ਅੰਮ੍ਰਿਤਸਰ: ਪੰਜਾਬ ਸਰਕਾਰ ਖਿਲਾਫ ਬੋਲਣ ਵਾਲੇ ਕਾਂਗਰਸੀ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੁੱਲੋਂ ਕਿਸਾਨਾਂ ਦੇ ਹੱਕ ‘ਚ ਨਿੱਤਰ ਆਏ ਹਨ। ਅੰਮ੍ਰਿਤਸਰ ‘ਚ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕਿਸਾਨਾਂ ਨੂੰ ਇਕਜੁੱਟ ਹੋਣ ਦੀ ਜ਼ਰੂਰਤ ਹੈ।
ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਅਤੇ ਇਸ ਦੀ ਸੁਰੱਖਿਆ ਕਰਨੀ ਬਹੁਤ ਹੀ ਜ਼ਰੂਰੀ ਹੈ। ਖੇਤੀ ਬਿੱਲਾਂ ‘ਤੇ ਰਾਸ਼ਟਰਪਤੀ ਵੱਲੋਂ ਦਸਤਖ਼ਤ ਕਰਨੇ, ਇਸ ਦਾ ਮਤਲਬ ਹੈ ਕਿ ਕਿਸਾਨਾਂ ਦੇ ਮੌਤ ਵਾਰੰਟ ‘ਤੇ ਸਾਈਨ ਕਰਨ ਦੇ ਬਰਾਬਰ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਰਾਸ਼ਟਰਪਤੀ ਨੂੰ ਚਾਹੀਦਾ ਸੀ ਕਿ ਇੱਕ ਵਾਰ ਉਹ ਇਨ੍ਹਾਂ ਬਿੱਲਾਂ ਦੀ ਪੜਤਾਲ ਕਰਨ ਅਤੇ ਕਿਸਾਨਾਂ ਸਣੇ ਬਾਕੀ ਸੂਬਿਆਂ ਦੀ ਰਾਇ ਵੀ ਜ਼ਰੂਰ ਲੈਂਦੇ।
ਇਸ ਦੇ ਨਾਲ ਹੀ ਸ਼ਮਸ਼ੇਰ ਸਿੰਘ ਦੂਲੋਂ ਨੇ ਕਿਹਾ ਕੇ ਕੇਂਦਰ ਦਾ ਕਾਲਾ ਕਾਨੂੰਨ ਕਿਸਾਨਾਂ ਦੇ ਹੱਕ ਵਿੱਚ ਨਹੀਂ ਹੈ। ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾ ਕੇ ਸਾਹ ਲਵਾਂਗੇ। ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਐਕਟ ਨੂੰ ਰੱਦ ਨਹੀਂ ਕਰਦੀ ਸਾਡਾ ਸੰਘਰਸ਼ ਜਾਰੀ ਰਹੇਗਾ।