ਅੰਮ੍ਰਿਤਸਰ,27 ਮਾਰਚ: ਨਸ਼ਾ ਤਸਕਰੀ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਦੋ ਅਹਿਮ ਕਾਰਵਾਈਆਂ ਦੌਰਾਨ 4.5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਹੈਰੋਇਨ ਦੇ ਨਾਲ-ਨਾਲ ਪੁਲਿਸ ਨੇ 7 ਨਸ਼ਾ ਤਸਕਰਾਂ ਨੂੰ ਵੀ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਹ ਸਾਰੀ ਕਾਰਵਾਈ ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਹੈ।
ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਲੋਕ ਨਸ਼ੇ ਦੀ ਖੇਪ ਸਪਲਾਈ ਕਰਨ ਦੀ ਯੋਜਨਾ ਬਣਾ ਰਹੇ ਹਨ। ਇਸ ਆਧਾਰ ’ਤੇ ਪੁਲੀਸ ਟੀਮਾਂ ਨੇ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰਕੇ ਮੁਲਜ਼ਮਾਂ ਨੂੰ ਰੰਗੇ ਹੱਥੀਂ ਕਾਬੂ ਕੀਤਾ। ਇਸ ਦੌਰਾਨ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਤਸਕਰ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਨਾਲ ਜੁੜੇ ਹੋਏ ਹਨ। ਅਤੇ ਉਹਨਾਂ ਦੀਆਂ ਤਾਰਾਂ ਕਈ ਹੋਰ ਰਾਜਾਂ ਅਤੇ ਦੇਸ਼ਾਂ ਤੱਕ ਫੈਲੀਆਂ ਹੋਈਆਂ ਹਨ।
ਪੰਜਾਬ ਪੁਲਿਸ ਨੇ ਇਸ ਸੰਬੰਧੀ ਟਵੀਟ ਕਰਦਿਆਂ ਕਿਹਾ ਕਿ “ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਅਗਲੇ -ਪਿਛਲੇ ਸਬੰਧਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਦੋ ਮਹੱਤਵਪੂਰਨ ਕਾਰਵਾਈਆਂ ਵਿੱਚ ਸੱਤ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 4.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਭਰੋਸੇਯੋਗ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦੇ ਹੋਏ, ਪੁਲਿਸ ਟੀਮਾਂ ਨੇ ਦੋਸ਼ੀ ਨੂੰ ਰੋਕਿਆ, ਇੱਕ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਨਾਲ ਸਬੰਧਾਂ ਦਾ ਖੁਲਾਸਾ ਕੀਤਾ। ਜਾਂਚ ਦੌਰਾਨ, ਪੀ.ਆਈ.ਟੀ ਐਨ.ਡੀ.ਪੀ.ਐਸ ਐਕਟ ਅਧੀਨ ਹਿਰਾਸਤ ਵਿੱਚ ਲਏ ਗਏ ਸਿੰਡੀਕੇਟ ਦੇ ਇੱਕ ਮੁੱਖ ਸੰਚਾਲਕ ਗੁਰਦੀਪ ਉਰਫ ਰਾਣੋ ਨਾਲ ਸਬੰਧ ਵੀ ਸਥਾਪਿਤ ਕੀਤੇ ਗਏ। ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਹੋਰ ਪੁੱਛਗਿੱਛ ਜਾਰੀ ਹੈ। ਪੰਜਾਬ ਪੁਲਿਸ ਡਰੱਗ ਕਾਰਟੈਲਾਂ ਨੂੰ ਖਤਮ ਕਰਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।” ਦੱਸ ਦਈਏ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਸਰਕਾਰ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਹੋਰ ਤੇਜ਼ ਕਰਨ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।