ ਸਾਬਕਾ ਰਾਸ਼ਟਰਪਤੀ ਜੋਅ ਬਾਇਡਨ ਅਤੇ ਜਿਲ ਬਾਇਡਨ ਨੇ ਡੋਨਾਲਡ ਟਰੰਪ ਅਤੇ ਮੇਲਾਨੀਆ ਟਰੰਪ ਦਾ ਵ੍ਹਾਈਟ ਹਾਊਸ ਵਿਚ ਚਾਹ ਲਈ ਸਵਾਗਤ ਕੀਤਾ ਸੀ। ਡੋਨਾਲਡ ਟਰੰਪ ਨੇ ਅਮਰੀਕੀ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਤੋਂ ਕੁਝ ਘੰਟਿਆਂ ਬਾਅਦ ਹੀ ਕਈ ਕਾਰਜਕਾਰੀ ਹੁਕਮਾਂ ‘ਤੇ ਦਸਤਖਤ ਕੀਤੇ ਹਨ। ਉਨ੍ਹਾਂ ਨੇ ਜੋਅ ਬਾਇਡਨ ਪ੍ਰਸ਼ਾਸਨ ਦੇ 78 ਫੈਸਲਿਆਂ ਨੂੰ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅਮਰੀਕਾ ਨੂੰ ਪੈਰਿਸ ਜਲਵਾਯੂ ਸਮਝੌਤੇ ਤੋਂ ਬਾਹਰ ਹੋਣ ਦਾ ਐਲਾਨ ਕੀਤਾ ਗਿਆ। ਫੌਜੀ ਅਤੇ ਕੁਝ ਹੋਰ ਜ਼ਰੂਰੀ ਖੇਤਰਾਂ ਨੂੰ ਛੱਡ ਕੇ ਸਾਰੀਆਂ ਸੰਘੀ ਭਰਤੀਆਂ ਨੂੰ ਵੀ ਰੋਕ ਦਿੱਤਾ ਹੈ। ਇੰਨਾ ਹੀ ਨਹੀਂ ਟਰੰਪ ਨੇ ਅਮਰੀਕਾ-ਮੈਕਸੀਕੋ ਬਾਰਡਰ ‘ਤੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ਨੂੰ ਰਾਸ਼ਟਰੀ ਐਮਰਜੈਂਸੀ ਕਰਾਰ ਦਿੱਤਾ ਹੈ। ਉਨ੍ਹਾਂ ਨੇ ਅਮਰੀਕਾ ਵਿੱਚ ਵਿਦੇਸ਼ੀ ਗੈਂਗ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਉਣ ਲਈ 1798 ਦੇ ਏਲੀਅਨ ਐਨੀਮੀਜ਼ ਐਕਟ ਨੂੰ ਲਾਗੂ ਕਰਨ ਦੀ ਯੋਜਨਾ ਦਾ ਵੀ ਐਲਾਨ ਕੀਤਾ ਹੈ। ਵਿਦੇਸ਼ ਨੀਤੀ ‘ਤੇ ਬੋਲਦੇ ਹੋਏ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਵਿਦੇਸ਼ ਨੀਤੀ ‘ਤੇ ਮੇਰੀ ਤਰਜੀਹ ਅਮਰੀਕਾ ਨੂੰ ਸੁਰੱਖਿਅਤ ਰੱਖਣਾ ਹੋਵੇਗੀ।
ਰਾਸ਼ਟਰਪਤੀ ਬਣਦੇ ਹੀ ਟਰੰਪ ਨੇ 6 ਜਨਵਰੀ ਦੀ ਹਿੰਸਾ ਵਿੱਚ ਦੋਸ਼ੀ ਠਹਿਰਾਏ ਗਏ ਆਪਣੇ ਸਮਰਥਕਾਂ ਨੂੰ ਮੁਆਫ਼ ਕਰ ਦਿੱਤਾ ਹੈ। ਟਰੰਪ ਨੇ ਵਾਅਦਾ ਕੀਤਾ ਸੀ ਕਿ 6 ਜਨਵਰੀ 2021 ਦੀ ਹਿੰਸਾ ਦੇ ਦੋਸ਼ੀਆਂ ਨੂੰ ਮੁਆਫ਼ ਕਰ ਦਿੱਤਾ ਜਾਵੇਗਾ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੈਪੀਟਲ ਵਨ ਏਰੀਨਾ ‘ਚ ਕਿਹਾ ਕਿ ਮੈਂ ਅਨੁਚਿਤ ਇਕਪਾਸੜ ਪੈਰਿਸ ਜਲਵਾਯੂ ਸਮਝੌਤੇ ਤੋਂ ਤੁਰੰਤ ਪਿੱਛੇ ਹਟ ਰਿਹਾ ਹਾਂ। ਅਮਰੀਕਾ ਆਪਣੇ ਉਦਯੋਗਾਂ ਨੂੰ ਨੁਕਸਾਨ ਨਹੀਂ ਹੋਣ ਦੇਵੇਗਾ ਜਦੋਂ ਕਿ ਚੀਨ ਪ੍ਰਦੂਸ਼ਣ ਜਾਰੀ ਰੱਖਦਾ ਹੈ। ਫਿਰ ਉਨ੍ਹਾਂ ਨੇ ਪੈਰਿਸ ਜਲਵਾਯੂ ਸਮਝੌਤੇ ਤੋਂ ਪਿੱਛੇ ਹਟਣ ਲਈ ਇੱਕ ਕਾਰਜਕਾਰੀ ਆਦੇਸ਼ ‘ਤੇ ਦਸਤਖਤ ਕੀਤੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।