ਚੰਡੀਗੜ੍ਹ:ਬੇਅੰਤ ਸਿੰਘ ਕਤਲ ਕਾਂਡ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ‘ਚ ਬਦਲਣ ਦੇ ਮਾਮਲੇ ‘ਚ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਉੱਚ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ 6 ਹਫ਼ਤਿਆਂ ਲਈ ਟਾਲ ਦਿੱਤੀ ਹੈ। ਸੁਪਰੀਮ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ਦਾ ਫ਼ੈਸਲਾ ਕਰਨ ਦੇ ਲਈ ਕੇਂਦਰ ਸਰਕਾਰ ਨੂੰ ਵੀ ਛੇ ਹਫ਼ਤਿਆਂ ਦਾ ਹੋਰ ਸਮਾਂ ਦੇ ਦਿੱਤਾ ਹੈ।
ਅੱਜ ਦੀ ਸੁਣਵਾਈ ਦੌਰਾਨ ਕੇਂਦਰ ਸਰਕਾਰ ਵੱਲੋਂ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਦਾ ਮਾਮਲਾ ਹਾਲੇ ਰਾਸ਼ਟਰਪਤੀ ਦੇ ਕੋਲ ਹੈ। ਰਾਸ਼ਟਰਪਤੀ ਰਹਿਮ ਦੀ ਅਪੀਲ ‘ਤੇ ਜਿਹੜਾ ਵੀ ਫੈਸਲਾ ਲੈਣਗੇ, ਉਸ ਤੋਂ ਬਾਅਦ ਹੀ ਕੇਂਦਰ ਸਰਕਾਰ ਇਸ ਦੇ ਉਪਰ ਵਿਚਾਰ ਕਰੇਗੀ। ਬਲਵੰਤ ਸਿੰਘ ਰਾਜੋਆਣਾ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ। ਬਲਵੰਤ ਸਿੰਘ ਰਾਜੋਆਣਾ ਪਿਛਲੇ 25 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹੈ, ਇਸ ਨੂੰ ਆਧਾਰ ਬਣਾ ਕੇ ਰਾਜੋਆਣਾ ਨੇ ਰਿਹਾਈ ਦੀ ਮੰਗ ਕੀਤੀ ਹੈ।