ਲਖੀਮਪੁਰ ਖੀਰੀ : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ‘ਚ ਕਿਸਾਨਾਂ ‘ਤੇ ਗੱਡੀ ਚੜ੍ਹਾਉਣ ਦੇ ਦੋਸ਼ ਹੇਠ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਅਤੇ ਉਨ੍ਹਾਂ ਦੇ ਬੇਟੇ ਖਿਲਾਫ ਕੇਸ ਦਰਜ ਹੋ ਗਿਆ ਹੈ ਪਰ ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ।ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ‘ਚ ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ਖ਼ਿਲਾਫ਼ ਤਿਕੋਣੀਆ ਥਾਣੇ ‘ਚ ਐੱਫ. ਆਈ. ਆਰ. ਦਰਜ ਹੋਈ ਹੈ।
ਲਖੀਮਪੁਰ ਵਿੱਚ ਹਾਲਾਤ ਤਣਾਅਪੂਰਨ ਬਣੇ ਹੋਏ ਹਾਨ ਤੇ ਇੰਟਰਨੈੱਟ ਸੇਵਾਵਾਂ ਬੰਦ ਹਨ। ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੇ ਕਿਸਾਨਾਂ ਤੇ ਗੱਡੀ ਚੜ੍ਹਾਉਣ ਦੇ ਇਲਜ਼ਾਮ ਖਾਰਜ ਕੀਤੇ ਹਨ। ਕੇਂਦਰੀ ਮੰਤਰੀ ਨੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਉਨ੍ਹਾਂ ਦਾ ਬੇਟਾ ਆਸ਼ੀਸ਼ ਘਟਨਾ ਦੇ ਸਮੇਂ ਘਟਨਾ ਸਥਾਨ ‘ਤੇ ਮੌਜੂਦ ਨਹੀਂ ਸੀ। ਉਸ ਨੇ ਕਿਹਾ ਕਿ ਉਸ ਕੋਲ ਆਪਣੇ ਦਾਅਵੇ ਦਾ ਸਮਰਥਨ ਕਰਨ ਲਈ ਵੀਡੀਓ ਸਬੂਤ ਹਨ।
ਇਸ ਦੌਰਾਨ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਬੇਟੇ ਅਸ਼ੀਸ਼ ਮਿਸ਼ਰਾ ਨੇ ਕਿਹਾ ਹੈ ਕਿ ਉਹ ਪ੍ਰੋਗਰਾਮ ਦੇ ਅੰਤ ਤੱਕ ਸਵੇਰੇ 9 ਵਜੇ ਤੋਂ ਬਨਵਾਰੀਪੁਰ ਵਿੱਚ ਸੀ। ਉਸ ‘ਤੇ ਲੱਗੇ ਦੋਸ਼ ਪੂਰੀ ਤਰ੍ਹਾਂ ਬੇਬੁਨਿਆਦ ਹਨ । ਉਸਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾਵੇ ਅਤੇ ਦੋਸ਼ੀਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ।