ਆਏ ਦਿਨ ਬੇਰੁਜ਼ਗਾਰ ਨੌਜਵਾਨਾਂ ਅਤੇ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਆਤਮ ਹੱਤਿਆਵਾਂ ਲਈ ਕੈਪਟਨ ਸਰਕਾਰ ਜ਼ਿੰਮੇਵਾਰ- ‘ਆਪ’

TeamGlobalPunjab
5 Min Read

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਵਿੱਚ ਬੇਰੁਜ਼ਗਾਰੀ ਦਾ ਸ਼ਿਕਾਰ ਨੌਜਵਾਨਾਂ ਅਤੇ ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨਾਂ ਵੱਲੋਂ ਕੀਤੀਆਂ ਜਾਂਦੀਆਂ ਖੁਦਕੁਸ਼ੀਆਂ ਦੀਆਂ ਘਟਨਾਵਾਂ ਵਿੱਚ ਹੋ ਰਹੇ ਵਾਧੇ ‘ਤੇ ਗੰਭੀਰ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਹੈ ਕਿ ਅਜਿਹਾ ਇੱਕ ਦਿਨ ਵੀ ਨਹੀਂ ਲੰਘਦਾ ਜਦੋਂ ਖੁਦਕੁਸ਼ੀਆਂ ਦੀਆਂ ਘਟਨਾਵਾਂ ਦੀ ਖ਼ਬਰ ਅਖ਼ਬਾਰਾਂ ਵਿਚ ਨਾ ਛਪਦੀਆਂ ਹੋਣ। ਇਨ੍ਹਾਂ ਆਤਮ ਹੱਤਿਆਵਾਂ ਲਈ ਸਿੱਧੇ ਤੌਰ ‘ਤੇ ਕੈਪਟਨ ਸਰਕਾਰ ਜ਼ਿੰਮੇਵਾਰ ਹੈ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਸਾਂਝੇ ਬਿਆਨ ਵਿੱਚ ਕੁਲਤਾਰ ਸਿੰਘ ਸੰਧਵਾਂ, ਜੈ ਕ੍ਰਿਸਨ ਸਿੰਘ ਰੋੜੀ, ਵਿਰੋਧੀ ਧਿਰ ਦੀ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ, ਕੁਲਵੰਤ ਸਿੰਘ ਪੰਡੋਰੀ ਅਤੇ ਮਨਜੀਤ ਸਿੰਘ ਬਿਲਾਸਪੁਰ (ਸਾਰੇ ਵਿਧਾਇਕ) ਨੇ ਕਿਹਾ ਕਿ ਪਿਛਲੀ ਭਾਜਪਾ-ਅਕਾਲੀ ਦਲ ਦੀ ਸਰਕਾਰ ਅਤੇ ਸੱਤਾਧਾਰੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਲੋਕ ਵਿਰੋਧੀ ਨੀਤੀਆਂ ਕਾਰਨ ਅੱਜ ਬੇਰੁਜ਼ਗਾਰ ਨੌਜਵਾਨ ਅਤੇ ਕਰਜ਼ਾਈ ਹੋਏ ਕਿਸਾਨ ਐਨੇ ਦੁਖੀ ਹਨ ਕਿ ਉਹ ਮਜਬੂਰੀ ਵੱਸ ਆਤਮਹੱਤਿਆ ਦੇ ਰਾਹ ਪੈ ਗਏ ਹਨ। ਜਿਸ ਕਾਰਨ ਦੇਸ਼ ਦਾ ਭਵਿੱਖ ਅਤੇ ਅੰਨਦਾਤਾ ਕਹੇ ਜਾਣ ਵਾਲੇ ਨੌਜਵਾਨ ਅਤੇ ਕਿਸਾਨ ਦੀ ਹਾਲਤ ਦਿਨ ਪ੍ਰਤੀ ਦਿਨ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ ਅਤੇ ਕੈਪਟਨ ਸਰਕਾਰ ਕੁੰਭਕਰਨੀ ਨੀਂਦ ‘ਚ ਆਪਣੇ ਮਹਿਲਾਂ ਵਿਚ ਆਰਾਮ ਫ਼ਰਮਾ ਰਹੀ ਹੈ, ਜੋ ਕਿ ਬਹੁਤ ਹੀ ਦੁਖਦ ਹੈ।

