ਚੰਡੀਗੜ੍ਹ: ਪੰਜਾਬ ‘ਚ ਲਗਾਤਾਰ ਮਹਿੰਗੀ ਹੋ ਰਹੀ ਬਿਜਲੀ ਦੇ ਮੁੱਦੇ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਵਲੋਂ ਚੰਡੀਗੜ੍ਹ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਸੰਸਦ ਮੈਂਬਰ ਭਗਵੰਤ ਮਾਨ ਦੀ ਅਗਵਾਈ ‘ਚ ਕੀਤੇ ਜਾ ਰਹੇ ਇਸ ਪ੍ਰਦਰਸ਼ਨ ‘ਚ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਕੀਤੀਆਂ। ਤੇਜ ਬੁਛਾੜਾਂ ਨਾਲ ਪ੍ਰਦਰਸ਼ਨ ਕਰ ਰਹੇ ਆਪ ਵਰਕਰਾਂ ਦੀਆਂ ਪੱਗਾਂ ਲੱਥ ਗਈਆਂ ਤੇ ਕਈ ਪ੍ਰਦਰਸ਼ਨਕਾਰੀ ਸੜਕ ‘ਤੇ ਡਿੱਗ ਕੇ ਜ਼ਖਮੀ ਹੋ ਗਏ ।
ਇਸ ਦੌਰਾਨ ‘ਆਪ’ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਵਿਧਾਇਕ ਸਰਬਜੀਤ ਮਣੂਕੇ, ਵਿਧਾਇਕ ਮਨਜੀਤ ਬਿਲਾਸਪੁਰ ਸਮੇਤ 100 ਦੇ ਕਰੀਬ ਵਰਕਰਾਂ ਨੂੰ ਹਿਰਾਸਤ ‘ਚ ਲੈ ਲਿਆ ਗਿਆ। ਫਿਲਹਾਲ ਪੁਲਸ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਵਾਪਸ ਐੱਮ. ਐੱਲ. ਏ. ਹੋਸਟਲ ਭੇਜ ਦਿੱਤਾ ਗਿਆ ਹੈ।
ਦੱਸ ਦਈਏ ਆਪ ਵਰਕਰ ਸੀਐਮ ਦੀ ਕੋਠੀ ਦਾ ਘਿਰਾਓ ਕਰਨ ਲਈ ਪੁੱਜੇ ਹੋਏ ਸਨ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਪੰਜਾਬ ਦੇ ਲੋਕਾਂ ਨਾਲ ਗਲਤ ਵਿਵਹਾਰ ਕਰ ਰਹੀ ਹੈ। ਬਿਜਲੀ ਦੀ ਦਰਾਂ ਵਿੱਚ ਜਿਸ ਤਰ੍ਹਾਂ ਵਾਧਾ ਕੀਤਾ ਗਿਆ ਹੈ ਉਸ ਨਾਲ ਆਮ ਲੋਕਾਂ ‘ਤੇ ਸਿੱਧਾ ਅਸਰ ਪਵੇਗਾ । ਦੂਜੇ ਪਾਸੇ ਇਕ ਵੀ ਯੂਨਿਟ ਦਾ ਉਤਪਾਦਨ ਨਾ ਕਰਨ ਵਾਲੀ ਦਿੱਲੀ ਦੀ ਕੇਜਰੀਵਾਲ ਸਰਕਾਰ ਦਿੱਲੀ ਵਾਸੀਆਂ ਨੂੰ ਸਭ ਤੋਂ ਸਸਤੀ ਬਿਜਲੀ ਮੁਹੱਈਆ ਕਰਵਾ ਰਹੀ ਹੈ।