ਅਜਨਾਲਾ: ਵਾਰਿਸ ਪੰਜਾਬ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਨਜ਼ਦੀਕੀ ਸਹਿਯੋਗੀ ਮੰਨੇ ਜਾਂਦੇ ਪਪਲਪ੍ਰੀਤ ਸਿੰਘ ਨੂੰ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਕੜੀ ਸੁਰੱਖਿਆ ਹੇਠ ਅਜਨਾਲਾ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ‘ਚ ਭੇਜਣ ਦੇ ਹੁਕਮ ਜਾਰੀ ਕੀਤੇ। ਪਪਲਪ੍ਰੀਤ ਸਿੰਘ ਨੂੰ ਟਰਾਂਜ਼ਿਟ ਰਿਮਾਂਡ ‘ਤੇ ਪੰਜਾਬ ਲਿਆਇਆ ਗਿਆ ਸੀ।
ਇਸ ਮੌਕੇ ਉਨ੍ਹਾਂ ਦੇ ਵਕੀਲ ਰਿਤੂ ਰਾਜ ਨੇ ਮੀਡੀਆ ਨੂੰ ਦੱਸਿਆ ਕਿ ਰਿਮਾਂਡ ਦੀ ਮਿਆਦ ਪੂਰੀ ਹੋਣ ‘ਤੇ ਪੁਲਿਸ ਵੱਲੋਂ ਦੁਬਾਰਾ ਰਿਮਾਂਡ ਲੈਣ ਦੀ ਮੰਗ ਕੀਤੀ ਗਈ, ਪਰ ਅਦਾਲਤ ਨੇ ਇਹ ਮੰਗ ਰੱਦ ਕਰਦਿਆਂ 1 ਮਈ 2025 ਤੱਕ ਜੁਡੀਸ਼ੀਅਲ ਰਿਮਾਂਡ ‘ਤੇ ਭੇਜਣ ਦੇ ਹੁਕਮ ਦਿੱਤੇ। ਵਕੀਲ ਨੇ ਕਿਹਾ ਕਿ ਪੁਲਿਸ ਪਾਸੇ ਤੋਂ ਕੋਈ ਵੀ ਵਾਧੂ ਸਬੂਤ ਜਾਂ ਬਰਾਮਦਗੀ ਨਹੀਂ ਹੋਈ, ਜਿਸ ਦੇ ਆਧਾਰ ‘ਤੇ ਹੁਣ ਉਹ ਨਿਆਂਇਕ ਹਿਰਾਸਤ ‘ਚ ਰਹੇਗਾ।
ਡੀਐਸਪੀ ਇੰਦਰਜੀਤ ਸਿੰਘ ਨੇ ਵੀ ਪੁਸ਼ਟੀ ਕਰਦਿਆਂ ਕਿਹਾ ਕਿ ਪਪਲਪ੍ਰੀਤ ਸਿੰਘ ਨੂੰ ਪੁਲਿਸ ਥਾਣਾ ਹਮਲਾ ਮਾਮਲੇ ਦੇ ਤਹਿਤ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਹੁਣ ਉਨ੍ਹਾਂ ਨੂੰ ਅੰਮ੍ਰਿਤਸਰ ਦੀ ਸੈਂਟਰ ਜੇਲ੍ਹ ਵਿੱਚ ਰੱਖਿਆ ਜਾਵੇਗਾ, ਅਤੇ ਮਾਮਲੇ ਦੀ ਅਗਲੀ ਸੁਣਵਾਈ 1 ਮਈ 2025 ਨੂੰ ਹੋਵੇਗੀ।
ਦੱਸ ਦੇਈਏ ਕਿ ਪਪਲਪ੍ਰੀਤ ਨੂੰ ਪਿਛਲੇ ਸਾਲ ਪੰਜਾਬ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਜਦੋਂ ਉਹ ਫਰਾਰ ਚੱਲ ਰਿਹਾ ਸੀ ਤੇ ਉਸ ਨੂੰ ਅੰਮ੍ਰਿਤਪਾਲ ਸਿੰਘ ਨਾਲ ਦੇਖਿਆ ਗਿਆ ਸੀ। ਅੰਮ੍ਰਿਤਪਾਲ ਦੀ ਗ੍ਰਿਫਤਾਰੀ ਤੋਂ ਪਹਿਲਾਂ ਪਪਲਪ੍ਰੀਤ ਨੇ ਉਸ ਨੂੰ ਕਈ ਥਾਵਾਂ ‘ਤੇ ਪਨਾਹ ਦਿੱਤੀ ਸੀ ਅਤੇ ਉਸ ਨਾਲ ਕਈ ਯੋਜਨਾਵਾਂ ‘ਚ ਸਰਗਰਮ ਭੂਮਿਕਾ ਨਿਭਾਈ ਸੀ। ਇਸ ਤੋਂ ਬਾਅਦ ਉਸ ਵਿਰੁੱਧ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਕਾਰਵਾਈ ਕੀਤੀ ਗਈ ਸੀ।