ਕੁਲਤਾਰ ਸਿੰਘ ਸੰਧਵਾਂ ਨੇ ਵੱਖ-ਵੱਖ ਘਟਨਾਵਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਅਧੀਨ ਪੈਂਦੇ ਧੂਰੀ ਹਲਕੇ ਦੇ ਪਿੰਡ ਲੱਡਾ ਦੇ 20 ਸਾਲ ਦੀ ਉਮਰ ਦੇ ਇੱਕ ਦਲਿਤ ਨੌਜਵਾਨ ਕਮਲਪ੍ਰੀਤ ਸਿੰਘ ਨੇ ਆਪਣੇ ਆਪ ਨੂੰ ਇੱਕ ਦਰਖ਼ਤ ਨਾਲ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ, ਜਦਕਿ ਇੱਕ ਹੋਰ ਬੇਰੁਜ਼ਗਾਰ ਨੌਜਵਾਨ ਸੰਦੀਪ ਸਿੰਘ ਜੋ ਕਿ ਮਾਨਸਾ ਜ਼ਿਲ੍ਹੇ ਦੇ ਅਧੀਨ ਪੈਂਦੇ ਪਿੰਡ ਜਵਾਹਰਕੇ ਦਾ ਰਹਿਣ ਵਾਲਾ ਸੀ ਨੇ ਚੱਲਦੀ ਰੇਲ ਗੱਡੀ ਅੱਗੇ ਛਾਲ ਮਾਰ ਕੇ ਆਤਮਹੱਤਿਆ ਕਰ ਲਈ। ਇਸੇ ਤਰਾਂ ਹੀ ਇੱਕ ਹੋਰ ਮੋਗਾ ਵਾਸੀ ਨੌਜਵਾਨ ਹਰੀਸ਼ ਕੁਮਾਰ (20) ਜੋ ਕਿ ਬਹੁਤ ਸਮੇਂ ਤੋਂ ਬੇਰੁਜ਼ਗਾਰ ਸੀ ਨੇ ਰੋਜ਼ਗਾਰ ਨਾ ਮਿਲਣ ਕਾਰਨ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਸੰਧਵਾਂ ਨੇ ਕਿਹਾ ਕਿ ਕਰਜ਼ੇ ਦੀ ਭਾਰੀ ਪੰਡ ਦੇ ਕਾਰਨ ਖੁਦਕੁਸ਼ੀਆਂ ਦਾ ਦੌਰ ਹਰ ਦਿਨ ਵਧ ਰਿਹਾ ਹੈ ਪ੍ਰੰਤੂ ਸਮੇਂ ਦੀਆਂ ਸਰਕਾਰਾਂ ਇਹਨਾਂ ਵੱਲ ਬਿਲਕੁਲ ਵੀ ਧਿਆਨ ਨਹੀਂ ਦੇ ਰਹੀਆਂ। ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਆਪਣੇ ਚੋਣ ਮੈਨੀਫੈਸਟੋ ਵਿਚ ਕੀਤੇ ਲਿਖਤ ਵਾਅਦੇ ਸਮੇਂ ਰਹਿੰਦੇ ਪੂਰੇ ਨਾ ਕੀਤੇ ਤਾਂ ਆਉਣ ਵਾਲੇ ਸਮੇਂ ਵਿਚ ਪੰਜਾਬ ਦੀ ਸਮੂਹ ਜਨਤਾ ਨੂੰ ਨਾਲ ਲੈ ਕੇ ਕਾਂਗਰਸ ਸਰਕਾਰ ਦੇ ਖ਼ਿਲਾਫ਼ ਸੰਘਰਸ਼ ਦਾ ਐਲਾਨ ਕਰੇਗੀ ਤਾਂਕਿ ਦੇਸ਼ ਦੇ ਭਵਿੱਖ ਅਤੇ ਅੰਨਦਾਤਾ ਨੂੰ ਆਤਮਹੱਤਿਆ ਦੇ ਰਾਹ ‘ਤੇ ਜਾਣ ਤੋਂ ਬਚਾਇਆ ਜਾ ਸਕੇ।

