ਕੈਪਟਨ ਵਲੋਂ ਕਿਸਾਨ ਯੂਨੀਅਨਾਂ ਨੂੰ ਅਪੀਲ, ਪੰਜਾਬ ’ਚ ਪ੍ਰਦਰਸ਼ਨ ਕਰਨ ਦੀ ਬਜਾਏ ਕੇਂਦਰ ’ਤੇ ਦਬਾਅ ਬਣਾਇਆ ਜਾਵੇ

TeamGlobalPunjab
4 Min Read

ਹੁਸ਼ਿਆਰਪੁਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਖੇਤੀ ਕਾਨੂੰਨਾਂ ਦੇ ਖਿਲਾਫ਼ ਸੂਬਾ ਭਰ ਵਿਚ ਰੋਸ ਪ੍ਰਦਰਸ਼ਨ ਨਾਂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਮੁੱਦੇ’ਤੇ ਸੂਬਾ ਸਰਕਾਰ ਅਤੇ ਇਥੋਂ ਦੇ ਲੋਕ ਪਹਿਲਾਂ ਹੀ ਕਿਸਾਨਾਂ ਨਾਲ ਇਕਜੁਟਤਾ ਦਾ ਪ੍ਰਗਟਾਵਾ ਕਰ ਚੁੱਕੇ ਹਨ।

ਅੱਜ ਚੱਬੇਵਾਲ ਵਿਧਾਨ ਸਭਾ ਹਲਕੇ ਦੇ ਪਿੰਡ ਮੁਖਲਿਆਣਾ ਵਿਚ 13.44 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਰਕਾਰੀ ਕਾਲਜ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਆਪਣੇ ਸੰਬੋਧਨ ‘ਚ ਮੁੱਖ ਮੰਤਰੀ ਨੇ ਸਪੱਸ਼ਟ ਰੂਪ ‘ਚ ਕਿਹਾ ਕਿ ਪੰਜਾਬ ਦੇ ਲੋਕ ਤਾਂ ਪਹਿਲਾਂ ਹੀ ਇਸ ਮਸਲੇ ਦੇ ਹੱਕ ਵਿਚ ਕਿਸਾਨਾਂ ਨਾਲ ਚਟਾਨ ਵਾਂਗ ਖੜ੍ਹੇ ਹਨ ਜਿਸ ਕਰਕੇ ਉਨ੍ਹਾਂ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਖੇਤੀ ਕਾਨੂੰਨ ਪਾਸ ਕਰਕੇ ਕਿਸਾਨਾਂ ਨੂੰ ਭਰੋਸਾ ਵਿਚ ਲਏ ਬਿਨ੍ਹਾਂ ਥੋਪ ਦੇਣ ਦੇ ਖਿਲਾਫ਼ ਸੂਬਾ ਭਰ ‘ਚ ਪ੍ਰਦਰਸ਼ਨ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਵਲੋਂ ਪੰਜਾਬ ‘ਚ 113 ਵੱਖ-ਵੱਖ ਥਾਵਾਂ ’ਤੇ ਕੀਤੇ ਜਾ ਰਹੇ ਪ੍ਰਦਰਸ਼ਨ ਕਿਸੇ ਵੀ ਤਰ੍ਹਾਂ ਸੂਬੇ ਦੇ ਹਿੱਤ ਵਿਚ ਨਹੀਂ ਹਨ ਕਿਉਂ ਜੋ ਇਸ ਨਾਲ ਸੂਬੇ ਦੀ ਆਰਥਿਕ ਤਰੱਕੀ ’ਤੇ ਵਰਨਣਯੋਗ ਪ੍ਰਭਾਵ ਪਿਆ ਹੈ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਸਬੰਧ ਵਿਚ ਕਿਸਾਨ ਉਨ੍ਹਾਂ ਦੀ ਬੇਨਤੀ ਨੂੰ ਪ੍ਰਵਾਨ ਕਰਨਗੇ। ਉਨ੍ਹਾਂ ਕਿਹਾ ਕਿ ਹਾਲਾਂਕਿ, ਸੂਬੇ ਦੀ ਵਿਧਾਨ ਸਭਾ ਵਿਚ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ ਅਤੇ ਇਨ੍ਹਾਂ ਦੀ ਥਾਂ ’ਤੇ ਸੂਬਾ ਸਰਕਾਰ ਆਪਣੇ ਖੇਤੀ ਕਾਨੂੰਨ ਪਾਸ ਕਰ ਚੁੱਕੀ ਹੈ ਜਿਨ੍ਹਾਂ ਨੂੰ ਰਾਜਪਾਲ ਦੀ ਸਹਿਮਤੀ ਲਈ ਭੇਜਿਆ ਗਿਆ ਸੀ ਪਰ ਇਹ ਬੜੇ ਦੁੱਖ ਦੀ ਗੱਲ ਹੈ ਕਿ ਰਾਜਪਾਲ ਵਲੋਂ ਇਨ੍ਹਾਂ ਨੂੰ ਭਾਰਤ ਦੇ ਰਾਸ਼ਟਰਪਤੀ ਕੋਲ ਅਜੇ ਤੱਕ ਨਹੀਂ ਭੇਜਿਆ ਗਿਆ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੋ ਕੁਝ ਵੀ ਸਾਡੀ ਸਰਕਾਰ ਦੇ ਹੱਥ-ਵੱਸ ਹੈ, ਅਸੀਂ ਉਸ ਨੂੰ ਹਮੇਸ਼ਾਂ ਪਹਿਲ ਦੇ ਆਧਾਰ ’ਤੇ ਕੀਤਾ ਹੈ। ਇਸ ਦੀ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਾਲ ਹੀ ਵਿਚ ਚੰਡੀਗੜ੍ਹ ਵਿਖੇ ਉਨ੍ਹਾਂ ਨੂੰ ਇਨ੍ਹਾਂ ਕਿਸਾਨ ਯੂਨੀਅਨਾਂ ਦੇ ਵੱਖ-ਵੱਖ ਨੇਤਾਵਾਂ ਦਾ ਵਫ਼ਦ ਮਿਲਿਆ ਸੀ ਜਿਸ ਨੇ ਗੰਨੇ ਦਾ ਭਾਅ 325 ਰੁਪਏ ਤੋਂ ਵਧਾ ਕੇ 360 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ ਸੀ ਅਤੇ ਉਨ੍ਹਾਂ ਨੇ ਇਸ ਮੰਗ ਨੂੰ ਉਸੇ ਵੇਲੇ ਪ੍ਰਵਾਨ ਕਰ ਲਿਆ ਸੀ।

