ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਸਰਕਾਰ ਵੇਲੇ ਮੰਤਰੀ ਰਹੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਆਪਣਾ ਸਪੱਸ਼ਟੀਕਰਨ ਦਿੱਤਾ। ਜ਼ਿਕਰਯੋਗ ਹੈ ਕਿ ਆਦੇਸ਼ ਪ੍ਰਤਾਪ ਸਿੰਘ ਕੈਰੋਂ ਤਤਕਾਲੀ ਕੈਬਨਿਟ ਮੰਤਰੀ ਹੋਣ ਦੇ ਨਾਲ ਨਾਲ ਸੁਖਬੀਰ ਸਿੰਘ ਬਾਦਲ ਦੇ ਨਜ਼ਦੀਕੀ ਰਿਸ਼ਤੇਦਾਰ ਵੀ ਹਨ।
ਹੁਣ ਤੱਕ ਅਕਾਲੀ ਦਲ ਦੀ ਸਰਕਾਰ ਵਿੱਚ ਰਹੇ 14 ਸਾਬਕਾ ਕੈਬਨਿਟ ਮੰਤਰੀਆਂ ਵੱਲੋਂ ਆਪਣਾ ਸਪੱਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ ਗਿਆ ਹੈ। ਜਿਨ੍ਹਾਂ ਵਿੱਚ ਸੁਖਬੀਰ ਸਿੰਘ ਬਾਦਲ, ਗੁਲਜ਼ਾਰ ਸਿੰਘ ਰਣੀਕੇ, ਦਲਜੀਤ ਸਿੰਘ ਚੀਮਾ, ਮਹੇਸ਼ ਇੰਦਰ ਸਿੰਘ ਗਰੇਵਾਲ, ਬਿਕਰਮ ਸਿੰਘ ਮਜੀਠੀਆ, ਬੀਬੀ ਜਗੀਰ ਕੌਰ, ਪਰਮਿੰਦਰ ਸਿੰਘ ਢੀਂਡਸਾ, ਸੋਹਣ ਸਿੰਘ ਠੰਡਲ, ਮਨਪ੍ਰੀਤ ਸਿੰਘ ਬਾਦਲ, ਸਿਕੰਦਰ ਸਿੰਘ ਮਲੂਕਾ, ਸਰਵਣ ਸਿੰਘ ਫਿਲੌਰ, ਹੀਰਾ ਸਿੰਘ ਗਾਬੜੀਆ ਅਤੇ ਡਾ.ਉਪਿੰਦਰਜੀਤ ਕੌਰ ਸ਼ਾਮਲ ਹਨ।
ਦੱਸ ਦਈਏ ਕਿ 30 ਅਗਸਤ ਨੂੰ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਸੀ ਅਤੇ 2007 ਤੋਂ 2017 ਤੱਕ ਅਕਾਲੀ ਦਲ ਦੀ ਸਰਕਾਰ ਵਿੱਚ ਸਿੱਖ ਮੰਤਰੀਆਂ ਨੂੰ ਤਲਬ ਕੀਤਾ ਗਿਆ ਸੀ। ਜਿਸ ਤੋਂ ਬਾਅਦ ਅਗਲੇ ਦਿਨ 31 ਅਗਸਤ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲਿਖਿਤ ਪੱਤਰ ਦੇ ਰਾਹੀਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਸਾਹਮਣੇ ਪੇਸ਼ ਹੋਏ ਅਤੇ ਬੇਨਤੀ ਕੀਤੀ ਕਿ ਉਹ ਜਲਦ ਤੋਂ ਜਲਦ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਬੁਲਾਕੇ ਜੋ ਆਦੇਸ਼ ਜਾਰੀ ਕਰਨਗੇ ਉਹ ਕਬੂਲ ਹੋਵੇਗਾ । ਉਨ੍ਹਾਂ ਦੇ ਨਾਲ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਾਣੀਕੇ,ਦਲਜੀਤ ਸਿੰਘ ਚੀਮਾ,ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਵੀ ਸਪੱਸ਼ਟੀਕਰਨ ਦਿੱਤਾ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।