ਨਵੀਂ ਦਿੱਲੀ: ਉੱਤਰ ਪ੍ਰਦੇਸ਼ ਸਣੇ ਪੰਜ ਸੂਬਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਅੱਜ ਅਹਿਮ ਮੀਟਿੰਗ ਕਰਨ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਸਿਹਤ ਸਕੱਤਰ ਰਾਜੇਸ਼ ਭੂਸ਼ਣ ਸਣੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਬੁਲਾਈ ਹੈ। ਬੈਠਕ ‘ਚ ਪੰਜ ਰਾਜਾਂ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਮੌਜੂਦਾ ਕੋਰੋਨਾ ਦੀ ਸਥਿਤੀ ‘ਤੇ ਚਰਚਾ ਕੀਤੀ ਜਾਵੇਗੀ।
ਦੱਸਣਯੋਗ ਹੈ ਕਿ ਤਿੰਨ ਦਿਨ ਪਹਿਲਾਂ ਇਲਾਹਾਬਾਦ ਹਾਈ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੋਣ ਕਮਿਸ਼ਨ ਨੂੰ ਕੋਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਵਿਧਾਨ ਸਭਾ ਚੋਣਾਂ ਨੂੰ ਫਿਲਹਾਲ ਮੁਲਤਵੀ ਕਰਨ ਦੀ ਅਪੀਲ ਕੀਤੀ ਸੀ। ਇਸ ਤੋਂ ਬਾਅਦ ਮੁੱਖ ਚੋਣ ਕਮਿਸ਼ਨਰ ਨੇ ਅਗਲੇ ਹਫਤੇ ਉੱਤਰ ਪ੍ਰਦੇਸ਼ ਦਾ ਦੌਰਾ ਕੀਤਾ ਅਤੇ ਸਥਿਤੀ ਦਾ ਜਾਇਜ਼ਾ ਲੈ ਕੇ ਫੈਸਲਾ ਲੈਣ ਦਾ ਐਲਾਨ ਕੀਤਾ।
ਹਾਈ ਕੋਰਟ ਨੇ ਕਿਹਾ ਸੀ ਕਿ ਦੂਜੀ ਲਹਿਰ ‘ਚ ਲੱਖਾਂ ਲੋਕ ਕੋਰੋਨਾ ਨਾਲ ਸੰਕਰਮਿਤ ਹੋਏ ਅਤੇ ਲੋਕਾਂ ਦੀ ਮੌਤ ਹੋ ਗਈ। ਹੁਣ ਯੂਪੀ ਵਿਧਾਨ ਸਭਾ ਚੋਣਾਂ ਨੇੜੇ ਹਨ। ਸਾਰੀਆਂ ਪਾਰਟੀਆਂ ਰੈਲੀਆਂ, ਮੀਟਿੰਗਾਂ ਕਰਕੇ ਭੀੜ ਇਕੱਠੀ ਕਰ ਰਹੀਆਂ ਹਨ, ਜਿੱਥੇ ਕਿਸੇ ਵੀ ਤਰ੍ਹਾਂ ਦਾ ਕਰੋਨਾ ਪ੍ਰੋਟੋਕੋਲ ਸੰਭਵ ਨਹੀਂ ਹੈ ਅਤੇ ਜੇਕਰ ਇਸ ਨੂੰ ਸਮੇਂ ਸਿਰ ਨਾ ਰੋਕਿਆ ਗਿਆ ਤਾਂ ਇਸ ਦੇ ਨਤੀਜੇ ਦੂਜੀ ਲਹਿਰ ਤੋਂ ਵੀ ਭਿਆਨਕ ਹੋਣਗੇ।