ਫਿਰੋਜ਼ਪੁਰ: ਜ਼ੀਰਾ ਵਿਚ ਜ਼ਮੀਨ ਨੂੰ ਲੈ ਕੇ ਹੋਏ ਵਿਵਾਦ ਵਿਚ ਥਾਣਾ ਜ਼ੀਰਾ ਦੀ ਪੁਲਿਸ ਨੇ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਹੈ। ਇਸ ਤੋਂ ਬਾਅਦ ਮੰਗਲਵਾਰ ਨੂੰ ਜ਼ੀਰਾ ਪੁੱਜੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਮਾਮਲੇ ਦੀ ਨਿਰਪੱਖ ਜਾਂਚ ਨਾ ਹੋਈ ਤਾਂ ਐੱਸਐੱਸਪੀ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ।
ਜਾਣਕਾਰੀ ਮੁਤਾਬਕ ਜ਼ੀਰਾ ਦੇ ਪਿੰਡ ਬੱਗੀ ਵਿਚ ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਦੇ ਚਾਚਾ ਮਹਿੰਦਰਜੀਤ ਸਿੰਘ ਦਾ ਪਿੰਡ ਦੇ ਹੀ ਗੁਰਲਾਲ ਸਿੰਘ ਦੇ ਨਾਲ 10 ਏਕੜ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ, ਜਿਸ ਨੂੰ ਲੈ ਕੇ ਵੀਰਵਾਰ ਨੂੰ ਦੋਵਾਂ ਧੜਿਆਂ ’ਚ ਝਗੜਾ ਹੋ ਗਿਆ ਸੀ ਤੇ ਲੱਤ ਵਿਚ ਗੋਲ਼ੀ ਲੱਗਣ ਨਾਲ ਗੁਰਲਾਲ ਸਿੰਘ ਜ਼ਖ਼ਮੀ ਹੋ ਗਿਆ।
ਇਸ ਤੋਂ ਬਾਅਦ ਉਸ ਨੂੰ ਲੁਧਿਆਣਾ ਦੇ ਡੀਐੱਮਸੀ ਰੈਫਰ ਕੀਤਾ ਗਿਆ। ਗੋਲ਼ੀ ਲੱਗਣ ਦੀ ਪੁਸ਼ਟੀ ਕਰਦੇ ਹੋਏ ਥਾਣਾ ਸਦਰ ਜ਼ੀਰਾ ਦੇ ਇੰਚਾਰਜ ਜਗਦੇਵ ਸਿੰਘ ਨੇ ਕਿਹਾ ਕਿ ਗੋਲ਼ੀ ਲੱਗੀ ਸੀ ਪਰ ਪੀੜਤ ਵੱਲੋਂ ਕੋਈ ਵੀ ਬਿਆਨ ਨਹੀਂ ਦਿੱਤਾ ਗਿਆ। ਪੀੜਤ ਜਦ ਬਿਆਨ ਦੇਵੇਗਾ ਤਾਂ ਉਸ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ। ਉਥੇ, ਮੰਗਲਵਾਰ ਨੂੰ ਜ਼ੀਰਾ ਪੁੱਜੇ ਰਾਜਾ ਵੜਿੰਗ ਨੇ ਕਿਹਾ ਕਿ ਜ਼ੀਰਾ ਪੁਲਿਸ ਨੇ ਸਰਕਾਰ ਦੇ ਦਬਾਅ ਵਿਚ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ’ਤੇ ਹੱਤਿਆ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਹੈ ਜਦਕਿ ਝਗੜੇ ਦੌਰਾਨ ਸਾਬਕਾ ਵਿਧਾਇਕ ਜ਼ੀਰਾ ’ਚ ਮੌਜੂਦ ਹੀ ਨਹੀਂ ਸਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।