ਚੰਡੀਗੜ੍ਹ: ਪੰਜਾਬ ‘ਚ ਪੰਜਾਬੀ ਭਾਸ਼ਾ ਨੂੰ ਲੈ ਕੇ ਕਈ ਢੁੱਕਵੇਂ ਕਦਮ ਚੁੱਕੇ ਜਾ ਰਹੇ ਹਨ। CM ਮਾਨ ਨੇ ਕਿਹਾ ਕਿ ਜਿਹੜੀਆਂ ਸਿੱਖਿਆ ਸੰਸਥਾਵਾਂ ਆਪਣੇ ਕੈਂਪਸ ਵਿੱਚ ਪੰਜਾਬੀ ਭਾਸ਼ਾ ਬੋਲਣ ਦੇ ਉੱਪਰ ਪਾਬੰਦੀ ਲਾਉਣਗੀਆਂ, ਉਨ੍ਹਾਂ ਸੰਸਥਾਵਾਂ ਦੇ ਖਿਲਾਫ ਪੰਜਾਬ ਸਰਕਾਰ ਵੱਲੋਂ ਸਖਤ ਕਾਰਵਾਈ ਕੀਤੀ ਜਾਵੇਗੀ।
ਦਸ ਦਈਏ ਕਿ ਪੰਜਾਬੀ ਯੂਨੀਵਰਸਿਟੀ ਵਿੱਚ ਅੰਤਰ-ਯੂਨੀਵਰਸਿਟੀ ਯੁਵਕ ਮੇਲੇ ਦੇ ਆਖ਼ਰੀ ਦਿਨ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁੱਝ ਸਿੱਖਿਆ ਸੰਸਥਾਵਾਂ ਆਪਣੇ ਕੈਂਪਸਾਂ ਵਿੱਚ ਪੰਜਾਬੀ ਬੋਲਣ ਦੇ ਉੱਪਰ ਜੁਰਮਾਨੇ ਲਗਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਗੈਰ-ਵਾਜਬ ਹੈ ਕਿਉਂਕਿ ਸੂਬੇ ਵਿੱਚ ਰਹਿੰਦੇ ਸਾਰੇ ਪੰਜਾਬੀਆਂ ਦੀ ਮਾਂ-ਬੋਲੀ ਪੰਜਾਬੀ ਹੈ। ਭਗਵੰਤ ਮਾਨ ਨੇ ਅਜਿਹੀਆਂ ਸਿੱਖਿਆ ਸੰਸਥਾਵਾਂ ਨੂੰ ਚੇਤਾਵਨੀ ਦਿੱਤੀ ਕਿ ਜੇ ਉਨ੍ਹਾਂ ਅਜਿਹੇ ਜੁਰਮਾਨੇ ਲਗਾਏ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਦਮ ਚੁੱਕਿਆ ਜਾਵੇਗਾ।
CM ਮਾਨ ਨੇ ਕਿਹਾ ਕਿ ਸੂਬੇ ਕੋਲ ਨੌਜਵਾਨਾਂ ਦੀ ਅਥਾਹ ਤਾਕਤ ਤੇ ਹੁਨਰ ਦਾ ਭੰਡਾਰ ਹੈ, ਜਿਹੜਾ ਸਮਾਜ ਵਿੱਚ ਉਸਾਰੂ ਤਬਦੀਲੀ ਲਿਆਉਣ ਲਈ ਹਮੇਸ਼ਾ ਪ੍ਰੇਰਕ ਵਜੋਂ ਕੰਮ ਕਰਦਾ ਹੈ।ਉਨ੍ਹਾਂ ਨੇ ਕਿਹਾ ਕਿ ਸਮਾਂ ਆ ਗਿਆ ਹੈ ਜਦੋਂ ਨੌਜਵਾਨ ਸੂਬੇ ਤੇ ਸਮਾਜ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਉਸਾਰੂ ਯੋਗਦਾਨ ਪਾਉਣ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਭਲਾਈ ਤੇ ਤਰੱਕੀ ਲਈ ਵਚਨਬੱਧ ਹੈ ਅਤੇ ਇਸ ਮਹਾਨ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ-ਫਕੀਰਾਂ, ਪੈਗੰਬਰਾਂ ਅਤੇ ਸੰਤਾਂ ਦੀ ਧਰਤੀ ਹੈ, ਜਿਨ੍ਹਾਂ ਪੰਜਾਬੀਆਂ ਨੂੰ ਜਬਰ-ਜੁਲਮ ਤੇ ਬੇਇਨਸਾਫ਼ੀ ਵਿਰੁੱਧ ਲੜਨ ਦੀ ਸਿੱਖਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹਰ ਇੱਕ ਸੰਕਟ ਤੋਂ ਬਾਅਦ ਜੇਤੂ ਹੋ ਕੇ ਨਿੱਕਲਿਆ ਹੈ ਅਤੇ ਸਫ਼ਲਤਾ ਦੀ ਨਵੀਂ ਕਹਾਣੀ ਲਿਖੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਨਾਲ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਹੋਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਸਾਫ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਹਰ ਇੱਕ ਵਿਅਕਤੀ ਦੀ ਸਫ਼ਲਤਾ ਲਈ ਕੁੰਜੀ ਦਾ ਕੰਮ ਕਰਦੀ ਹੈ ਅਤੇ ਸੂਬੇ ਦੇ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਸਿੱਖਿਆ ਢਾਂਚੇ ਦੀ ਮਜ਼ਬੂਤੀ ਤੇ ਕਾਇਆ-ਕਲਪ ਲਈ ਸੂਬਾ ਸਰਕਾਰ ਕੋਲ ਵੱਡੀ ਗਿਣਤੀ ਵਿੱਚ ਫੰਡ ਮੌਜੂਦ ਹਨ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.