- Advertisement -

ਕੇਂਦਰ ਦੇ ਮਾੜੇ ਵਤੀਰੇ ਕਾਰਨ ਕਿਸਾਨਾਂ ਦੀਆਂ ਜਾਇਜ਼ ਮੰਗਾਂ ਮੰਨਣ ਵਿਚ ਕੀਤੀ ਜਾ ਰਹੀ ਬੇਲੋੜੀ ਦੇਰੀ ਉਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਸੂਬੇ ਵਿਚ ਪ੍ਰਦਰਸ਼ਨ ਕਰਨ ਦੀ ਬਜਾਏ ਕੇਂਦਰ ਸਰਕਾਰ ’ਤੇ ਦਬਾਅ ਬਨਾਉਣਾ ਚਾਹੀਦਾ ਹੈ ਤਾਂ ਜੋ ਕਿ ਇਨ੍ਹਾਂ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ।

ਇਸ ਮੌਕੇ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਮੁਖਲਿਆਣਾ ਵਿਖੇ ਬਣਨ ਵਾਲੇ ਨਵੇਂ ਸਰਕਾਰੀ ਕਾਲਜ ਦਾ ਨਾਂਅ ਮਹਾਨ ਸ਼ਖਸੀਅਤ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੇ ਨਾਂ ’ਤੇ ਰੱਖਿਆ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਕਾਲਜ ਦੀ ਇਮਾਰਤ ਮਾਰਚ 2022 ਤੱਕ ਬਣ ਕੇ ਤਿਆਰ ਹੋ ਜਾਵੇਗੀ ਅਤੇ ਉਸ ਵੇਲੇ ਤੱਕ ਇਹ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਰਾਜਪੁਰ ਭਾਈਆਂ ਵਿਖੇ ਆਰਜ਼ੀ ਇਮਾਰਤ ਵਿਚ ਇਸ ਅਕਾਦਮਿਕ ਸੈਸ਼ਨ ਤੋਂ ਕਾਰਜਸ਼ੀਲ ਹੋ ਜਾਵੇਗਾ।

Share this Article
Leave a comment