ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਰਾਜਧਾਨੀ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਹੈ ਕਿ ਹਰ ਸਮੇਂ ਰਾਜਨੀਤੀ ਨਹੀਂ ਕੀਤੀ ਜਾ ਸਕਦੀ। ਪਰਾਲੀ ਸਾੜਨ ‘ਤੇ ਪਾਬੰਦੀ ਲਾਉਣੀ ਪਵੇਗੀ।
ਸੁਪਰੀਮ ਕੋਰਟ ਨੇ ਕਿਹਾ ਕਿ ਇਹ ਸਿਆਸੀ ਜੰਗ ਦਾ ਮੈਦਾਨ ਨਹੀਂ ਹੈ। ਸਿਆਸੀ ਦੋਸ਼ਾਂ ਦੀ ਖੇਡ ਨੂੰ ਬੰਦ ਕਰੋ ਅਤੇ ਤੁਸੀਂ ਇਸਨੂੰ ਦੂਜਿਆਂ ‘ਤੇ ਨਹੀਂ ਥੋਪ ਸਕਦੇ ਹੋ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ, “ਅਸੀਂ ਚਾਹੁੰਦੇ ਹਾਂ ਕਿ ਇਹ (ਪਰਾਲੀ ਸਾੜਨਾ) ਬੰਦ ਹੋਵੇ। ਅਸੀਂ ਨਹੀਂ ਜਾਣਦੇ ਕਿ ਤੁਸੀਂ ਇਹ ਕਿਵੇਂ ਕਰੋਗੇ, ਇਹ ਤੁਹਾਡਾ ਕੰਮ ਹੈ ਪਰ ਇਸਨੂੰ ਰੋਕਿਆ ਜਾਣਾ ਚਾਹੀਦਾ ਹੈ। ਕੁਝ ਤੁਰੰਤ ਕੀਤਾ ਜਾਣਾ ਚਾਹੀਦਾ ਹੈ। ਤੁਸੀਂ ਪਰਾਲੀ ਸਾੜਨਾ ਕਿਉਂ ਨਹੀਂ ਰੋਕ ਸਕਦੇ? ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਸਵਾਲ ਕਰਦਿਆਂ ਕਿਹਾ ਕਿ ਤੁਸੀਂ ਆਪਣੇ ਪੱਧਰ ‘ਤੇ ਕੀ ਕੀਤਾ? ਜ਼ਮੀਨੀ ਪੱਧਰ ‘ਤੇ ਜੋ ਵੀ ਕੀਤਾ ਗਿਆ ਹੈ, ਉਸ ਦੀ ਜਾਣਕਾਰੀ ਦਿੱਤੀ ਜਾਵੇ।
ਉੱਥੇ ਹੀ ਪੰਜਾਬ ਸਰਕਾਰ ਨੇ ਕਿਹਾ ਹੈ ਕਿ ਸੂਬਾ ਸਰਕਾਰ ਪਰਾਲੀ ਸਾੜਨ ਨੂੰ ਰੋਕਣ ਲਈ ਗੰਭੀਰ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਨੀਤੀਗਤ ਮੁੱਦਿਆਂ ‘ਚ ਦਖਲ ਨਹੀਂ ਦਿੰਦੇ ਪਰ ਜੇਕਰ ਲੋਕ ਮਰ ਰਹੇ ਹਨ ਤਾਂ ਅਸੀਂ ਦਖਲ ਦੇਵਾਂਗੇ। ਦਿੱਲੀ, ਪੰਜਾਬ, ਹਰਿਆਣਾ, ਯੂਪੀ ਅਤੇ ਰਾਜਸਥਾਨ ਨੂੰ ਤੁਰੰਤ ਪਰਾਲੀ ਸਾੜਨੀ ਬੰਦ ਕਰ ਦੇਣੀ ਚਾਹੀਦੀ ਹੈ। ਮੁੱਖ ਸਕੱਤਰ ਅਤੇ ਡੀਜੀਪੀ ਇਸ ਨੂੰ ਯਕੀਨੀ ਬਣਾਉਣ। ਸੁਪਰੀਮ ਕੋਰਟ ਨੇ ਪਰਾਲੀ ਸਾੜਨ ਨੂੰ ਰੋਕਣ ਲਈ ਭਲਕੇ ਯੂਪੀ, ਰਾਜਸਥਾਨ, ਹਰਿਆਣਾ, ਪੰਜਾਬ, ਦਿੱਲੀ ਅਤੇ ਕੇਂਦਰ ਸਮੇਤ ਰਾਜਾਂ ਦੀ ਮੀਟਿੰਗ ਬੁਲਾਉਣ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਕਿਹਾ ਕਿ ਕੈਬਨਿਟ ਸਕੱਤਰ ਦੀ ਅਗਵਾਈ ‘ਚ ਬੁੱਧਵਾਰ ਨੂੰ ਸੂਬਿਆਂ ਨਾਲ ਬੈਠਕ ਹੋਣੀ ਚਾਹੀਦੀ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਸ਼ੁੱਕਰਵਾਰ ਨੂੰ ਹੋਵੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।