ਨਵੀਂ ਦਿੱਲੀ: ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਹਾਈਕੋਰਟ ਤੋਂ ਰਾਹਤ ਮਿਲੀ ਹੈ।ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਨੇ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਹੈ। ਹਾਈਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਆਸ਼ੀਸ਼ ਮਿਸ਼ਰਾ ਭਲਕੇ ਯਾਨੀ 11 ਫਰਵਰੀ ਤੱਕ ਜੇਲ੍ਹ ਤੋਂ ਬਾਹਰ ਆ ਸਕਦੇ ਹਨ।
ਦੱਸ ਦੇਈਏ ਕਿ ਅਸ਼ੀਸ਼ ਮਿਸ਼ਰਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਦੇ ਪੁੱਤਰ ਹਨ।ਇਸ ਘਟਨਾ ਤੋਂ ਬਾਅਦ ਉਨ੍ਹਾਂ ਨੂੰ ਮੰਤਰੀ ਮੰਡਲ ‘ਚੋਂ ਬਰਖਾਸਤ ਕਰਨ ਦੀ ਮੰਗ ਵੀ ਲਗਾਤਾਰ ਕਿਸਾਨ ਜਥੇਬੰਦੀਆਂ ਵੱਲੋਂ ਚੁੱਕੀ ਗਈ ਸੀ । ਇਸ ਮਾਮਲੇ ਵਿੱਚ ਉੱਤਰ ਪ੍ਰਦੇਸ਼ SIT ਵੱਲੋਂ ਹਾਲ ਹੀ ਵਿੱਚ ਇੱਕ ਚਾਰਜਸ਼ੀਟ ਦਾਖਲ ਕੀਤੀ ਗਈ ਸੀ। ਇਸ 5000 ਪੰਨਿਆਂ ਦੀ ਚਾਰਜਸ਼ੀਟ ਵਿੱਚ ਆਸ਼ੀਸ਼ ਮਿਸ਼ਰਾ ਉਰਫ਼ ਮੋਨੂੰ ਨੂੰ ਮੁੱਖ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ। ਚਾਰਜਸ਼ੀਟ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਰਿਸ਼ਤੇਦਾਰ ਵਰਿੰਦਰ ਸ਼ੁਕਲਾ ਦਾ ਨਾਮ ਵੀ ਸੀ। ਇੰਨਾ ਹੀ ਨਹੀਂ SIT ਅਨੁਸਾਰ ਅਸ਼ੀਸ਼ ਘਟਨਾ ਵਾਲੀ ਥਾਂ ‘ਤੇ ਵੀ ਮੌਜੂਦ ਸਨ।
ਲਖੀਮਪੁਰ ਖੀਰੀ ਜ਼ਿਲ੍ਹੇ ਦੇ ਟਿਕੂਨੀਆ ਖੇਤਰ ਵਿੱਚ 3 ਅਕਤੂਬਰ 2021 ਨੂੰ ਹੋਈ ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕ ਮਾਰੇ ਗਏ ਸਨ। ਹਿੰਸਾ ਦੀ ਜਾਂਚ ਲਈ ਗਠਿਤ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਇਸ ਮਾਮਲੇ ਵਿੱਚ ਆਸ਼ੀਸ਼ ਮਿਸ਼ਰਾ ਉਰਫ਼ ਮੋਨੂੰ ਸਮੇਤ 13 ਹੋਰ ਮੁਲਜ਼ਮਾਂ ਦੀ ਪਛਾਣ ਕੀਤੀ ਸੀ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ‘ਚ ਐੱਸਆਈਟੀ ਨੇ ਜਾਂਚ ਤੋਂ ਬਾਅਦ ਆਸ਼ੀਸ਼ ਮਿਸ਼ਰਾ ਮੋਨੂੰ ਸਮੇਤ 14 ਦੋਸ਼ੀਆਂ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਸੀ, ਜਿਸ ਤੋਂ ਬਾਅਦ ਹਾਈਕੋਰਟ ‘ਚ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਗਿਆ ਸੀ। ਹਾਈ ਕੋਰਟ ਦੀ ਲਖਨਊ ਬੈਂਚ ਨੇ ਵੀਰਵਾਰ ਨੂੰ ਕੇਂਦਰੀ ਗ੍ਰਹਿ ਰਾਜ ਮੰਤਰੀ ਆਸ਼ੀਸ਼ ਮਿਸ਼ਰਾ ਟੈਨੀ ਦੇ ਬੇਟੇ ਨੂੰ ਜ਼ਮਾਨਤ ਦੇ ਦਿੱਤੀ ਹੈ।