ਪੰਜਾਬ-ਹਿਮਾਚਲ ਦੇ CM ਵਿਚਾਲੇ ਹੋਈ ਅਹਿਮ ਮੀਟਿੰਗ, ਜਲ ਸੈੱਸ ਦੇ ਮੁੱਦੇ ‘ਤੇ ਕੀਤੀ ਚਰਚਾ

Rajneet Kaur
3 Min Read

ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਵਿਚਕਾਰ ਅੱਜ ਅਹਿਮ ਮੀਟਿੰਗ ਹੋਈ। ਇਸ ਤੋਂ ਬਾਅਦ ਦੋਵਾਂ ਮੁੱਖ ਮੰਤਰੀਆਂ ਨੇ ਸਾਂਝੀ ਪ੍ਰੈੱਸ ਕਾਨਫਰੰਸ ਕਰਕੇ ਮੀਟਿੰਗ ਬਾਰੇ ਜਾਣਕਾਰੀ ਦਿੱਤੀ।ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਅੱਜ ਸਵੇਰੇ ਭਗਵੰਤ ਮਾਨ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ।CM ਸੁੱਖੂ ਨੇ ਦੱਸਿਆ ਕਿ CM ਭਗਵੰਤ ਮਾਨ ਨਾਸ਼ਤੇ ਦੇ ਸੱਦੇ ‘ਤੇ ਆਏ ਹਨ। ਉਨ੍ਹਾਂ ਪੰਜਾਬ ਦੀ ਆਰਥਿਕ ਹਾਲਤ ਨੂੰ ਮਜ਼ਬੂਤ ​​ਦੱਸਦਿਆਂ ਮੁੱਖ ਮੰਤਰੀ ਮਾਨ ਨੂੰ ਹਿਮਾਚਲ ਪ੍ਰਦੇਸ਼ ਵਿੱਚ ਨਿਵੇਸ਼ ਕਰਨ ਦੀ ਅਪੀਲ ਕੀਤੀ।

ਸੀ.ਐੱਮ. ਮਾਨ ਨੇ ਦੱਸਿਆ ਕਿ ਮੀਟਿੰਗ ਵਿੱਚ ਸੀ.ਐੱਮ. ਸੁੱਖੂ ਨਾਲ ਪਣ-ਬਿਜਲੀ ਪਲਾਂਟਾਂ ‘ਤੇ ਪ੍ਰਸਤਾਵਿਤ ਵਾਟਰ ਸੈੱਸ ਲਾਗੂ ਕਰਨ ਬਾਰੇ ਸੂਬੇ ਦੀ ਚਿੰਤਾ ਜ਼ਾਹਰ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਇਸ ਨੂੰ ਲਾਗੂ ਨਹੀਂ ਕੀਤਾ ਜਾਣਾ ਚਾਹੀਦਾ ਕਿਉਂਕਿ ਇਹ ਸੂਬੇ ਦੇ ਹਿੱਤਾਂ ਖ਼ਿਲਾਫ਼ ਹੈ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਵਾਟਰ ਸੈੱਸ ਸਿਰਫ਼ ਉਨ੍ਹਾਂ ਦੇ ਆਪਣੇ ਸੂਬੇ ਦੇ ਪਣ-ਬਿਜਲੀ ਪਲਾਂਟਾਂ ‘ਤੇ ਲਗਾਇਆ ਜਾਵੇਗਾ ਅਤੇ ਕਿਹਾ ਕਿ ਇਹ ਪੰਜਾਬ ਵਿੱਚ ਲਾਗੂ ਨਹੀਂ ਹੋਵੇਗਾ।

