ਨਵੀਂ ਦਿੱਲੀ: 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਵੱਡਾ ਕਦਮ ਚੁੱਕਿਆ ਗਿਆ ਹੈ। ਮੰਤਰਾਲੇ ਨੇ ਪਾਕਿਸਤਾਨ ਨਾਲ ਸਬੰਧਤ ਸਾਰੇ 17 ਤਰ੍ਹਾਂ ਦੇ ਵੀਜ਼ਿਆਂ ਨੂੰ ਰੱਦ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ।
ਇਸ ਦੇ ਤਹਿਤ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੇਸ਼ ਦੇ ਸਾਰੇ ਮੁੱਖ ਮੰਤਰੀਆਂ ਨਾਲ ਸੰਪਰਕ ਕੀਤਾ ਹੈ। ਉਨ੍ਹਾਂ ਨੇ ਹੁਕਮ ਦਿੱਤਾ ਹੈ ਕਿ ਹਰ ਸੂਬੇ ਵਿੱਚ ਰਹਿ ਰਹੇ ਪਾਕਿਸਤਾਨੀ ਨਾਗਰਿਕਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਤੁਰੰਤ ਵਾਪਸ ਭੇਜਿਆ ਜਾਵੇ। ਇਹ ਫੈਸਲਾ ਉਨ੍ਹਾਂ ਨੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਲਿਆ।
ਹਮਲੇ ਤੋਂ ਬਾਅਦ ਭਾਰਤ ਸਰਕਾਰ ਲਗਾਤਾਰ ਸਖ਼ਤ ਕਦਮ ਚੁੱਕ ਰਹੀ ਹੈ। ਸਭ ਤੋਂ ਪਹਿਲਾਂ ਭਾਰਤ ਨੇ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰ ਦਿੱਤਾ ਸੀ ਅਤੇ ਪਾਕਿਸਤਾਨ ਨੂੰ ਇਸ ਬਾਰੇ ਰਸਮੀ ਤੌਰ ‘ਤੇ ਜਾਣਕਾਰੀ ਵੀ ਦਿੱਤੀ ਗਈ ਸੀ। ਇਹ ਸੰਧੀ 1960 ਤੋਂ ਲਾਗੂ ਸੀ ਅਤੇ ਸਿੰਧੂ ਨਦੀ ਪਾਕਿਸਤਾਨ ਲਈ ਜੀਵਨ ਰੇਖਾ ਮੰਨੀ ਜਾਂਦੀ ਹੈ, ਜਿਸ ‘ਤੇ 21 ਕਰੋੜ ਤੋਂ ਵੱਧ ਲੋਕ ਨਿਰਭਰ ਹਨ।
ਇਸ ਤੋਂ ਇਲਾਵਾ, ਭਾਰਤ ਨੇ ਅਟਾਰੀ ਸਰਹੱਦ ਨੂੰ ਵੀ ਬੰਦ ਕਰਨ ਦਾ ਫੈਸਲਾ ਕੀਤਾ ਹੈ। ਪਾਕਿਸਤਾਨੀ ਨਾਗਰਿਕਾਂ ਨੂੰ 1 ਮਈ ਤੱਕ ਦੇਸ਼ ਛੱਡਣ ਲਈ ਕਿਹਾ ਗਿਆ ਹੈ। ਪਾਕਿਸਤਾਨੀ ਰੱਖਿਆ ਸਲਾਹਕਾਰਾਂ ਨੂੰ ਇੱਕ ਹਫ਼ਤੇ ਦੇ ਅੰਦਰ ਭਾਰਤ ਛੱਡਣ ਦਾ ਹੁਕਮ ਦਿੱਤਾ ਗਿਆ ਹੈ। ਨਾਲ ਹੀ ਦੋਹਾਂ ਦੇਸ਼ਾਂ ਦੇ ਹਾਈ ਕਮਿਸ਼ਨਾਂ ਵਿੱਚ ਤਾਇਨਾਤ ਕਰਮਚਾਰੀਆਂ ਦੀ ਗਿਣਤੀ ਵੀ 50 ਤੋਂ ਘਟਾ ਕੇ 30 ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪਹਿਲਗਾਮ ਹਮਲੇ ਵਿੱਚ 26 ਸੈਲਾਨੀਆਂ ਦੀ ਮੌਤ ਹੋਈ ਸੀ ਅਤੇ 17 ਹੋਰ ਲੋਕ ਜ਼ਖਮੀ ਹੋ ਗਏ ਸਨ।