ਪੰਜਾਬ ਦੇ ਸਕੂਲਾਂ ‘ਚ ਐਨਰਜੀ ਡਰਿੰਕਸ ‘ਤੇ ਪਾਬੰਦੀ, ਸਿਹਤ ਵਿਭਾਗ ਨੇ ਲਿਆ ਵੱਡਾ ਫੈਸਲਾ

Global Team
2 Min Read

ਚੰਡੀਗੜ੍ਹ: ਪੰਜਾਬ ਸਰਕਾਰ ਨੇ ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬੇ ਦੇ ਸਕੂਲਾਂ ਵਿੱਚ ਐਨਰਜੀ ਡਰਿੰਕਸ ਦੀ ਵਿਕਰੀ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਐਲਾਨ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਦੇ ਹਿੱਸੇ ਵਜੋਂ ਸਰਕਾਰ ਸਕੂਲੀ ਬੱਚਿਆਂ ਨੂੰ ਵੀ ਜਾਗਰੂਕ ਕਰ ਰਹੀ ਹੈ ਕਿਉਂਕਿ ਜ਼ਿਆਦਾ ਕੈਫੀਨ ਉਨ੍ਹਾਂ ਦੀ ਸਿਹਤ ‘ਤੇ ਮਾੜਾ ਪ੍ਰਭਾਵ ਪਾਉਂਦੀ ਹੈ।

ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਇਹ ਸਾਬਿਤ ਹੋ ਗਿਆ ਹੈ ਕਿ ਐਨਰਜੀ ਡਰਿੰਕਸ ਵਿਚ ਕੈਫੀਨ ਦੀ ਜ਼ਿਆਦਾ ਮਾਤਰਾ ਬੱਚਿਆਂ ਦੀ ਸਿਹਤ ਲਈ ਹਾਨੀਕਾਰਕ ਹੋ ਸਕਦੀ ਹੈ। ਬਹੁਤ ਸਾਰੇ ਨੌਜਵਾਨ ਅਤੇ ਵਿਦਿਆਰਥੀ ਇਸ ਡਰਿੰਕ ਨੂੰ ਆਪਣੀ ਆਦਤ ਬਣਾ ਲੈਂਦੇ ਹਨ, ਜਿਸ ਨਾਲ ਨੀਂਦ ਦੀ ਕਮੀ ਅਤੇ ਹੋਰ ਸਿਹਤ ਸਮੱਸਿਆਵਾਂ ਹੋ ਜਾਂਦੀਆਂ ਹਨ।

ਦੱਸ ਦੇਈਏ ਕਿ ਐਨਰਜੀ ਡਰਿੰਕ ਸਮੇਤ ਸਟ੍ਰਾਬੇਰੀ ਕੈਂਡੀ ‘ਤੇ ਵੀ ਪਾਬੰਦੀ ਲਗਾਈ ਗਈ ਹੈ। ਇਹ ਫੈਸਲਾ ਪੰਜਾਬ ਦੇ ਸਾਰੇ ਸਕੂਲਾਂ ‘ਤੇ ਵੀ ਲਾਗੂ ਹੋਵੇਗਾ।

ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਸਪਲਾਈ ਅਤੇ ਉਨ੍ਹਾਂ ਦੀ ਮੰਗ ‘ਤੇ ਨਿਯੰਤਰਣ ਲਿਆਉਣ ਲਈ ਤੀਬਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਪਿੰਡਾਂ ਦੇ ਸਰਪੰਚ, ਪੰਚ, ਨੰਬਰਦਾਰ ਅਤੇ ਹੋਰ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਵੀ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਨ ਤਾਂਕਿ ਪੰਜਾਬ ਨੂੰ ਨਸ਼ਾ-ਮੁਕਤ ਅਤੇ ਤੰਦਰੁਸਤ ਬਣਾਇਆ ਜਾ ਸਕੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ। 

Share This Article
Leave a Comment