ਕੋਰੋਨਾ ਦਾ ਖੌਫ : ਕੋਰੋਨਾਵਾਇਰਸ ਦੇ ਇੱਕ ਹੋਰ ਸ਼ੱਕੀ ਮਰੀਜ਼ ਨੇ ਕੀਤੀ ਖੁਦਕੁਸ਼ੀ

TeamGlobalPunjab
2 Min Read

ਸ਼ਾਮਲੀ (ਉੱਤਰ ਪ੍ਰਦੇਸ਼) :  ਪੂਰੀ ਦੁਨੀਆ ਦੇ ਨਾਲ-ਨਾਲ ਦੇਸ਼ ਵਿੱਚ ਵੀ ਜਾਨਲੇਵਾ ਕੋਰੋਨਾਵਾਇਰਸ (ਕੋਵਿਡ-19) ਮਹਾਂਮਾਰੀ ਦਾ ਖੌਫ ਲੋਕਾਂ ਦੇ ਦਿਲਾਂ ਵਿੱਚ ਵੱਧਦਾ ਜਾ ਰਿਹਾ ਹੈ। ਤਾਜਾ ਮਾਮਲਾ ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹਾ ਤੋਂ ਸਾਹਮਣੇ ਆਇਆ ਹੈ। ਇੱਥੇ ਵੀਰਵਾਰ ਯਾਨੀ ਅੱਜ ਕੋਰੋਨਾ ਦੇ ਇੱਕ ਸ਼ੱਕੀ ਮਰੀਜ਼ ਨੇ ਸ਼ਾਮਲੀ ਦੇ ਜ਼ਿਲ੍ਹਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਖੁਦਕੁਸ਼ੀ ਕਰ ਲਈ ਹੈ।

ਮ੍ਰਿਤਕ ਦਾ ਨਾਮ ਕਰਮਵੀਰ ਦੱਸਿਆ ਜਾ ਰਿਹਾ ਹੈ। ਜਿਸ ਨੂੰ 24 ਮਾਰਚ ਨੂੰ ਸ਼ਾਮਲੀ ਦੇ ਜ਼ਿਲ੍ਹਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖਿਲ ਕਰਵਾਇਆ ਗਿਆ ਸੀ। ਹਾਲਾਂਕਿ ਅਜੇ ਤੱਕ ਖੁਦਕੁਸ਼ੀ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲੀਸ ਤੇ ਪ੍ਰਸਾਸ਼ਨ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜ਼ਿਲ੍ਹਾ ਮੈਜਿਸਟਰੇਟ ਜਸਜੀਤ ਕੌਰ ਨੇ ਦੱਸਿਆ ਕਿ 40 ਸਾਲਾ ਕਰਮਵੀਰ ‘ਚ ਕੋਰੋਨਾ ਦੇ ਲੱਛਣ ਮਿਲਣ ਤੋਂ ਬਾਅਦ ਉਸ ਨੂੰ ਆਈਸੋਲੇਸ਼ਨ ਵਾਰਡ ‘ਚ ਦਾਖਲ ਕਰਵਾਇਆ ਗਿਆ ਸੀ। ਮੈਜਿਸਟਰੇਟ ਨੇ ਕੋਰੋਨਾ ਸ਼ੱਕੀ ਨੌਜਵਾਨ ਦੀ ਖੁਦਕੁਸ਼ੀ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਨੇ ਖੁਦਕੁਸ਼ੀ ਕਿਉਂ ਕੀਤੀ ਹੈ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਸੀਐਮਓ ਡਾ. ਸੰਜੇ ਭਟਨਾਗਰ ਦਾ ਕਹਿਣਾ ਹੈ ਕਿ ਮ੍ਰਿਤਕ ਦੀ ਰਿਪੋਰਟ ਮੇਰਠ ਜਾਂਚ ਲਈ ਭੇਜੀ ਹੋਈ ਹੈ, ਜਿਸ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।

ਦੱਸ ਦੇਈਏ ਕਿ ਉੱਤਰ ਪ੍ਰਦੇਸ਼ ‘ਚ ਹੁਣ ਤਕ ਕੋਰੋਨਾ ਵਾਇਰਸ ਦੇ 117 ਮਾਮਲੇ ਸਾਹਮਣੇ ਆ ਚੁੱਕੇ ਹਨ। ਜਿਨ੍ਹਾਂ ਵਿਚੋਂ 2 ਲੋਕਾਂ ਦੀ ਮੌਤ ਹੋ ਗਈ ਹੈ। ਬੀਤੇ ਬੁੱਧਵਾਰ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਗੋਰਖਪੁਰ ਦੇ ਬਸਤੀ ਇਲਾਕੇ ਵਿੱਚ ਇੱਕ 25 ਸਾਲਾ ਵਿਅਕਤੀ ਦੀ ਕੋਰੋਨਾ ਨਾਲ ਮੌਤ ਹੋ ਗਈ ਸੀ ਜੋ ਕਿ ਦੇਸ਼ ਵਿੱਚ ਕੋਰੋਨਾ ਨਾਲ ਸਭ ਤੋਂ ਘੱਟ ਉਮਰ ਦੀ ਮੌਤ ਦਾ ਇਹ ਪਹਿਲਾਂ ਮਾਮਲਾ ਸੀ।

- Advertisement -

ਦੇਸ਼ ਵਿੱਚ ਹੁਣ ਤੱਕ ਕੋਰੋਨਾਵਾਇਰਸ ਮਹਾਂਮਾਰੀ ਦੇ 2000 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ। ਜਿਨ੍ਹਾਂ ਵਿੱਚੋਂ 50 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਜਦੋਂਕਿ ਵਿਸ਼ਵ ਪੱਧਰ ‘ਤੇ ਇਸ ਵਾਇਰਸ ਨਾਲ 47 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 9 ਲੱਖ ਤੋਂ ਵੱਧ ਲੋਕ ਇਸ ਮਹਾਂਮਾਰੀ ਦੀ ਲਪੇਟ ਵਿੱਚ ਹਨ।



Share this Article
Leave a comment