ਹਰੀਕੇ ਪੱਤਣ ਅਰਦਾਸ ਸਮਾਗਮ: ਬੀਬੀ ਪਰਮਜੀਤ ਕੌਰ ਖਾਲੜਾ ਨੇ ਜਥੇਦਾਰ ਅੱਗੇ ਰੱਖੀਆਂ 3 ਮੰਗਾਂ

Global Team
3 Min Read

ਨਿਊਜ਼ ਡੈਸਕ: 14 ਜੁਲਾਈ ਨੂੰ ਹਰੀਕੇ ਪੱਤਣ ਵਿਖੇ ਹੋਣ ਵਾਲੇ ਅਰਦਾਸ ਸਮਾਗਮ ਤੋਂ ਪਹਿਲਾਂ ਪਰਮਜੀਤ ਕੌਰ ਖਾਲੜਾ ਨੇ ਇੱਕ ਲਿਖਤੀ ਸੰਦੇਸ਼ ਰਾਹੀਂ ਅਪੀਲ ਕੀਤੀ ਹੈ।  ਬੀਬੀ ਪਰਮਜੀਤ ਕੌਰ ਖਾਲੜਾ ਨੇ ਪੰਜਾਬ, ਸਿੱਖ ਭਾਈਚਾਰੇ ਅਤੇ ਦੁਨੀਆ ਭਰ ਦੇ ਉਹਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਜੋ ਇਨਸਾਫ ਅਤੇ ਮਨੁੱਖੀ ਅਧਿਕਾਰਾਂ ਵਿੱਚ ਵਿਸ਼ਵਾਸ ਰੱਖਦੇ ਹਨ ਕਿ ਉਹ ਇਸ ਮੌਕੇ ‘ਤੇ ਇਕੱਠੇ ਹੋ ਕੇ ਪੀੜਤ ਪਰਿਵਾਰਾਂ ਦੇ ਨਾਲ ਖੜ੍ਹਨ।

1980 ਤੇ 1990 ਦੇ ਦਹਾਕੇ ਦੌਰਾਨ ਪੰਜਾਬ ‘ਚ ਕਥਿਤ ਲਾਪਤਾ ਵਿਅਕਤੀਆਂ, ਲਾਵਾਰਿਸ ਲਾਸ਼ਾਂ ਤੇ ਝੂਠੇ ਪੁਲਿਸ ਮੁਕਾਬਲਿਆਂ ‘ਚ ਮਾਰੇ ਗਏ ਲੋਕਾਂ ਬਾਰੇ ਅਸਲ ਅੰਕੜਿਆਂ ਦਾ ਖੁਲਾਸਾ ਕਰਨ ਦੀ ਮੰਗ ਇੱਕ ਵਾਰ ਫਿਰ ਤੇਜ਼ ਹੋ ਗਈ ਹੈ। ਮਰਹੂਮ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੀ ਪਤਨੀ ਪਰਮਜੀਤ ਕੌਰ ਖਾਲੜਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਇਸ ਮੁੱਦੇ ‘ਤੇ ਇੱਕ ਸੁਤੰਤਰ ਲੋਕ ਕਮਿਸ਼ਨ ਗਠਿਤ ਕਰਨ ਦੀ ਅਪੀਲ ਕੀਤੀ ਹੈ।

ਪਰਮਜੀਤ ਖਾਲੜਾ ਦੀਆਂ ਤਿੰਨ ਮੁੱਖ ਮੰਗਾਂ

1980 ਤੇ 1990 ਦੇ ਦਹਾਕੇ ਦੌਰਾਨ ਕਥਿਤ ਲਾਪਤਾ ਲੋਕਾਂ, ਲਾਵਾਰਿਸ ਐਲਾਨੀਆਂ ਗਈਆਂ ਲਾਸ਼ਾਂ ਅਤੇ ਕਥਿਤ ਝੂਠੇ ਪੁਲਿਸ ਮੁਕਾਬਲਿਆਂ ‘ਚ ਮਾਰੇ ਗਏ ਵਿਅਕਤੀਆਂ ਦੀ ਅਸਲ ਗਿਣਤੀ ਦਾ ਪਤਾ ਲਗਾਉਣ ਲਈ ਇੱਕ ਲੋਕ ਕਮਿਸ਼ਨ ਗਠਿਤ ਕੀਤਾ ਜਾਣਾ ਚਾਹੀਦਾ ਹੈ।

