ਅਰਵਿੰਦ ਕੇਜਰੀਵਾਲ ਦੇ ਘਰ ‘ਤੇ ਹੋਏ ਹਮਲੇ ਦਾ ਮਾਮਲਾ ਪਹੁੰਚਿਆ ਹਾਈਕੋਰਟ, AAP ਨੇ SIT ਜਾਂਚ ਦੀ ਕੀਤੀ ਮੰਗ

TeamGlobalPunjab
3 Min Read

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ‘ਤੇ ਹੋਏ ਹਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਵੱਡਾ ਕਦਮ ਚੁੱਕਿਆ ਹੈ। ਅਰਵਿੰਦ ਕੇਜਰੀਵਾਲ ਦੇ ਘਰ ‘ਤੇ ਹੋਏ ਹਮਲੇ ਦਾ ਮਾਮਲਾ ਹੁਣ ਦਿੱਲੀ ਹਾਈਕੋਰਟ ‘ਚ ਪਹੁੰਚ ਗਿਆ ਹੈ ਅਤੇ ਇਸ ਪੂਰੇ ਮਾਮਲੇ ‘ਚ SIT ਜਾਂਚ ਦੀ ਮੰਗ ਕੀਤੀ ਗਈ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਸੌਰਭ ਭਾਰਦਵਾਜ ਨੇ ਬੁੱਧਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਕੀਤੀ ਭੰਨਤੋੜ ਵਿਰੁੱਧ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ। ਪਟੀਸ਼ਨ ‘ਚ ਘਟਨਾ ਦੀ ਸੁਤੰਤਰ ਅਪਰਾਧਿਕ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦੇ ਗਠਨ ਦੀ ਮੰਗ ਕੀਤੀ ਗਈ ਹੈ।

 ਦੱਸ ਦੇਈਏ ਕਿ ਭਾਜਪਾ ਵਰਕਰਾਂ ਦੇ ਪ੍ਰਦਰਸ਼ਨ ਦੌਰਾਨ ਅਰਵਿੰਦ ਕੇਜਰੀਵਾਲ ਦੇ ਘਰ ‘ਚ ਕਾਫੀ ਹੰਗਾਮਾ ਹੋਇਆ ਅਤੇ ਇਸ ਦੌਰਾਨ ਸੀਸੀਟੀਵੀ ਕੈਮਰੇ ਅਤੇ ਸੁਰੱਖਿਆ ਬੈਰੀਅਰ ਤੋੜ ਦਿੱਤੇ ਗਏ। ਇੰਨਾ ਹੀ ਨਹੀਂ ਗੇਟ ‘ਤੇ ਲੱਗੇ ਬੂਮ ਬੈਰੀਅਰ ਵੀ ਤੋੜ ਦਿੱਤੇ ਗਏ ਅਤੇ ਘਰ ਦੇ ਗੇਟ ‘ਤੇ ਭਗਵੇਂ ਰੰਗ ਦਾ ਪੇਂਟ ਵੀ ਸੁੱਟ ਦਿੱਤੀ ਗਿਆ। ਆਮ ਆਦਮੀ ਪਾਰਟੀ ਨੇ ਇਸ ਹਮਲੇ ਦਾ ਦੋਸ਼ ਭਾਜਪਾ ‘ਤੇ ਲਗਾਇਆ ਸੀ। ਮਨੀਸ਼ ਸਿਸੋਦੀਆ ਨੇ ਤਾਂ ਇੱਥੋਂ ਤੱਕ ਕਿਹਾ ਸੀ ਕਿ ਭਾਜਪਾ ਚਾਹੁੰਦੀ ਹੈ ਕਿ ਅਰਵਿੰਦ ਕੇਜਰੀਵਾਲ ਦੀ ਹੱਤਿਆ ਕਰ ਦਿੱਤੀ ਜਾਵੇ।

