ਮੁਹਾਲੀ: ਆਈ.ਏ.ਐੱਸ ਅਫ਼ਸਰ ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਦੇ ਮਾਮਲੇ ‘ਚ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਦਰਜ ਮਾਮਲੇ ਦੀ ਸੁਣਵਾਈ 24 ਜੁਲਾਈ ਤੱਕ ਅੱਗੇ ਟਲ ਗਈ ਹੈ। ਜ਼ਿਲ੍ਹਾ ਤੇ ਸੈਸ਼ਨ ਜੱਜ ਆਰਐੱਸ ਰਾਏ ਅੱਜ ਛੁੱਟੀ ‘ਤੇ ਸਨ, ਜਿਸ ਕਾਰਨ ਅੱਗੇ ਤਰੀਕ ਪੈ ਗਈ।
ਪੰਜਾਬ ਸਰਕਾਰ ਵੱਲੋਂ ਸੈਣੀ ਕੇਸ ਦੀ ਪੈਰਵੀ ਲਈ ਪੀੜਤ ਪਰਿਵਾਰ ਦੇ ਵਕੀਲ ਨੇ ਅਦਾਲਤ ‘ਚ ਅਰਜ਼ੀ ਦਾਇਰ ਕਰਕੇ ਸੈਣੀ ਖ਼ਿਲਾਫ਼ ਦਰਜ ਮਾਮਲੇ ਨਾਲ ਸਬੰਧਤ ਸਾਰੇ ਮਾਮਲੇ ਇੱਕੋ ਅਦਾਲਤ ‘ਚ ਤਬਦੀਲ ਕਰਨ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਨਿਕਾ ਗੋਇਲ ਨੇ ਇਹ ਕੇਸ ਜ਼ਿਲ੍ਹਾ ਤੇ ਸੈਸ਼ਨ ਜੱਜ ਕੋਲ ਭੇਜ ਦਿੱਤਾ ਸੀ। ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਅਤੇ ਪਰਿਵਾਰ ਦੀ ਅਪੀਲ ’ਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਸੁਣਵਾਈ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਨੀਸ਼ ਗਰਗ ਦੀ ਅਦਾਲਤ ਵਿੱਚ ਤਬਦੀਲ ਕਰ ਦਿੱਤੀ ਸੀ।