ਕਾਠਮੰਡੂ : ਨੇਪਾਲ ਦੀ ਰਾਜਨੀਤੀ ਵਿੱਚ ਵੱਡੀ ਉਥਲ-ਪੁਥਲ ਦੇਖਣ ਨੂੰ ਮਿਲ ਰਹੀ ਹੈ। ਸਾਬਕਾ ਪ੍ਰਧਾਨ ਮੰਤਰੀ ਸ਼ੇਰ ਬਹਾਦਰ ਦੇਉਬਾ ਦੇ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਇਆ ਹੈ। ਬਾਲੇਨ ਸਰਕਾਰ ਦੇ ਤਹਿਤ ਨਿਸ਼ਾਨਾ ਬਣਾਏ ਜਾਣ ਵਾਲੇ ਸ਼ੇਰ ਬਹਾਦਰ ਦੇਉਬਾ ਦੂਜੇ ਪ੍ਰਧਾਨ ਮੰਤਰੀ ਹਨ। ਕੁਝ ਦਿਨ ਪਹਿਲਾਂ ਹੀ ਨੇਪਾਲ ਦੇ ਸਾਬਕਾ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਕਾਠਮੰਡੂ ਜ਼ਿਲ੍ਹਾ ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਸ਼ੇਰ ਬਹਾਦਰ ਦੇਉਬਾ ਅਤੇ ਉਨ੍ਹਾਂ ਦੀ ਪਤਨੀ, ਸਾਬਕਾ ਵਿਦੇਸ਼ ਮੰਤਰੀ ਆਰਜ਼ੂ ਰਾਣਾ ਦੇਉਬਾ ਦੇ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ। ਇਹ ਮਾਮਲਾ ਪੈਸੇ ਦੇ ਗੈਰ-ਕਾਨੂੰਨੀ ਲੈਣ-ਦੇਣ ਦੀ ਜਾਂਚ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ।
ਸਾਬਕਾ ਪ੍ਰਧਾਨ ਮੰਤਰੀ ਸ਼ੇਰ ਬਹਾਦਰ ਦੇਉਬਾ ਅਤੇ ਉਨ੍ਹਾਂ ਦੀ ਪਤਨੀ ਦੇ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਣ ਨਾਲ ਸਿਆਸੀ ਮਾਹੌਲ ਗਰਮਾ ਗਿਆ ਹੈ। ਰਿਪੋਰਟਾਂ ਮੁਤਾਬਕ, ਇਹ ਫੈਸਲਾ ਜੱਜ ਮਹਿੰਦਰ ਖੜਕਾ ਦੇ ਬੈਂਚ ਦੀ ਮਨਜ਼ੂਰੀ ਤੋਂ ਬਾਅਦ ਲਿਆ ਗਿਆ। ਜਾਂਚ ਏਜੰਸੀ ਲੰਬੇ ਸਮੇਂ ਤੋਂ ਦੇਉਬਾ, ਉਨ੍ਹਾਂ ਦੀ ਪਤਨੀ ਅਤੇ ਹੋਰ ਨੇਤਾਵਾਂ ‘ਤੇ ਮਨੀ ਲਾਂਡਰਿੰਗ ਦੇ ਦੋਸ਼ਾਂ ਦੀ ਜਾਂਚ ਕਰ ਰਹੀ ਸੀ।
ਦੱਸਿਆ ਜਾ ਰਿਹਾ ਹੈ ਕਿ ਪਿਛਲੇ ਸਾਲ ਸਤੰਬਰ ਵਿੱਚ ਹੋਏ ਜੇਨ-ਜ਼ੀ ਅੰਦੋਲਨ ਦੌਰਾਨ ਕਈ ਨੇਤਾਵਾਂ ਦੇ ਘਰਾਂ ਵਿੱਚੋਂ ਸੜੀ ਹੋਈ ਨਕਦੀ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸਾਹਮਣੇ ਆਈਆਂ ਸਨ। ਇਨ੍ਹਾਂ ਵਿੱਚ ਦੇਉਬਾ ਦੇ ਘਰ ਨਾਲ ਸਬੰਧਤ ਦ੍ਰਿਸ਼ ਵੀ ਸ਼ਾਮਲ ਸਨ। ਫੋਰੈਂਸਿਕ ਜਾਂਚ ਵਿੱਚ ਇਨ੍ਹਾਂ ਨੋਟਾਂ ਦੇ ਅਸਲੀ ਹੋਣ ਦੀ ਪੁਸ਼ਟੀ ਹੋਈ ਹੈ, ਜਿਸ ਤੋਂ ਬਾਅਦ ਮਾਮਲਾ ਗੰਭੀਰ ਹੋ ਗਿਆ ਅਤੇ ਵਿਆਪਕ ਜਾਂਚ ਸ਼ੁਰੂ ਕੀਤੀ ਗਈ।
ਹਾਲਾਂਕਿ, ਦੇਉਬਾ ਅਤੇ ਉਨ੍ਹਾਂ ਦੀ ਪਤਨੀ ਦੇਸ਼ ਤੋਂ ਬਾਹਰ ਹਨ। ਉਹ 26 ਫਰਵਰੀ ਨੂੰ ਇਲਾਜ ਲਈ ਸਿੰਗਾਪੁਰ ਗਏ ਸਨ ਜਿਸ ਤੋਂ ਬਾਅਦ ਉਹ ਅਜੇ ਵਾਪਸ ਨਹੀਂ ਆਏ ਹਨ ਅਤੇ ਖ਼ਬਰ ਹੈ ਕਿ ਉਹ ਹਾਂਗਕਾਂਗ ਵਿੱਚ ਹਨ। ਸੂਤਰਾਂ ਅਨੁਸਾਰ, ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦਾ ਮਕਸਦ ਇੰਟਰਪੋਲ ਰੈੱਡ ਨੋਟਿਸ ਜਾਰੀ ਕਰਵਾਉਣ ਦੀ ਪ੍ਰਕਿਰਿਆ ਨੂੰ ਅੱਗੇ ਵਧਾਉਣਾ ਹੈ।
ਇਸ ਨਾਲ ਵਿਦੇਸ਼ ਵਿੱਚ ਮੌਜੂਦ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਕੇ ਨੇਪਾਲ ਲਿਆਂਦਾ ਜਾ ਸਕਦਾ ਹੈ। ਰੈੱਡ ਨੋਟਿਸ ਆਉਣ ਤੋਂ ਬਾਅਦ ਵਿਦੇਸ਼ ਵਿੱਚ ਹੀ ਉਨ੍ਹਾਂ ਨੂੰ ਰੋਕਿਆ ਜਾ ਸਕਦਾ ਹੈ ਅਤੇ ਨੇਪਾਲ ਵਾਪਸ ਲਿਆਉਣ ਵਿੱਚ ਮਦਦ ਮਿਲੇਗੀ। ਸ਼ੇਰ ਬਹਾਦਰ ਦੇਉਬਾ ਪੰਜ ਵਾਰ ਨੇਪਾਲ ਦੇ ਪ੍ਰਧਾਨ ਮੰਤਰੀ ਰਹੇ ਹਨ।