ਦਰਅਸਲ, ਬੁੱਧਵਾਰ ਨੂੰ, ਭਾਰਤੀ ਜਨਤਾ ਯੁਵਾ ਮੋਰਚਾ ਦੇ ਪ੍ਰਧਾਨ ਤੇਜਸਵੀ ਸੂਰਿਆ ਦੀ ਅਗਵਾਈ ਵਿੱਚ ਕਾਰਕੁਨਾਂ ਨੇ ਦਿੱਲੀ ਵਿੱਚ ਕੇਜਰੀਵਾਲ ਦੀ ਰਿਹਾਇਸ਼ ‘ਤੇ ਪ੍ਰਦਰਸ਼ਨ ਕੀਤਾ ਅਤੇ ਕਥਿਤ ਤੌਰ ‘ਤੇ ਕਸ਼ਮੀਰੀ ਪੰਡਤਾਂ ਦਾ “ਮਜ਼ਾਕ ਉਡਾਉਣ” ਲਈ ਉਨ੍ਹਾਂ ਤੋਂ ਮੁਆਫੀ ਮੰਗਣ ਦੀ ਮੰਗ ਕੀਤੀ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਬੁੱਧਵਾਰ ਨੂੰ ਦੋਸ਼ ਲਾਇਆ ਕਿ ਪੰਜਾਬ ਵਿਧਾਨ ਸਭਾ ਚੋਣਾਂ ‘ਚ ਮਿਲੀ ਹਾਰ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ‘ਕਤਲ’ ਕਰਨਾ ਚਾਹੁੰਦੀ ਹੈ।

ਇਸ ਦੌਰਾਨ ਦਿੱਲੀ ਪੁਲਿਸ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਣਪਛਾਤੇ ਲੋਕਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਆਫ ਪੁਲਿਸ (ਉੱਤਰੀ) ਸਾਗਰ ਸਿੰਘ ਕਲਸੀ ਨੇ ਦੱਸਿਆ ਕਿ ਆਈ.ਪੀ.ਸੀ. ਦੀ ਧਾਰਾ 186, 188, 353 ਅਤੇ ਪਬਲਿਕ ਪ੍ਰਾਪਰਟੀ ਨੂੰ ਨੁਕਸਾਨ ਰੋਕੂ ਐਕਟ ਦੀ ਧਾਰਾ 3 ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਇੰਨਾ ਹੀ ਨਹੀਂ ਪੁਲਿਸ ਨੇ ਇਸ ਮਾਮਲੇ ‘ਚ ਅੱਠ ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਹੈ। ਮੁੱਖ ਮੰਤਰੀ ਕੇਜਰੀਵਾਲ ਦੀ ਰਿਹਾਇਸ਼ 6, ਫਲੈਗ ਸਟਾਫ ਰੋਡ ‘ਤੇ ਹੈ।

- Advertisement -

ਭਾਰਤੀ ਜਨਤਾ ਯੁਵਾ ਮੋਰਚਾ ਦਾ ਪ੍ਰਦਰਸ਼ਨ ਬੁੱਧਵਾਰ ਸਵੇਰੇ ਕਰੀਬ 11.30 ਵਜੇ ਸ਼ੁਰੂ ਹੋਇਆ। ਦਿੱਲੀ ਪੁਲਿਸ ਨੇ ਕਿਹਾ ਕਿ ਉਸ ਨੇ ਢੁਕਵੇਂ ਪ੍ਰਬੰਧ ਕੀਤੇ ਸਨ ਪਰ 15-20 ਪ੍ਰਦਰਸ਼ਨਕਾਰੀ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਪਹੁੰਚਣ ਵਿੱਚ ਕਾਮਯਾਬ ਹੋ ਗਏ ਅਤੇ ਉਨ੍ਹਾਂ ਨੂੰ ਤੁਰੰਤ ਹਟਾ ਦਿੱਤਾ ਗਿਆ। ਡਿਪਟੀ ਕਮਿਸ਼ਨਰ ਆਫ਼ ਪੁਲਿਸ ਕਲਸੀ ਨੇ ਦੱਸਿਆ ਕਿ ਦੁਪਹਿਰ 1 ਵਜੇ ਦੇ ਕਰੀਬ ਕੁਝ ਪ੍ਰਦਰਸ਼ਨਕਾਰੀ ਦੋ ਬੈਰੀਕੇਡ ਪਾਰ ਕਰਕੇ ਮੁੱਖ ਮੰਤਰੀ ਨਿਵਾਸ ਦੇ ਬਾਹਰ ਪਹੁੰਚੇ, ਜਿੱਥੇ ਉਨ੍ਹਾਂ ਨੇ ਹੰਗਾਮਾ ਕੀਤਾ ਅਤੇ ਨਾਅਰੇਬਾਜ਼ੀ ਕੀਤੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment