ਸ੍ਰੀ ਆਨੰਦਪੁਰ ਸਾਹਿਬ: ਮੁੱਖ ਮੰਤਰੀ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਭਲਕੇ ਬੁੱਧਵਾਰ ਨੂੰ ਸਮਾਣਾ ਵਿਖੇ ਇਕ ਹੋਰ ਟੋਲ ਪਲਾਜ਼ਾ ਬੰਦ ਕੀਤਾ ਜਾਵੇਗਾ ਤਾਂ ਕਿ ਲੋਕਾਂ ਦੀ ਲੁੱਟ ਬੰਦ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਟੋਲ ਪਲਾਜ਼ੇ ਪਿਛਲੀਆਂ ਸਰਕਾਰ ਦੀ ਮਿਲੀਭੁਗਤ ਕਰਕੇ ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਦੀ ਲੁੱਟ ਕਰਦੀਆਂ ਆ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਆਮ ਆਦਮੀ ਸੱਤਾ ਵਿਚ ਹੈ ਤਾਂ ਲੋਕਾਂ ਦੀ ਪੈਸੇ ਦੀ ਅੰਨ੍ਹੀ ਲੁੱਟ ਬੰਦ ਹੋ ਕੇ ਰਹੇਗੀ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਾਡੀ ਸਰਕਾਰ ਨੂੰ ਪਾਵਰਕਾਮ ਦਾ 9020 ਕਰੋੜ ਰੁਪਏ ਦਾ ਕਰਜ਼ਾ ਵਿਰਾਸਤ ਵਿਚ ਦਿੱਤਾ ਸੀ ਅਤੇ ਹੁਣ ਉਨ੍ਹਾਂ ਦੀ ਸਰਕਾਰ 1804 ਕਰੋੜ ਰੁਪਏ ਦੀਆਂ ਪੰਜ ਕਿਸ਼ਤਾਂ ਵਿਚ ਇਹ ਕਰਜ਼ਾ ਮੋੜ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 28000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ।
ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਲਈ 23 ਜ਼ਿਲ੍ਹਿਆਂ ਵਿਚ 117 ਸਕੂਲ ਆਫ ਐਮੀਨੈਂਸ ਸਥਾਪਤ ਕੀਤੇ ਹਨ।ਭਗਵੰਤ ਮਾਨ ਨੇ ਕਿਹਾ ਕਿ ਇਹ ਸਕੂਲ ਇੰਜਨੀਅਰਿੰਗ, ਲਾਅ, ਕਾਮਰਸ, ਯੂ.ਪੀ.ਐਸ.ਸੀ. ਅਤੇ ਐਨ.ਡੀ.ਏ. ਸਮੇਤ ਪੇਸ਼ੇਵਰ ਤੇ ਮੁਕਾਬਲੇ ਦੇ ਕੋਰਸਾਂ ਕਰਵਾਉਣਗੇ। ਉਨ੍ਹਾਂ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਨੂੰ ਸੂਬੇ ਤੋਂ ਬਾਹਰਲੇ ਹਿੱਸਿਆਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਨਾਲ ਮੁਕਾਬਲੇ ਦੇ ਕਾਬਲ ਬਣਾਉਣਗੇ।