ਅਬੋਹਰ: ਅਬੋਹਰ ‘ਚ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇੱਕ ਵੀਡੀਓ ਨੇ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਵਾਇਰਲ ਵੀਡੀਓ ਵਿੱਚ 112 ਹੈਲਪਲਾਈਨ ਪੁਲਿਸ ਦੀ ਗੱਡੀ ਵਿੱਚ ਤਾਇਨਾਤ ਇੱਕ ਪੁਲਿਸ ਮੁਲਾਜ਼ਮ ਦੋ ਬਾਈਕ ਸਵਾਰ ਨੌਜਵਾਨਾਂ ਕੋਲੋਂ ਇੱਕ ਸ਼ੱਕੀ ਵਸਤੂ ਫੜਦਾ ਨਜ਼ਰ ਆ ਰਿਹਾ ਹੈ। ਇਹ ਵੀਡੀਓ ਸੀਡ ਫਾਰਮ ਰੋਡ ਇਲਾਕੇ ਦੀ ਦੱਸੀ ਜਾ ਰਹੀ ਹੈ, ਜੋ ਕਿ ਲੰਬੇ ਸਮੇਂ ਤੋਂ ਨਸ਼ੇ ਦੇ ਕਾਰੋਬਾਰ ਲਈ ਮਸ਼ਹੂਰ ਮੰਨਿਆ ਜਾਂਦਾ ਹੈ।
ਜਾਣਕਾਰੀ ਅਨੁਸਾਰ ਵੀਡੀਓ ‘ਚ 112 ਪੁਲਿਸ ਦੀ ਗੱਡੀ ਸੜਕ ਕਿਨਾਰੇ ਰੁਕਦੀ ਦਿਖਾਈ ਦੇ ਰਹੀ ਹੈ। ਇਸ ਦੌਰਾਨ ਬਾਈਕ ‘ਤੇ ਦੋ ਨੌਜਵਾਨ ਉਥੇ ਪਹੁੰਚ ਗਏ ਅਤੇ ਕਾਰ ‘ਚ ਬੈਠੇ ਪੁਲਸ ਅਧਿਕਾਰੀ ਨੂੰ ਕੋਈ ਸ਼ੱਕੀ ਚੀਜ਼ ਦੇ ਦਿੱਤੀ। ਸੋਸ਼ਲ ਮੀਡੀਆ ‘ਤੇ ਦਾਅਵਾ ਕੀਤਾ ਗਿਆ ਸੀ ਕਿ ਪੁਲਿਸ ਮੁਲਾਜ਼ਮ ਕਥਿਤ ਤੌਰ ‘ਤੇ ਨਸ਼ੀਲੇ ਪਦਾਰਥ ਖਰੀਦ ਰਿਹਾ ਸੀ। ਹਾਲਾਂਕਿ ਸ਼ੁਰੂਆਤ ‘ਚ ਇਸ ਗੱਲ ਦੀ ਕੋਈ ਅਧਿਕਾਰਿਤ ਪੁਸ਼ਟੀ ਨਹੀਂ ਹੋਈ ਸੀ।
ਇਸ ਮਾਮਲੇ ਨੂੰ ਲੈ ਕੇ ਵਿਧਾਇਕ ਸੰਦੀਪ ਜਾਖੜ ਨੇ ਵੀ ਸੋਸ਼ਲ ਮੀਡੀਆ ‘ਤੇ ਮੁੱਖ ਮੰਤਰੀ ਅਤੇ ਡੀਜੀਪੀ ਨੂੰ ਟੈਗ ਕਰਕੇ ਪੁਲਿਸ ਦੀ ਕਾਰਜਪ੍ਰਣਾਲੀ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਜੇਕਰ ਅਮਨ-ਕਾਨੂੰਨ ਨੂੰ ਕਾਇਮ ਰੱਖਣ ਵਾਲੇ ਹੀ ਨਸ਼ੇ ਦੇ ਧੰਦੇ ਵਿੱਚ ਸ਼ਾਮਿਲ ਹੋਣਗੇ ਤਾਂ ਨਸ਼ਾਖੋਰੀ ਨੂੰ ਕਿਵੇਂ ਠੱਲ੍ਹ ਪਵੇਗੀ। ਉਨ੍ਹਾਂ ਸੀਡ ਫਾਰਮ ਰੋਡ ਇਲਾਕੇ ਵਿੱਚ ਖੁੱਲ੍ਹੇਆਮ ਨਸ਼ਿਆਂ ਦੇ ਕਾਰੋਬਾਰ ਦੀਆਂ ਸ਼ਿਕਾਇਤਾਂ ਦਾ ਵੀ ਜ਼ਿਕਰ ਕੀਤਾ ਅਤੇ ਨਿਰਪੱਖ ਕਾਰਵਾਈ ਦੀ ਮੰਗ ਕੀਤੀ ਹੈ।
ਐਸਪੀ ਅਸ਼ਵੰਤ ਸਿੰਘ ਨੇ ਦੱਸਿਆ ਕਿ ਵਾਇਰਲ ਵੀਡੀਓ 4-5 ਦਿਨ ਪੁਰਾਣੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਗਈ, ਜਿਸ ਵਿੱਚ ਸਾਹਮਣੇ ਆਇਆ ਕਿ 112 ਹੈਲਪਲਾਈਨ ਵਿੱਚ ਤਾਇਨਾਤ ਐਸਐਸਆਈ ਬਲਵਿੰਦਰ ਸਿੰਘ ਨੇ ਆਪਣੇ ਜਾਣਕਾਰ ਜਸ਼ਨ ਨਾਮਕ ਵਿਅਕਤੀ ਨੂੰ ਫੋਨ ਕਰਕੇ ਉਸ ਕੋਲੋਂ 500 ਰੁਪਏ ਵਿੱਚ ਕੋਈ ਨਸ਼ੀਲਾ ਪਦਾਰਥ ਖਰੀਦਿਆ ਸੀ।
ਐਸਪੀ ਅਨੁਸਾਰ ਜਾਂਚ ਤੋਂ ਬਾਅਦ ਐਸਐਸਆਈ ਬਲਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਕ ਨੌਜਵਾਨ ਜਸ਼ਨ ਦੀ ਪਛਾਣ ਹੋ ਗਈ ਹੈ, ਜਦਕਿ ਦੂਜੇ ਨੌਜਵਾਨ ਦੀ ਭਾਲ ਜਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਤਹਿਤ ਨਸ਼ਾ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਪੁਲਿਸ ਮੁਲਾਜ਼ਮ ਹੀ ਕਿਉਂ ਨਾ ਹੋਵੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