ਜਸਵੰਤ ਸਿੰਘ ਖਾਲੜਾ ਨੇ ਆਪਣੀ ਮੁਹਿੰਮ ਦੌਰਾਨ ਜਿਨ੍ਹਾਂ ਅਣਪਛਾਤੀਆਂ ਲਾਸ਼ਾਂ ਦੀ ਪਛਾਣ ਕੀਤੀ ਸੀ, ਉਨ੍ਹਾਂ ਨੂੰ ਕੇਂਦਰੀ ਸਿੱਖ ਅਜਾਇਬ ਘਰ ਦੇ ਅੰਦਰ ਸਤਿਕਾਰਯੋਗ ਸਥਾਨ ਦਿੱਤਾ ਜਾਣਾ ਚਾਹੀਦਾ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੂੰ ਪੀੜਤ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨੀ ਚਾਹੀਦੀ ਹੈ।

ਸਰਕਾਰਾਂ ਪੀੜਤਾਂ ਨੂੰ ਇਨਸਾਫ ਦਿਵਾਉਣ ਵਿੱਚ ਨਾਕਾਮ ਰਹੀਆਂ

ਸੰਦੇਸ਼ ਵਿੱਚ ਇਹ ਵੀ ਆਰੋਪ ਲਗਾਇਆ ਗਿਆ ਹੈ ਕਿ ਵੱਖ-ਵੱਖ ਸਮਿਆਂ ਵਿੱਚ ਸੱਤਾ ਵਿੱਚ ਰਹੀਆਂ ਸਰਕਾਰਾਂ ਪੀੜਤਾਂ ਨੂੰ ਇਨਸਾਫ ਦਿਵਾਉਣ ਵਿੱਚ ਨਾਕਾਮ ਰਹੀਆਂ। ਨਾਲ ਹੀ ਇਹ ਵੀ ਕਿਹਾ ਗਿਆ ਕਿ ਕੁਝ ਮਾਮਲਿਆਂ ਵਿੱਚ ਆਰੋਪੀ ਅਧਿਕਾਰੀਆਂ ਨੂੰ ਸੁਰੱਖਿਆ ਅਤੇ ਅਹਿਮ ਅਹੁਦੇ ਦਿੱਤੇ ਗਏ, ਜਦਕਿ ਪ੍ਰਭਾਵਿਤ ਪਰਿਵਾਰਾਂ ਨੂੰ ਕਾਨੂੰਨੀ ਅਤੇ ਸਮਾਜਿਕ ਸੰਘਰਸ਼ ਦਾ ਸਾਹਮਣਾ ਕਰਨਾ ਪਿਆ।

ਅੰਤ ਵਿੱਚ ਉਨ੍ਹਾਂ ਕਿਹਾ ਕਿ ਇਨਸਾਫ ਕਿਸੇ ਇੱਕ ਰਾਜਨੀਤਿਕ ਪਾਰਟੀ ਦਾ ਨਹੀਂ, ਸਗੋਂ ਪੂਰੇ ਸਮਾਜ ਦਾ ਮੁੱਦਾ ਹੈ। ਇਸ ਲਈ ਇਸ ਮਸਲੇ ਨੂੰ ਰਾਜਨੀਤੀ ਤੋਂ ਉੱਪਰ ਉੱਠ ਕੇ ਦੇਖਿਆ ਜਾਵੇ ਅਤੇ ਸੱਚ, ਜਵਾਬਦੇਹੀ ਅਤੇ ਇਨਸਾਫ ਨੂੰ ਯਕੀਨੀ ਬਣਾਉਣ ਲਈ ਸਾਰੇ ਪੱਖ ਮਿਲ ਕੇ ਯਤਨ ਕਰਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment