ਮੱਧ ਪ੍ਰਦੇਸ਼ ‘ਚ ਸਿੱਖਾਂ ‘ਤੇ ਪੁਲਿਸ ਵਲੋਂ ਢਾਹੇ ਗਏ ਤਸ਼ੱਦਦ ਦੀ ਬਾਈ ਲੌਂਗੋਵਾਲ ਤੇ ਵੱਖ ਵੱਖ ਆਗੂਆਂ ਵਲੋਂ ਸਖਤ ਨਿਖੇਧੀ, ਸਖ਼ਤ ਕਾਰਵਾਈ ਦੀ ਕੀਤੀ ਮੰਗ

TeamGlobalPunjab
2 Min Read

ਚੰਡੀਗੜ੍ਹ : ਮੱਧ ਪ੍ਰਦੇਸ਼ ਵਿਚ ਸਿੱਖਾਂ ‘ਤੇ ਸਥਾਨਕ ਪੁਲਿਸ ਵਲੋਂ ਜ਼ਾਲਮਾਨਾ ਹਮਲੇ ਦੀ ਵੀਡੀਓ ਵਾਇਰਲ ਹੋਈ ਹੈ, ਜਿਸ ਤੋਂ ਬਾਅਦ ਸਿੱਖਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਮੱਧ ਪ੍ਰਦੇਸ਼ ਦੀ ਤਹਿਸੀਲ ਰਾਜਪੁਰਾ ਤੇ ਜ਼ਿਲ੍ਹਾ ਬਰਬਾਨੀ ਦੇ ਗਿਆਨੀ ਪ੍ਰੇਮ ਸਿੰਘ ਗ੍ਰੰਥੀ ਨਾਲ ਸਥਾਨਕ ਪੁਲਿਸ ਵੱਲੋਂ ਜ਼ਾਲਮਾਨਾ ਤਸ਼ੱਦਦ ਕੀਤਾ ਗਿਆ ਹੈ। ਸਿੱਖ ਦੇ ਵਾਲਾਂ ਤੋਂ ਫੜ ਕੇ ਉਸਨੂੰ ਘਸੀਟਣ ਦਾ ਵੀਡੀੳ ਵਾਇਰਲ ਹੋਇਆ ਹੈ ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਕ ਗੁਰਸਿੱਖ ਨਾਲ ਦੁਰਵਿਹਾਰ ਅਤੇ ਕੇਸਾਂ ਦੀ ਤੌਹੀਨ ਨਾ ਬਰਦਾਸ਼ਤਯੋਗ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਜਿਥੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਹੈ, ਉਥੇ ਹੀ ਮਨੁੱਖਤਾ ਨੂੰ ਵੀ ਸ਼ਰਮਸ਼ਾਰ ਕਰਦਾ ਹੈ।

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੇ ਗਲਤੀ ਵੀ ਕੀਤੀ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਸਕਦੀ ਹੈ, ਪਰ ਦੁੱਖ ਦੀ ਗੱਲ ਹੈ ਕਿ ਕਾਨੂੰਨ ਦੇ ਰੱਖਵਾਲੇ ਹੀ ਸ਼ਰ੍ਹੇਆਮ ਕਾਨੂੰਨ ਆਪਣੇ ਹੱਥਾਂ ਵਿਚ ਲੈ ਰਹੇ ਹਨ। ਭਾਈ ਲੌਂਗੋਵਾਲ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਪਾਸੋਂ ਮੰਗ ਕੀਤੀ ਕਿ ਸਿੱਖ ਭਾਵਨਾਵਾਂ ਦੀ ਤਰਜ਼ਮਾਨੀ ਕਰਦਿਆਂ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਕਾਨੂੰਨ ਅਨੁਸਾਰ ਕਰੜੀ ਸਜ਼ਾ ਦੇ ਕੇ ਪੀੜਤਾਂ ਨੂੰ ਇਨਸਾਫ਼ ਦਿਵਾਇਆ ਜਾਵੇ।

ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ ਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਤੋਂ ਦੋਸ਼ੀ ਪੁਲਿਸ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਥੇ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿਰਸਾ ਨੇ ਵੀ ਉੱਥੋਂ ਦੇ ਮੁੱਖ ਮੰਤਰੀ ਤੋਂ ਪੁਲਿਸ ਮੁਲਾਜ਼ਮਾਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।

Share this Article
Leave a comment