ਢਾਕਾ : ਬੰਗਲਾਦੇਸ਼ ਵਿੱਚ ਆਮ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਇਸ ਵਾਰ 51 ਸਿਆਸੀ ਪਾਰਟੀਆਂ ਸੱਤਾ ਹਾਸਲ ਕਰਨ ਲਈ ਮੈਦਾਨ ਵਿੱਚ ਹਨ। ਬੰਗਲਾਦੇਸ਼ ਵਿੱਚ ਲਗਭਗ 12.7 ਕਰੋੜ ਵੋਟਰ ਇਸ ਵਾਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਖਾਲਿਦਾ ਜ਼ਿਆ ਦੇ ਪੁੱਤਰ ਤਾਰਿਕ ਰਹਿਮਾਨ, ਪ੍ਰਧਾਨ ਮੰਤਰੀ ਦੇ ਅਹੁਦੇ ਲਈ ਪ੍ਰਮੁੱਖ ਦਾਅਵੇਦਾਰ ਮੰਨੇ ਜਾ ਰਹੇ ਹਨ।
ਤਾਰਿਕ ਰਹਿਮਾਨ 25 ਜਨਵਰੀ ਨੂੰ ਬੰਗਲਾਦੇਸ਼ ਵਾਪਸ ਪਰਤੇ ਸਨ। ਉਨ੍ਹਾਂ ਦੀ ਵਾਪਸੀ ਦੇ ਸਿਰਫ਼ ਪੰਜ ਦਿਨਾਂ ਬਾਅਦ, ਸਾਬਕਾ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੀ ਮਾਤਾ ਖ਼ਾਲਿਦਾ ਜ਼ੀਆ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ। ਇਸ ਤੋਂ ਬਾਅਦ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (BNP) ਦੀ ਕਮਾਨ ਪੂਰੀ ਤਰ੍ਹਾਂ ਉਨ੍ਹਾਂ ਦੇ ਹੱਥਾਂ ਵਿੱਚ ਆ ਗਈ।
ਇਸ ਚੋਣ ਵਿੱਚ ਨੌਜਵਾਨਾਂ ਦੀ ਭੂਮਿਕਾ ਬੇਹੱਦ ਅਹਿਮ ਮੰਨੀ ਜਾ ਰਹੀ ਹੈ, ਕਿਉਂਕਿ ਲਗਭਗ ਅੱਧੇ ਵੋਟਰ 18 ਤੋਂ 37 ਸਾਲ ਦੀ ਉਮਰ ਦੇ ਹਨ। ਇਨ੍ਹਾਂ ਵਿੱਚੋਂ ਕਰੀਬ 45.7 ਲੱਖ ਵੋਟਰ ਪਹਿਲੀ ਵਾਰ ਵੋਟ ਪਾਉਣਗੇ। ਬੰਗਲਾਦੇਸ਼ ਵਿੱਚ 13ਵੀਆਂ ਸੰਸਦੀ ਚੋਣਾਂ ਲਈ ਵੋਟਿੰਗ ਸ਼ੁਰੂ ਹੁੰਦੇ ਹੀ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਨਜ਼ਰ ਆ ਰਿਹਾ ਹੈ।
ਰਾਜਧਾਨੀ ਢਾਕਾ ਸਮੇਤ ਦੇਸ਼ ਭਰ ਵਿੱਚ ਪੋਲਿੰਗ ਸੈਂਟਰਾਂ ‘ਤੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸੰਵੇਦਨਸ਼ੀਲ ਇਲਾਕਿਆਂ ਵਿੱਚ ਵਾਧੂ ਫੋਰਸ ਤਾਇਨਾਤ ਕੀਤੀ ਗਈ ਹੈ। ਚੋਣਾਂ ਨੂੰ ਸ਼ਾਂਤੀਪੂਰਨ ਅਤੇ ਨਿਰਪੱਖ ਕਰਵਾਉਣ ਲਈ ਇਸ ਨੂੰ ਹੁਣ ਤੱਕ ਦੀ ਸਭ ਤੋਂ ਵੱਡੀ ਸੁਰੱਖਿਆ ਤਾਇਨਾਤੀ ਦੱਸਿਆ ਜਾ ਰਿਹਾ ਹੈ।
ਢਾਕਾ ਦੇ ਗੁਲਸ਼ਨ ਮਾਡਲ ਸਕੂਲ ਅਤੇ ਕਾਲਜ ਵਿੱਚ ਬਣੇ ਪੋਲਿੰਗ ਸੈਂਟਰ ‘ਤੇ ਸਵੇਰ ਤੋਂ ਹੀ ਵੋਟਰਾਂ ਦੀਆਂ ਲੰਬੀਆਂ ਕਤਾਰਾਂ ਦੇਖੀਆਂ ਗਈਆਂ। ਕੇਂਦਰ ਦੇ ਬਾਹਰ ਬਹੁ-ਪੱਧਰੀ ਸੁਰੱਖਿਆ ਘੇਰਾ ਬਣਾਇਆ ਗਿਆ ਹੈ। ਅੰਦਰ ਜਾਣ ਤੋਂ ਪਹਿਲਾਂ ਜਾਂਚ ਕੀਤੀ ਜਾ ਰਹੀ ਹੈ ਅਤੇ ਸਿਰਫ਼ ਅਧਿਕਾਰਤ ਵਿਅਕਤੀਆਂ ਨੂੰ ਹੀ ਅੰਦਰ ਜਾਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ। ਪੁਲਿਸ ਅਤੇ ਅਰਧ ਸੈਨਿਕ ਬਲ ਲਗਾਤਾਰ ਗਸ਼ਤ ਕਰ ਰਹੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

