ਡਿਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਲੜਣਗੇ ਚੋਣ!

Prabhjot Kaur
4 Min Read

ਚੰਡੀਗੜ੍ਹ:  ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਐਨਐਸਏ ਤਹਿਤ ਬੰਦ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਆਜ਼ਾਦ ਤੌਰ ’ਤੇ ਚੋਣ ਲੜਨਗੇ। ਇਸ ਦਾ ਐਲਾਨ ਕਰਦਿਆਂ ਅੰਮ੍ਰਿਤਪਾਲ ਦੀ ਮਾਤਾ ਬਲਵਿੰਦਰ ਕੌਰ ਨੇ ਕਿਹਾ  ਸਰਕਾਰ ਵੱਲੋਂ ਨੌਜਵਾਨਾਂ ਉੱਤੇ ਵੱਡੀ ਪੱਧਰ ਤੇ ਕੀਤੇ ਜਾ ਰਹੇ ਜ਼ੁਲਮਾਂ ਨੂੰ ਠੱਲ੍ਹ ਪਾਉਣ ਲਈ, ਧਰਮ ਪ੍ਰਚਾਰ ਦੀ ਲਹਿਰ ਨੂੰ ਪ੍ਰਚੰਡ ਰੂਪ ਦੇਣ ਵਾਸਤੇ, ਐਨ.ਐੱਸ.ਏ. ਖਤਮ ਕਰਵਾਉਣ ਲਈ, ਬੰਦੀ ਸਿੰਘਾਂ ਦੀ ਰਿਹਾਈ ਲਈ ਅਤੇ ਪੰਜਾਬ ਦੇ ਦਰਦ ਨੂੰ ਅੰਤਰਰਾਸ਼ਟਰੀ ਪੱਧਰ ਤੇ ਲਿਜਾਣ ਲਈ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ।

