ਅੰਮ੍ਰਿਤਸਰ : ਖੇਤੀ ਕਾਨੂੰਨ ਮੁੱਦੇ ‘ਤੇ ਡਟੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਦਿੱਲੀ ਚਲੋ ਅੰਦੋਲਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਦਿੱਲੀ ਜਾਣ ਲਈ ਸਭ ਕਿਸਾਨ ਤਿਆਰ ਹਨ। ਪਹਿਲਾ ਜਥਾ 26 ਨਵੰਬਰ ਨੂੰ ਭੇਜਿਆ ਜਾਵੇਗਾ। ਇਸ ਸਬੰਧੀ ਕਿਸਾਨ ਪਿੰਡ ਪਿੰਡ ਜਾ ਕੇ ਦਿੱਲੀ ਜਾਣ ਸਬੰਧੀ ਸਮਾਨ ਇਕੱਠਾ ਕਰ ਰਹੇ ਹਨ। ਹਰ ਪਿੰਡ ਦੇ ਲੋਕ ਸਾਥ ਦੇ ਰਹੇ ਹਨ ਕਿ ਵੱਡੀ ਗਿਣਤੀ ‘ਚ ਟਰੈਕਟਰ ਟਰਾਲੀਆਂ ਦਿੱਲੀ ਨੂੰ ਭੇਜੀਆਂ ਜਾਣਗੀਆਂ।
ਇਸ ਦੇ ਨਾਲ ਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਖੇਤੀ ਕਾਨੂੰਨ ਕਿਸਾਨ ਮਾਰੂ ਹਨ, ਇਸ ਸਬੰਧੀ ਕੋਈ ਸ਼ੰਕਾ ਨਹੀਂ ਹੈ। ਇਸ ਲਈ ਸਾਡਾ ਰੇਲ ਰੋਕੋ ਅੰਦੋਲਨ ਜਾਰੀ ਰਹੇਗਾ। ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਸੰਜੀਦਾ ਤਾਂ ਖਾਦ ਦੀ ਪੂਰਤੀ ਕਰਨਾ ਕੋਈ ਮੁਸ਼ਕਿਲ ਨਹੀਂ ਹੈ। ਪੰਜਾਬ ਸਰਕਾਰ ਸੂਬੇ ‘ਚ ਕ੍ਰਾਈਸਸ ਨੂੰ ਖੁੱਦ ਵਾਧਾ ਦੇ ਰਹੀ ਹੈ। ਇਸ ਦੇ ਨਾਲ ਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਖੇਤੀ ਕਾਨੂੰਨਾਂ ਦਾ ਹੱਲ ਸਮੇਂ ਸਿਰ ਨਾ ਕੱਢਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।