ਨਵੇਂ ਪਾਸ ਕੀਤੇ ਖੇਤੀ ਵਿਰੋਧੀ ਕਾਨੂੰਨਾਂ ਕਾਰਨ ਦੇਸ਼ ਦੀ ਆਰਥਿਕਤਾ ਨੂੰ ਲੱਗੇਗੀ ਵੱਡੀ ਢਾਹ: ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ

TeamGlobalPunjab
3 Min Read

ਸੰਗਰੂਰ, 3 ਅਕਤੂਬਰ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀਬਾੜੀ ਸਬੰਧੀ ਕਾਨੂੰਨਾਂ ਨੂੰ ਕਿਸਾਨ, ਮਜਦੂਰ ਤੇ ਖੇਤੀ ਵਿਰੋਧੀ ਕਰਾਰ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਨਵੇਂ ਪਾਸ ਕੀਤੇ ਗਏ ਕਾਨੂੰਨਾਂ ਕਾਰਨ ਦੇਸ਼ ਦੀ ਆਰਥਿਕਤਾ ਨੂੰ ਵੱਡੀ ਢਾਹ ਲੱਗੇਗੀ ਅਤੇ ਸਭ ਤੋਂ ਜ਼ਿਆਦਾ ਆਰਥਿਕ ਨੁਕਸਾਨ ਖੇਤੀ ਪ੍ਰਧਾਨ ਸੂਬਿਆਂ ਦਾ ਹੋਵੇਗਾ। ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਅੱਜ ਸੰਗਰੂਰ ਵਿਖੇ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਲਾਮਬੱਧ ਕਰਨ ਲਈ ਪਹੁੰਚੇ ਹੋਏ ਸਨ। ਇਸਦੇ ਨਾਲ ਹੀ ਉਨ੍ਹਾਂ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਕੋਵਿਡ-19 ਦੀ ਮਹਾਂਮਾਰੀ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ।

ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਵਿਰੁੱਧ ਪੰਜਾਬ ਭਰ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਕਿਉਂਕਿ ਇਨ੍ਹਾਂ ਕਾਨੂੰਨਾਂ ਦੇ ਪਾਸ ਹੋਣ ਨਾਲ ਘੱਟੋ-ਘੱਟ ਸਮਰਥਨ ਮੁੱਲ ਨੂੰ ਵੱਡਾ ਖ਼ਤਰਾ ਪੈਦਾ ਹੋ ਗਿਆ ਹੈ।ਉਨ੍ਹਾਂ ਕਿਹਾ ਕਿ ਇਸ ਲਈ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸ਼੍ਰੀ ਰਾਹੁਲ ਗਾਂਧੀ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ 5 ਅਕਤੂਬਰ ਦਿਨ ਸੋਮਵਾਰ ਨੂੰ ਸੰਗਰੂਰ ਤੋਂ ਇਨ੍ਹਾਂ ਕਾਨੂੰਨਾਂ ਦੇ ਵਿਰੋਧ ਵਿਚ ਰੋਸ ਰੈਲੀ ਕਰਵਾਈ ਜਾ ਰਹੀ ਹੈ ਤਾਂ ਜੋ ਇਨ੍ਹਾਂ ਨੂੰ ਵਾਪਸ ਕਰਵਾਇਆ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਲੋਕ ਮਾਰੂ ਨੀਤੀਆਂ ਦੇ ਵਿਰੋਧ ਵਿਚ ਸੜਕਾਂ ਉੱਤੇ ਨਿੱਤਰਣ ਤਾਂ ਜੋ ਵੱਡੇ ਪੱਧਰ ਤੇ ਰੋਸ ਦਰਜ ਕਰਵਾਇਆ ਜਾ ਸਕੇ।

ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਇਹ ਕਾਨੂੰਨ ਪਹਿਲਾਂ ਬਿਹਾਰ ਵਿਚ ਲਾਗੂ ਕੀਤਾ ਗਿਆ ਸੀ ਜੋ ਕਿ ਪੂਰੀ ਤਰ੍ਹਾਂ ਫੇਲ੍ਹ ਹੋਇਆ ਹੈ ਅਤੇ ਕਿਸਾਨਾਂ ਦੀ ਆਮਦਨੀ ਵਿੱਚ ਭਾਰੀ ਗਿਰਾਵਟ ਆਈ ਹੈ। ਉਨ੍ਹਾਂ ਕਿਹਾ ਕਿ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਇਕ ਸੋਚੀ ਸਮਝੀ ਸਾਜਿਸ਼ ਤਹਿਤ ਇਹ ਕਾਲੇ ਕਾਨੂੰਨ ਦੇਸ਼ ਵਿੱਚ ਲਾਗੂ ਕਰਨਾ ਚਾਹੁੰਦੀ ਹੈ ਜਿਸ ਦਾ ਸਭ ਤੋਂ ਵੱਡਾ ਨੁਕਸਾਨ ਪੰਜਾਬ ਦੇ ਕਿਸਾਨਾਂ ਨੂੰ ਹੋਵੇਗਾ। ਉਨ੍ਹਾਂ ਕਿਹਾ ਕਿ ਜਿੱਥੇ ਵੀ ਮੰਡੀਕਰਨ ਖਤਮ ਕੀਤਾ ਗਿਆ ਹੈ ਉਥੇ ਕਿਸਾਨਾਂ ਅਤੇ ਆਰਥਿਕਤਾ ਦਾ ਮਾੜਾ ਹਾਲ ਹੋ ਗਿਆ ਹੈ।

ਇਸ ਤੋਂ ਪਹਿਲਾਂ ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸ ਲਈ ਨਿਰੰਤਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਦੀ ਮਹਾਂਮਾਰੀ ਦੇ ਮੱਦੇਨਜਰ ਵੀ ਸਰਕਾਰੀ ਸਿਹਤ ਸੰਸਥਾਵਾਂ ਵਿਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਕੋਵਿਡ-19 ਦੇ ਸੰਪਰਕ ਵਿਚ ਆਉਣ ਦੇ ਖ਼ਤਰੇ ਤੋਂ ਬਚਣ ਲਈ ਮਾਸਕ ਪਹਿਨਣ ਨੂੰ ਹਮੇਸ਼ਾ ਤਰਜੀਹ ਦੇਣ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਐਮ.ਐਲ.ਏ. ਧੂਰੀ ਦਲਬੀਰ ਸਿੰਘ ਗੋਲਡੀ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰ ਕਲਾਂ, ਚੇਅਰਮੈਨ ਮਾਰਕਿਟ ਕਮੇਟੀ ਅਨਿਲ ਕੁਮਾਰ ਘੀਚਾ, ਸੀਨੀਅਰ ਕਾਂਗਰਸੀ ਆਗੂ ਦਾਮਨ ਥਿੰਦ ਬਾਜਵਾ, ਹਰਮਨਦੇਵ ਬਾਜਵਾ, ਅਮਰਜੀਤ ਸਿੰਘ ਸਿੱਧੂ, ਆਸ਼ੂ ਭੂਤ ਅਤੇ ਵੱਖ-ਵੱਖ ਹਲਕਿਆਂ ਤੋਂ ਨੁਮਾਇੰਦੇ ਹਾਜ਼ਰ ਸਨ।

Share This Article
Leave a Comment