ਮਸਲੇ ਦੇ ਹੱਲ ਲਈ ਦੋਵਾਂ ਮੁੱਖ ਮੰਤਰੀਆਂ ਨੇ ਇਸ ਗੱਲ ‘ਤੇ ਸਹਿਮਤੀ ਪ੍ਰਗਟਾਈ ਕਿ ਰਾਜਾਂ ਦੇ ਮੁੱਖ ਸਕੱਤਰ ਅਤੇ ਬਿਜਲੀ ਸਕੱਤਰ ਹਰ ਪੰਦਰਵਾੜੇ ਬਾਅਦ ਮੀਟਿੰਗ ਕਰਨਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਰਾਜਾਂ ਵਿਚਕਾਰ ਕੋਈ ਝਗੜਾ ਨਾ ਹੋਵੇ। ਉਨ੍ਹਾਂ ਕਿਹਾ ਕਿ ਦੋਵਾਂ ਰਾਜਾਂ ਦੇ ਉੱਚ ਅਧਿਕਾਰੀ ਰਾਜਾਂ ਨੂੰ ਦਰਪੇਸ਼ ਮੁੱਦਿਆਂ ਨੂੰ ਆਪਸੀ ਤਾਲਮੇਲ ਨਾਲ ਹੱਲ ਕਰਨਗੇ ਤਾਂ ਜੋ ਉਨ੍ਹਾਂ ਵਿਚਕਾਰ ਕਿਸੇ ਮਸਲੇ ਉਤੇ ਕੋਈ ਮਤਭੇਦ ਨਾ ਰਹੇ। ਦੋਵਾਂ ਮੁੱਖ ਮੰਤਰੀਆਂ ਨੇ ਦੋਵਾਂ ਰਾਜਾਂ ਦੇ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਵੱਖ-ਵੱਖ ਖੇਤਰਾਂ ਵਿੱਚ ਆਪਸੀ ਸਹਿਯੋਗ ਲਈ ਸਹਿਮਤੀ ਪ੍ਰਗਟਾਈ।

ਇਸ ਦੇ ਨਾਲ ਹੀ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਚੰਡੀਗੜ੍ਹ ਸਥਿਤ ਸੂਬਾ ਕਾਂਗਰਸ ਹੈੱਡਕੁਆਰਟਰ ਵਿਖੇ ਮੀਡੀਆ ਨਾਲ ਗੱਲਬਾਤ ਦੌਰਾਨ ਹੋਰਨਾਂ ਵਿਰੋਧੀ ਪਾਰਟੀਆਂ ਨੂੰ ਵੀ ਲੋਕਤੰਤਰ ਨੂੰ ਬਚਾਉਣ ਲਈ ਇਕਜੁੱਟ ਹੋਣ ਦੀ ਗੱਲ ਕਹੀ ਹੈ। ਪੰਜਾਬ ਦੇ ਸੀ.ਐੱਮ. ਭਗਵੰਤ ਮਾਨ ਅਤੇ ਹਿਮਾਚਲ ਦੇ ਸੀ.ਐੱਮ. ਸੁਖਵਿੰਦਰ ਸਿੰਘ ਸੁੱਖੂ ਦੀ ਇਸ ਮੁਲਾਕਾਤ ਨੂੰ ਸਿਆਸੀ ਨਜ਼ਰੀਏ ਤੋਂ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।

- Advertisement -

ਇਕ ਹੋਰ ਮੁੱਦਾ ਚੁੱਕਦਿਆਂ ਮੁੱਖ ਮੰਤਰੀ ਨੇ ਸ੍ਰੀ ਆਨੰਦਪੁਰ ਸਾਹਿਬ ਅਤੇ ਨੈਣਾ ਦੇਵੀ ਜੀ ਵਿਚਕਾਰ ਰੋਪਵੇਅ ਦੀ ਵਕਾਲਤ ਕੀਤੀ ਤਾਂ ਜੋ ਦੋਵਾਂ ਰਾਜਾਂ ਨੂੰ ਆਪਸੀ ਲਾਭ ਹੋ ਸਕੇ। ਉਨ੍ਹਾਂ ਕਿਹਾ ਕਿ ਰੋਪਵੇਅ ਨਾਲ ਇਨ੍ਹਾਂ ਦੋਵਾਂ ਇਤਿਹਾਸਕ ਅਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਲੱਖਾਂ ਸ਼ਰਧਾਲੂਆਂ ਨੂੰ ਸਹੂਲਤ ਮਿਲੇਗੀ। ਦੋਵੇਂ ਮੁੱਖ ਮੰਤਰੀਆਂ ਨੇ ਇਸ ਗੱਲ ‘ਤੇ ਸਹਿਮਤੀ ਪ੍ਰਗਟਾਈ ਕਿ ਇਹ ਪ੍ਰਾਜੈਕਟ ਦੋਵਾਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਯਾਤਰਾ ਨੂੰ ਸੁਖਾਲਾ ਬਣਾਵੇਗਾ, ਜੋ ਇਕ ਦੂਜੇ ਤੋਂ ਕਾਫ਼ੀ ਦੂਰ ਸਥਿਤ ਹਨ ਅਤੇ ਪਹਾੜੀ ਖੇਤਰ ਉਨ੍ਹਾਂ ਦੀਆਂ ਸਮੱਸਿਆਵਾਂ ਵਿੱਚ ਵਾਧਾ ਕਰਦਾ ਹੈ।

 

Share this Article
Leave a comment