ਕੜਾਕੇ ਦੀ ਠੰਢ ‘ਚ ਬੱਚਿਆਂ ਨੂੰ ਸਕੂਲ ਬੁਲਾਉਣ ਵਾਲਿਆਂ ਦੀ ਹੁਣ ਖੈਰ ਨਹੀਂ, ਸਰਕਾਰ ਵਲੋਂ ਹੁਕਮ ਜਾਰੀ

Global Team
2 Min Read

ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜ਼ਿਲ੍ਹੇ ਦੇ ਸਮੂਹ ਡਿਪਟੀ ਕਮਿਸ਼ਨਰਜ ਨੂੰ ਆਦੇਸ਼ ਦਿੱਤੇ ਹਨ ਕਿ ਜਿਹੜੇ ਸਕੂਲ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਛੁੱਟੀ ਕਰਨ ਸਬੰਧੀ ਆਦੇਸ਼ ਦੀ ਉਲੰਘਣਾ ਕਰ ਰਹੇ ਹਨ ਉਨ੍ਹਾਂ ਖਿਲਾਫ਼ ਤੁਰੰਤ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।

ਬੈਂਸ ਨੇ ਦੱਸਿਆ ਕਿ ਕੜਾਕੇ ਦੀ ਠੰਢ ਅਤੇ ਧੁੰਦ ਕਾਰਨ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਮਿਤੀ 08 ਜਨਵਰੀ 2023 ਤੱਕ ਸੂਬੇ ਦੇ ਸਾਰੇ ਸਕੂਲਾਂ ਵਿੱਚ ਕੀਤੀਆਂ ਗਈਆਂ ਛੁੱਟੀਆਂ ਸਬੰਧੀ ਹੁਕਮ ਜਾਰੀ ਕੀਤੇ ਗਏ ਸਨ।

ਉਨ੍ਹਾਂ ਦੱਸਿਆ ਕਿ ਸੂਬੇ ਦੇ ਕੁਝ ਪ੍ਰਾਈਵੇਟ ਸਕੂਲ ਖਿਲਾਫ਼ ਸ਼ਿਕਾਇਤਾਂ ਮਿਲੀਆਂ ਹਨ ਕਿ ਉਹ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਕੇ ਸਕੂਲ ਖੋਲ੍ਹ ਰਹੇ ਹਨ।

ਸਿੱਖਿਆ ਮੰਤਰੀ ਨੇ ਕਿਹਾ ਕਿ ਉਹਨਾਂ ਨੂੰ ਜ਼ਿਲਾ ਰੋਪੜ ਦੇ ਇੱਕ ਪ੍ਰਾਈਵੇਟ ਸਕੂਲ ਦੇ ਖੁੱਲ੍ਹਣ ਸਬੰਧੀ ਸ਼ਿਕਾਇਤ ਮਿਲੀ ਸੀ, ਜਿਸਤੇ ਕਾਰਵਾਈ ਕਰਦਿਆਂ ਸਬੰਧਤ ਪ੍ਰਾਈਵੇਟ ਸਕੂਲ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ।

ਸਿੱਖਿਆ ਮੰਤਰੀ ਨੇ ਰਾਜ ਸਰਕਾਰ ਦੇ ਹੁਕਮਾਂ ਨੂੰ ਇੰਨਬਿੰਨ ਲਾਗੂ ਕਰਵਾਉਣ ਲਈ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤੇ ਹਨ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਸਕੂਲ ਖਿਲਾਫ਼ ਤੁਰੰਤ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਬੈਂਸ ਨੇ ਕਿਹਾ ਸੂਬਾ ਸਰਕਾਰ ਦੇ ਹੁਕਮ ਹਰ ਕਿਸਮ ਦੇ ਸਾਰੇ ਸਕੂਲਾਂ ਤੇ ਲਾਗੂ ਹੋਣਗੇ ਅਤੇ ਉਹ ਕਿਸੇ ਵੀ ਪ੍ਰਾਈਵੇਟ ਅਦਾਰੇ ਨੂੰ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਦੀ ਆਗਿਆ ਨਹੀਂ ਦੇਣਗੇ।

Share This Article
Leave a Comment