ਅੰਮ੍ਰਿਤਪਾਲ ਸਿੰਘ ਦੀ ਮਾਤਾ ਬੀਬੀ ਬਲਵਿੰਦਰ ਕੌਰ ਵੱਲੋਂ ਇਹ ਐਲਾਨ ਸਾਰਾਗੜ੍ਹੀ ਨੇੜੇ ਲੱਗੇ ਪੱਕਾ ਮੋਰਚੇ ਦੇ ਸਥਾਨ ਤੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਲਾਕੇ ਦੀਆਂ ਸੰਗਤਾਂ, ਪੰਚਾਇਤਾਂ ਅਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਮਿਲੇ ਸੰਦੇਸ਼ਾਂ ਮੁਤਾਬਕ ਸਮਾਂ ਅਤੇ ਹਾਲਾਤ ਇਹ ਮੰਗ ਕਰਦੇ ਹਨ ਕਿ ਜਿਸ ਤਰ੍ਹਾਂ ਸਰਕਾਰ ਨੌਜਵਾਨਾਂ ਉੱਤੇ ਤਸ਼ੱਦਦ ਕਰ ਰਹੀ ਹੈ, ਜਿਵੇਂ ਉਨ੍ਹਾਂ ਨੂੰ ਦੂਰ ਦੁਰਾਡੇ ਪੰਜਾਬ ਤੋਂ ਹਜ਼ਾਰਾਂ ਮੀਲ ਦੂਰ ਡਿਬਰੂਗੜ੍ਹ ਜੇਲ੍ਹ ਵਿੱਚ ਸੁਟਿੱਆ ਗਿਆ ਹੈ, ਜਿੱਥੇ ਸਿਰਫ ਇੱਕ ਮੁਲਾਕਾਤ ਕਰਨ ਲਈ ਵੀ ਕਈ ਤਰ੍ਹਾਂ ਦੀਆਂ ਖੱਜਲਖੁਆਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿੱਥੇ ਧਾਰਮਿਕ ਚੇਤਨਾ ਮਾਰਚ ਕੱਢਣ ਦੀ ਇਜਾਜ਼ਤ ਨਹੀਂ ਅਤੇ ਜਿੱਥੇ ਸਰਕਾਰ ਨੇ ਸਾਰੀਆਂ ਸ਼ਰਮਾਂ ਨੂੰ ਲਾਹ ਕੇ ਬੀਬੀਆਂ ਨੂੰ ਵੀ ਜੇਲ੍ਹਾਂ ਵਿੱਚ ਸੁੱਟਣ ਤੋਂ ਗੁਰੇਜ਼ ਨਹੀਂ ਕੀਤਾ, ਜਿੱਥੇ ਪਤਿਤਪੁਣੇ ਅਤੇ ਨਸ਼ਿਆਂ ਦੀ ਲਹਿਰ ਜ਼ੋਰ ਫੜਦੀ ਜਾ ਰਹੀ ਹੈ, ਗਰੀਬ ਸਿੱਖਾਂ ਦੇ ਧਰਮ ਪਰਿਵਰਤਨ ਨੂੰ ਰੋਕਣ ਲਈ ਸੰਸਥਾਵਾਂ ਵੱਲੋਂ ਕੋਈ ਰੂਪ ਰੇਖਾ ਨਹੀਂ ਉਲੀਕੀ ਜਾ ਰਹੀ ਉੱਥੇ ਹੁਣ ਇਹ ਜ਼ਰੂਰੀ ਹੋ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਅਤੇ ਸਰਕਾਰ ਦੇ ਝੂਠਾਂ ਦਾ ਪਰਦਾ ਫਾਸ਼ ਕਰਨ ਲਈ ਅਤੇ ਨੌਜਵਾਨਾਂ ਉੱਤੇ ਕੀਤੇ ਜਾ ਰਹੇ ਜ਼ੁਲਮਾਂ ਨੂੰ ਅੰਤਰਰਾਸ਼ਟਰੀ ਪੱਧਰ ਤੇ ਲੈ ਕੇ ਜਾਣ ਅਤੇ ਸਰਕਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਅਤੇ ਐਨ.ਐੱਸ.ਏ. ਵਰਗੇ ਜ਼ਾਲਮ ਕਾਨੂੰਨਾਂ ਨੂੰ ਖਤਮ ਕਰਾਉਣ ਲਈ ਮਜਬੂਰ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਇਹ ਕਿੰਨੇ ਦੁੱਖ ਦੀ ਗੱਲ ਹੈ ਕਿ ਕੱਲ੍ਹ ਜਦੋਂ ਅੰਮ੍ਰਿਤਪਾਲ ਸਿੰਘ ਦੇ ਪਿਤਾ ਅਤੇ ਚਾਚਾ ਮੁਲਾਕਾਤ ਕਰਨ ਲਈ ਜੇਲ੍ਹ ਵਿੱਚ ਪਹੁੰਚੇ ਤਾਂ ਉਹ ਏਜੰਸੀਆਂ ਦੀ ਮੌਜੂਦਗੀ ਵਿੱਚ ਭਾਈ ਸਾਹਿਬ ਨਾਲ ਕੋਈ ਗੱਲ ਨਾ ਕਰ ਸਕੇ, ਕਿਉਂਕਿ ਏਜੰਸੀਆਂ ਨਹੀਂ ਚਾਹੁੰਦੀਆਂ ਕਿ ਅੰਮ੍ਰਿਤਪਾਲ ਸਿੰਘ ਚੋਣ ਲੜਨ ਕਿਉਂਕਿ ਉਨ੍ਹਾਂ ਨੂੰ ਡਰ ਹੈ ਕਿ ਸਰਕਾਰ ਦੇ ਜ਼ੁਲਮਾਂ ਅਤੇ ਅਨਿਆਂ ਦੀਆਂ ਕਹਾਣੀਆਂ ਦੂਜੇ ਮੁਲਕਾਂ ਵਿੱਚ ਵੀ ਪਹੁੰਚ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਠੀਕ ਹੈ ਕਿ ਅੰਮ੍ਰਿਤਪਾਲ ਸਿੰਘ ਚੋਣ ਲੜਨ ਦੇ ਹੱਕ ਵਿੱਚ ਨਹੀਂ ਸੀ ਅਤੇ ਉਹ ਇਹ ਮਹਿਸੂਸ ਕਰਦੇ ਹਨ ਕਿ ਇਹ ਸਾਡੀ ਕੌਮ ਦਾ ਕੋਈ ਪੱਕਾ ਤੇ ਸਦੀਵੀ ਹੱਲ ਨਹੀਂ। ਪਰ ਹੁਣ ਹਾਲਾਤ ਇਹ ਮੰਗ ਕਰ ਰਹੇ ਹਨ ਕਿ ਫਿਲਹਾਲ ਸਾਨੂੰ ਆਪਣੀ ਰਣਨੀਤੀ ਵਿੱਚ ਤਬਦੀਲੀ ਕਰਨ ਦੀ ਲੋੜ ਹੈ ਅਤੇ ਇਸ ਰਸਤੇ ਨੂੰ ਹਾਲ ਦੀ ਘੜੀ ਜ਼ਰੂਰ ਅਪਨਾ ਲਿਆ ਜਾਵੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment