ਅੰਮ੍ਰਿਤਸਰ :ਪੰਜਾਬ ਸਰਕਾਰ ਨੇ ਦਸਹਿਰਾ ਰੇਲ ਹਾਦਸੇ ਦੇ 34 ਪੀੜਤ ਵਿਅਕਤੀਆਂ ਨੂੰ ਸਰਕਾਰੀ ਨੌਕਰੀ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਅੱਜ ਸਰਕਾਰ ਵੱਲੋਂ ਸਬੰਧਤ ਵਿਭਾਗਾਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਪਹਿਲੀ ਮਾਰਚ 2021 ਨੂੰ ਕੈਬਨਿਟ ਮੀਟਿੰਗ ਵਿਚ ਮਤਾ ਪਾਸ ਕਰਕੇ ਇਹ ਫ਼ੈਸਲਾ ਲਿਆ ਸੀ ਕਿ ਪੀੜਤ ਪਰਿਵਾਰਾਂ ਦੇ ਇਕ-ਇਕ ਜੀਅ ਨੂੰ ਵੱਖ-ਵੱਖ ਯੋਗਤਾਵਾਂ ਅਨੁਸਾਰ ਨੌਕਰੀ ਦਿੱਤੀ ਜਾਵੇਗੀ।
ਦੱਸਣਯੋਗ ਹੈ ਕਿ ਲੱਗਪਗ ਪੌਣੇ ਤਿੰਨ ਸਾਲ ਪਹਿਲਾਂ ਅੰਮ੍ਰਿਤਸਰ ’ਚ ਵਾਪਰੇ ਦਸਹਿਰਾ ਰੇਲ ਹਾਦਸੇ ਵਿੱਚ ਲੱਗਪਗ 60 ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤੇ ਵੱਡੀ ਗਿਣਤੀ ਵਿੱਚ ਜ਼ਖ਼ਮੀ ਹੋਏ ਸਨ। ਸਰਕਾਰ ਵੱਲੋਂ ਪੀੜਤ ਪਰਿਵਾਰਾਂ ਨੂੰ ਨੌਕਰੀ ਦੇਣ ਦਾ ਵਾਅਦਾ ਕੀਤਾ ਗਿਆ ਸੀ, ਜਿਸ ਤਹਿਤ ਹੁਣ 34 ਪੀੜਤਾਂ ਨੂੰ ਨੌਕਰੀ ਦੇਣ ਦੀ ਪੇਸ਼ਕਸ਼ ਕੀਤੀ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਸਰਕਾਰ ਵੱਲੋਂ ਫ਼ਿਲਹਾਲ ਉਨ੍ਹਾਂ ਪ੍ਰਭਾਵਿਤ ਵਿਅਕਤੀਆਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ, ਜਿਨ੍ਹਾਂ ਸਬੰਧੀ ਕੋਈ ਵਿਵਾਦ ਨਹੀਂ ਹੈ।