ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਐਤਵਾਰ ਦੇਰ ਸ਼ਾਮ ਵੀਡੀਓ ਜਾਰੀ ਕਰਕੇ ਹਰਿਆਣਾ ਸਰਕਾਰ ਦੇ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਵਿਵਾਦਮਈ ਆਦੇਸ਼ ਨੂੰ ਸਿੱਖ ਧਰਮ ਖ਼ਿਲਾਫ਼ ਦੱਸਿਆ ਹੈ।ਹਰਿਆਣਾ ਸਰਕਾਰ ਵੱਲੋਂ ਪਬਲਿਕ ਸਰਵਿਸ ਕਮਿਸ਼ਨ ਦੀਆਂ ਪ੍ਰੀਖਿਆਵਾਂ ਦੌਰਾਨ ਧਾਰਮਿਕ ਚਿੰਨ੍ਹ ਨਾ ਲਿਆਉਣ ਦੇ ਆਦੇਸ਼ ਜਾਰੀ ਕੀਤੇ ਹਨ ਜਿਸ ਦਾ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਇਤਰਾਜ਼ ਜਤਾਇਆ ਗਿਆ ਹੈ ਤੇ ਉਨ੍ਹਾਂ ਹਰਿਆਣਾ ਸਰਕਾਰ ਨੂੰ ਉਕਤ ਹੁਕਮ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ ਹੈ। ਅਜਿਹਾ ਨਾ ਹੋਣ ਦੀ ਸੂਰਤ ਵਿੱਚ ਹਰਿਆਣਾ ਸਰਕਾਰ ਵੱਲੋਂ ਸਿੱਖ ਕੌਮ ਨਾਲ ਬਹੁਤ ਵੱਡਾ ਧੱਕਾ ਕਰਾਰ ਦਿੱਤਾ ਹੈ।ਜਦੋਂਕਿ ਜਥੇਦਾਰ ਨੇ ਇਸ ਮਾਮਲੇ ‘ਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨੋਟਿਸ ਲੈਣ ਦਾ ਆਦੇਸ਼ ਦਿੰਦੇ ਹੋਏ ਲੋੜ ਪੈਣ ਤੇ ਅਦਾਲਤ ਦਾ ਰੁਖ ਕਰਨ ਦਾ ਹੁਕਮ ਵੀ ਕੀਤਾ ਹੈ।
ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ ਧਾਰਮਿਕ ਚਿੰਨ੍ਹ ਰੱਖਣ ਦੀ ਪੂਰੀ ਆਜ਼ਾਦੀ ਦਿੰਦਾ ਹੈ। ਇਹ ਆਦੇਸ਼ ਸਿੱਖ ਨੌਜਵਾਨਾਂ ਨੂੰ ਹਰਿਆਣਾ ਸਰਕਾਰ ਅਧੀਨ ਸਰਕਾਰੀ ਨੌਕਰੀਆਂ ਤੋਂ ਦੂਰ ਰੱਖਣ ਦੀ ਸਾਜ਼ਿਸ਼ ਹੈ। ਇਨ੍ਹਾਂ ਆਦੇਸ਼ਾਂ ਨਾਲ ਖ਼ਦਸ਼ਾ ਪੈਦਾ ਹੋ ਰਿਹਾ ਹੈ ਕਿ ਹਰਿਆਣਾ ਸਰਕਾਰ ਆਪਣਾ ਸਿੱਖ ਵਿਰੋਧੀ ਏਜੰਡਾ ਅਜਿਹੇ ਆਦੇਸ਼ਾਂ ਜ਼ਰੀਏ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜ ਕਕਾਰ ਅੰਮ੍ਰਿਤਧਾਰੀ ਸਿੱਖਾਂ ਲਈ ਧਾਰਮਿਕ ਰੂਪ ‘ਚ ਜ਼ਰੂਰੀ ਹਨ। ਅੰਮ੍ਰਿਤਧਾਰੀ ਸਿੱਖ ਹੀ ਧਾਰਮਿਕ ਚਿੰਨ੍ਹ ਪਹਿਨਦੇ ਹਨ। ਜੇ ਧਾਰਮਿਕ ਚਿੰਨ੍ਹ ਪਹਿਨੇ ਹੋਏ ਸਿੱਖ ਨੌਜਵਾਨ ਪ੍ਰੀਖਿਆਵਾਂ ਵਿਚ ਨਹੀਂ ਬੈਠ ਸਕਣਗੇ ਤਾਂ ਉਹ ਸਰਕਾਰੀ ਨੌਕਰੀਆਂ ਤੋਂ ਵਾਂਝੇ ਰਹਿ ਜਾਣਗੇ।
ਜਥੇਦਾਰ ਨੇ ਹਰਿਆਣਾ ਸਰਕਾਰ ਨੂੰ ਇਸ ਹੁਕਮ ‘ਤੇ ਮੁੜ ਤੋਂ ਵਿਚਾਰ ਕਰਨ ਦੀ ਅਪੀਲ ਕੀਤੀ ਹੈ ਕਿਹਾ ਕਿ ਇਸ ਅਜਿਹਾ ਕਰਨ ਨਾਲ ਸਿੱਖ ਧਰਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।