ਇਸ ਮੌਕੇ ਸੰਬੋਧਨ ਕਰਦਿਆਂ ਬੀਬੀ ਸਰਬਜੀਤ ਕੌਰ ਮਾਣੂੰਕੇ ਅਤੇ ਜੈ ਕ੍ਰਿਸਨ ਸਿੰਘ ਰੋੜੀ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਸੂਬੇ ਵਿੱਚ ਹੋ ਰਹੀਆਂ ਖੁਦਕੁਸ਼ੀਆਂ ਦੀਆਂ ਵਧ ਰਹੀਆਂ ਘਟਨਾਵਾਂ ਲਈ ਪੂਰੀ ਤਰਾਂ ਨਾਲ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਸੂਬੇ ਵਿੱਚ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਆਤਮਹੱਤਿਆ ਦੇ ਰਾਹ ‘ਤੇ ਚੱਲਣ ਤੋਂ ਇਲਾਵਾ ਕੋਈ ਹੋਰ ਰਾਹ ਨਹੀਂ ਹੈ, ਕਿਉਂਕਿ ਪੰਜਾਬ ਦੇ ਪੜੇ-ਲਿਖੇ ਨੌਜਵਾਨ ਲੜਕੇ-ਲੜਕੀਆਂ ਆਪਣੇ ਹੱਕ ਲੈਣ ਲਈ ਹੱਥਾਂ ਵਿਚ ਡਿਗਰੀਆਂ ਫੜ ਸੜਕਾਂ ‘ਤੇ ਉੱਤਰਨ ਲਈ ਮਜਬੂਰ ਹਨ। ਕੈਪਟਨ ਦੀ ਸਰਕਾਰ ਉਨ੍ਹਾਂ ਨੂੰ ਰੋਜ਼ਗਾਰ ਦੇਣ ਦੀ ਬਜਾਏ ਉਨ੍ਹਾਂ ਮਾਸੂਮਾਂ ‘ਤੇ ਲਾਠੀਆਂ ਨਾਲ ਹਮਲੇ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਚੋਣਾਂ ਵਿਚ ਲਿਖਤ ਰੂਪ ਵਿਚ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਤੋਂ ਬਾਅਦ ਘਰ-ਘਰ ਰੋਜ਼ਗਾਰ ਅਤੇ ਹਰ ਕਿਸਾਨ ਦਾ ਪੂਰਾ ਕਰਜ਼ਾ ਮੁਆਫ਼ ਕਰ ਦਿੱਤਾ ਜਾਵੇਗਾ ਪਰੰਤੂ ਅਫ਼ਸੋਸ ਕੈਪਟਨ ਅਮਰਿੰਦਰ ਸਿੰਘ ਨੂੰ ਸੱਤਾ ਦਾ ਅਨੰਦ ਲੈਂਦੇ ਕਰੀਬ 3 ਸਾਲ ਬੀਤ ਗਏ ਪਰੰਤੂ ਅਜੇ ਤੱਕ ਕੋਈ ਵਾਅਦਾ ਪੂਰਾ ਨਹੀਂ ਕੀਤਾ।

- Advertisement -

‘ਆਪ’ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਕਾਂਗਰਸ ਸਰਕਾਰ ਦੀ ਕਰਜ਼ਾ ਮਾਫ਼ੀ ਦੀ ਸਕੀਮ ਵੀ ਇੱਕ ਡਰਾਮਾ ਹੀ ਸਾਬਤ ਹੋਈ ਅਤੇ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਕਿਸਾਨਾਂ ਸਿਰ ਕਰਜ਼ਾ ਹੋਰ ਵਧਦਾ ਜਾ ਰਿਹਾ ਹੈ, ਜਿਸ ਕਾਰਨ ਕਿਸਾਨ ਕਰਜ਼ੇ ਤੋਂ ਦੁਖੀ ਹੋ ਕੇ ਆਤਮ ਹੱਤਿਆ ਕਰ ਰਹੇ ਹਨ। ਕੈਪਟਨ ਸਰਕਾਰ ਨੇ ਕਰਜ਼ਾ ਮੁਆਫ਼ੀ ਸਮਾਗਮਾਂ ਦਾ ਆਯੋਜਨ ਕਰ ਕੇ ਕਿਸਾਨਾਂ ਦਾ ਕਰਜ਼ਾ ਨਾ-ਮਾਤਰ ਮੁਆਫ਼ ਕੀਤਾ ਹੈ ਅਤੇ ਆਪਣੀ ਫੋਕੀ ਵਾਹ-ਵਾਹ ਲੁੱਟਣ ਲਈ ਪ੍ਰਚਾਰ ‘ਤੇ ਕਰੋੜਾਂ ਰੁਪਏ ਖ਼ਰਚ ਕਰ ਦਿੱਤਾ ਜੋ ਕਿ ਅਤਿ ਨਿੰਦਣਯੋਗ ਹੈ।

ਅੰਤ ਵਿਚ ‘ਆਪ’ ਆਗੂਆਂ ਨੇ ਕਿਹਾ ਕਿ ਜੇਕਰ ਕੈਪਟਨ ਸਰਕਾਰ ਆਪਣੀ ਕੁੰਭਕਰਨੀ ਨੀਂਦ ਤੋਂ ਨਾ ਜਾਗੀ ਅਤੇ ਚੋਣ ਮੈਨੀਫੈਸਟੋ ਵਿਚ ਕੀਤੇ ਲਿਖਤ ਵਾਅਦੇ ਪੂਰੇ ਨਾ ਕੀਤੇ ਤਾਂ ਆਉਣ ਵਾਲੇ ਸਮੇਂ ਵਿਚ ਕੈਪਟਨ ਸਰਕਾਰ ਦੇ ਖ਼ਿਲਾਫ਼ ਬੇਰੁਜ਼ਗਾਰ ਨੌਜਵਾਨਾਂ ਅਤੇ ਕਿਸਾਨਾਂ ਨੂੰ ਨਾਲ ਲੈ ਕੇ ਸੰਘਰਸ਼ ਦਾ ਐਲਾਨ ਕਰੇਗੀ।

Share this Article
Leave a comment