ਜਗਰਾਓਂ : ਪੰਜਾਬ ‘ਚ ਪੈ ਰਹੀ ਕਹਿਰ ਦੀ ਗਰਮੀ ਦੌਰਾਨ ਜਗਰਾਓਂ ਇਲਾਕੇ ‘ਚ ਲਗਾਤਾਰ ਅਤੇ ਅਣਮਿੱਥੇ ਸਮੇਂ ਤੋਂ ਲੱਗੇ ਬਿਜਲੀ ਕੱਟਾਂ ਨੇ ਲੋਕਾਂ ਦਾ ਜਿਊਣਾ ਮੁਸ਼ਕਿਲ ਕਰ ਦਿੱਤਾ ਹੈ। ਬਿਜਲੀ ਸੰਕਟ ਨੂੰ ਲੈ ਕੇ ਕਿਸਾਨਾਂ ਦਾ ਗੁੱਸਾ ਹੁਣ ਖੁੱਲ੍ਹ ਕੇ ਸਾਹਮਣੇ ਆਉਣ ਲੱਗਾ ਹੈ। ਸੋਮਵਾਰ ਨੂੰ ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਨੇ ਪਾਵਰਕਾਮ ਦਫ਼ਤਰ ਦਾ ਘਿਰਾਓ ਕਰਕੇ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪ ਕੇ ਬਿਜਲੀ ਕੱਟ ਤੁਰੰਤ ਬੰਦ ਕਰਨ ਦੀ ਮੰਗ ਕੀਤੀ ਹੈ।
ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ, ਜ਼ਿਲ੍ਹਾ ਸਕੱਤਰ ਇੰਦਰਜੀਤ ਸਿੰਘ ਧਾਲੀਵਾਲ, ਵਿੱਤ ਸਕੱਤਰ ਤਰਸੇਮ ਸਿੰਘ ਬਾਸੂਵਾਲ, ਬਲਾਕ ਪ੍ਰਧਾਨ ਜਗਜੀਤ ਸਿੰਘ ਕਲੇਰ (ਸਿਧਵਾਂ ਬੇਟ) ਅਤੇ ਸਕੱਤਰ ਜਸਵਿੰਦਰ ਸਿੰਘ ਭਮਾਲ ਨੇ ਦੱਸਿਆ ਕਿ ਇਸ ਵੇਲੇ ਕਿਸਾਨ ਕਣਕ ਦੀ ਫ਼ਸਲ ਨੂੰ ਸੰਭਾਲਣ ਅਤੇ ‘ਤੂਰੀ’ ਬਣਾਉਣ ਵਿੱਚ ਰੁੱਝੇ ਹੋਏ ਹਨ। ਇਸ ਦੇ ਨਾਲ ਹੀ ਖੇਤਾਂ ਵਿੱਚ ਮੂੰਗੀ, ਮੱਕੀ ਅਤੇ ਹੋਰ ਫ਼ਸਲਾਂ ਦੀ ਬਿਜਾਈ ਅਤੇ ਸਿੰਚਾਈ ਦਾ ਕੰਮ ਵੀ ਚੱਲ ਰਿਹਾ ਹੈ। ਵਧਦੀ ਗਰਮੀ ਕਾਰਨ ਫਸਲਾਂ ਨੂੰ ਲਗਾਤਾਰ ਪਾਣੀ ਦੀ ਲੋੜ ਹੁੰਦੀ ਹੈ ਪਰ ਬਿਜਲੀ ਦੇ ਲੰਬੇ ਕੱਟਾਂ ਕਾਰਨ ਕਿਸਾਨ ਗੰਭੀਰ ਸੰਕਟ ਦਾ ਸਾਹਮਣਾ ਕਰ ਰਹੇ ਹਨ।
ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਖੇਤਾਂ ਨੂੰ ਸਮੇਂ ਸਿਰ ਬਿਜਲੀ ਨਾ ਮਿਲੀ ਤਾਂ ਫ਼ਸਲਾਂ ਸੁੱਕ ਜਾਣਗੀਆਂ ਅਤੇ ਕਿਸਾਨਾਂ ਦੀ ਰੋਜ਼ੀ-ਰੋਟੀ ਦਾ ਸੰਕਟ ਪੈਦਾ ਹੋ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਖੇਤਾਂ ਵਿੱਚ ਫਸਲਾਂ ਨੂੰ ਬਚਾਉਣ ਲਈ ਬਿਜਲੀ ਸਪਲਾਈ ਦਾ ਸਮਾਂ ਵਧਾਇਆ ਜਾਵੇ ਅਤੇ ਲੰਬੇ ਕੱਟ ਤੁਰੰਤ ਬੰਦ ਕੀਤੇ ਜਾਣ।
