ਅੰਮ੍ਰਿਤਸਰ: ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਰਾਬ ਪੀਣ ਦੀ ਘਿਨੌਣੀ ਹਰਕਤ ਕਰਨ ਵਾਲੀ ਔਰਤ ਦੀ ਮੌਤ ਮਗਰੋਂ ਗ੍ਰਿਫ਼ਤਾਰ ਕੀਤੇ ਗਏ ਸਿੱਖ ਨੌਜੁਆਨ ਨਿਰਮਲਜੀਤ ਸਿੰਘ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਨੂੰਨੀ ਮਦਦ ਦਿੱਤੀ ਜਾਵੇਗੀ। ਇਹ ਐਲਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਹੈ।
ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇਕ ਬਿਆਨ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਨਾਲ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੁੰਦੀਆਂ ਹਨ, ਜਿਨ੍ਹਾਂ ਨੂੰ ਠੇਸ ਕੋਈ ਵੀ ਬਰਦਾਸ਼ਤ ਨਹੀਂ ਕਰ ਸਕਦਾ। ਇਸੇ ਤਹਿਤ ਹੀ ਜਜ਼ਬਾਤਾਂ ਦੇ ਵੇਗ ਵਿਚ ਸ. ਨਿਰਮਲਜੀਤ ਸਿੰਘ ਕੋਲੋਂ ਕਾਰਵਾਈ ਹੋਈ ਹੈ। ਧਾਮੀ ਨੇ ਕਿਹਾ ਕਿ ਨਿਰਮਲਜੀਤ ਸਿੰਘ ਅਤੇ ਉਸ ਦੇ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਕਾਨੂੰਨੀ ਮੱਦਦ ਲਈ ਵਚਨਬੱਧ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਘਟਨਾ ਦੌਰਾਨ ਜ਼ਖ਼ਮੀ ਹੋਏ ਇਕ ਸ਼ਰਧਾਲੂ ਦੇ ਇਲਾਜ਼ ਲਈ ਵੀ ਸ਼੍ਰੋਮਣੀ ਕਮੇਟੀ ਵੱਲੋਂ ਸਹਿਯੋਗ ਕੀਤਾ ਜਾ ਰਿਹਾ ਹੈ। ਬੀਤੇ ਕੱਲ੍ਹ ਹੀ ਉਸ ਨੂੰ 50 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਗਈ ਹੈ ਅਤੇ ਲੋੜ ਅਨੁਸਾਰ ਮੱਦਦ ਕੀਤੀ ਜਾਵੇਗੀ।