ਚੰਡੀਗੜ੍ਹ: ਕਿਸਾਨ ਜਥੇਬੰਦੀਆਂ ਵੱਲੋ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਨੂੰ ਲੈ ਕੇ ਅੱਜ ਦੇਸ਼ ਭਰ ਵਿਚ ਦਿੱਤੇ ਗਏ ਬੰਦ ਦੇ ਸੱਦੇ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆ ‘ਚ ਪੂਰਨ ਸਮਰਥਨ ਮਿਲ ਰਿਹਾ ਹੈ। ਸ਼ਹਿਰਾਂ ‘ਚ ਬਾਜ਼ਾਰ ਪੂਰਨ ਰੂਪ ਵਿਚ ਬੰਦ ਹਨ ਅਤੇ ਸੜਕਾਂ ਤੇ ਵੀ ਆਵਾਜਾਈ ਨਾ ਹੋਣ ਕਾਰਨ ਸ਼ਹਿਰ ਦੀਆਂ ਸਾਰੀਆਂ ਸੜਕਾਂ ਸੁੰਨਸਾਨ ਨਜ਼ਰ ਆ ਰਹੀਆਂ ਹਨ।
ਲੁਧਿਆਣਾ ‘ਚ ਬੰਦ ਦਾ ਵਿਆਪਕ ਅਸਰ ਵੇਖਣ ਨੂੰ ਮਿਲ ਰਿਹਾ ਹੈ, ਸ਼ਹਿਰ ਦੇ ਤਕਰੀਬਨ ਸਾਰੇ ਬਾਜ਼ਾਰ ਬੰਦ ਹਨ। ਸੜਕਾਂ ‘ਤੇ ਵੀ ਆਵਾਜਾਈ ਵੀ ਬਹੁਤ ਘੱਟ ਨਜ਼ਰ ਆ ਰਹੀ ਹੈ। ਇਸ ਤੋਂ ਇਲਾਵਾ ਜਲੰਧਰ, ਅੰਮ੍ਰਿਤਸਰ, ਪਟਿਆਲਾ, ਫ਼ਾਜ਼ਿਲਕਾ, ਹੁਸ਼ਿਆਰਪੁਰ, ਮੁਹਾਲੀ, ਗੁਰਦਾਸਪੁਰ, ਸੰਗਰੂਰ ‘ਚ ਵੀ ਬੰਦ ਨੂੰ ਪੂਰਨ ਤੌਰ ‘ਤੇ ਸਮਰਥਨ ਦਿੱਤਾ ਜਾ ਰਿਹਾ ਹੈ।
ਉੱਥੇ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਵੱਡੀ ਗਿਣਤੀ ‘ਚ ਆੜਤੀਆਂ ਨੇ ਦਿੱਲੀ ਵੱਲ ਕੂਚ ਕੀਤਾ ਹੈ। ਫੈਡਰੇਸ਼ਨ ਆਫ ਆੜਤੀਆ ਐਸੋਸੀਏਸ਼ਨ ਪੰਜਾਬ ਦੇ ਸੱਦੇ ਤੇ ਕਸਬਾ ਹਰੀਕੇ ਪੱਤਣ ਦੀ ਆੜਤੀਆ ਐਸੋਸੀਏਸ਼ਨ ਦਿੱਲੀ ਵਿੱਚ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਦਾਣਾ ਮੰਡੀ ਹਰੀਕੇ ਤੋਂ ਰਵਾਨਾ ਹੋਈ।