ਬਲਾਕ ਸਕੱਤਰ ਕੁਲਵੰਤ ਸਿੰਘ ਕੰਤਾ ਅਤੇ ਰਛਪਾਲ ਸਿੰਘ ਨਵਾਂ ਡੱਲਾ ਨੇ ਕਿਹਾ ਕਿ ਬਿਜਲੀ ਕਾਮੇ ਬਿਜਲੀ ਦੇ ਲੰਬੇ ਕੱਟਾਂ ਲਈ ਜ਼ਿੰਮੇਵਾਰ ਨਹੀਂ ਹਨ, ਸਗੋਂ ਇਸ ਲਈ ਸੂਬਾ ਸਰਕਾਰ ਦੀ ਲਾਪ੍ਰਵਾਹੀ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੂੰ ਅੰਦਾਜ਼ਾ ਸੀ ਕਿ ਗਰਮੀਆਂ ਵਿੱਚ ਬਿਜਲੀ ਦੀ ਮੰਗ ਵਧੇਗੀ ਪਰ ਇਸ ਦੇ ਬਾਵਜੂਦ ਪੁਖਤਾ ਪ੍ਰਬੰਧ ਨਹੀਂ ਕੀਤੇ ਗਏ। ਉਨ੍ਹਾਂ ਇਹ ਵੀ ਕਿਹਾ ਕਿ ਪਾਵਰਕੌਮ ਵਿੱਚ ਸਥਾਈ ਚੇਅਰਮੈਨ ਦੀ ਨਿਯੁਕਤੀ ਨਹੀਂ ਕੀਤੀ ਗਈ ਅਤੇ ਜਿਸ ਆਰਜ਼ੀ ਚੇਅਰਮੈਨ ਦੀ ਨਿਯੁਕਤੀ ਕੀਤੀ ਗਈ ਹੈ, ਉਹ ਵੀ ਦਫ਼ਤਰ ਵਿੱਚ ਸਰਗਰਮ ਨਹੀਂ ਹੈ। ਇਸ ਤੋਂ ਇਲਾਵਾ ਡਾਇਰੈਕਟਰ ਜਨਰੇਸ਼ਨ ਦੀ ਅਸਾਮੀ ਵੀ ਖਾਲੀ ਪਈ ਹੈ, ਜਿਸ ਕਾਰਨ ਬਿਜਲੀ ਪ੍ਰਬੰਧ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ।
ਕਿਸਾਨ ਆਗੂਆਂ ਨੇ ਬਿਜਲੀ ਮੰਤਰੀ ਦੀ ਕਾਰਜਸ਼ੈਲੀ ‘ਤੇ ਵੀ ਸਵਾਲ ਉਠਾਉਂਦਿਆਂ ਕਿਹਾ ਕਿ ਮੰਤਰੀ ਵਿਦੇਸ਼ ਦੌਰਿਆਂ ‘ਚ ਰੁੱਝੇ ਹੋਏ ਹਨ ਅਤੇ ਸੂਬੇ ‘ਚ ਬਿਜਲੀ ਸੰਕਟ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਅਯੋਗ ਮੰਤਰੀ ਨੂੰ ਤੁਰੰਤ ਹਟਾਇਆ ਜਾਵੇ ਅਤੇ ਬਿਜਲੀ ਸੰਕਟ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ। ਕਿਸਾਨ ਯੂਨੀਅਨ ਨੇ ਸਰਕਾਰ ਤੋਂ ਮੰਗ ਕੀਤੀ ਕਿ ਰੋਪੜ ਸਥਿਤ ਪਾਵਰ ਪਲਾਂਟ ਦੇ 800-800 ਮੈਗਾਵਾਟ ਦੇ ਦੋ-ਦੋ ਯੂਨਿਟ ਤੁਰੰਤ ਚਾਲੂ ਕੀਤੇ ਜਾਣ ਤਾਂ ਜੋ ਸੂਬੇ ਵਿੱਚ ਬਿਜਲੀ ਸਪਲਾਈ ਵਿੱਚ ਸੁਧਾਰ ਕੀਤਾ ਜਾ ਸਕੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

