ਨੌਵੇ ਮਹਲੇ ਦੀ ਇਲਾਹੀ ਬਾਣੀ ਦਾ ਤੀਜਾ ਸ਼ਬਦ – Shabad Vichaar -3

TeamGlobalPunjab
4 Min Read

ਡਾ. ਗੁਰਦੇਵ ਸਿੰਘ

ਮਾਇਆ ਦਾ ਪਾਸਾਰਾ ਤੇ ਮੋਹ ਜਿਸ ਨੂੰ ਅਸੀਂ ਛੱਡਣਾ ਨਹੀਂ ਚਾਹੁੰਦੇ

ਵਿਰਲੇ ਹੀ ਮਨੁੱਖ ਹੁੰਦੇ ਹਨ ਜੋ ਉਸ ਅਕਾਲ ਪੁਰਖ ਦੇ ਗੁਣ ਗਾਉਂਦੇ ਹਨ ਤੇ ਮਾਇਆ ਰੂਪੀ ਭਵ ਸਾਗਰ ਨੂੰ ਪਾਰ ਕਰਦੇ ਹਨ। ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਸ਼ਤਾਬਦੀ ਪੁਰਬ ਨੂੰ ਸਮਰਪਿਤ ਪ੍ਰਾਰੰਭ ਕੀਤੀ ਹੋਈ ਸ਼ਬਦ ਵਿਚਾਰ ਦੀ ਪਾਵਨ ਲੜੀ ਅਧੀਨ ਅੱਜ ਨੌਵੇਂ ਮਹਲੇ ਦੀ ਬਾਣੀ ਵਿਚਲਾ ਤੀਜਾ ਸ਼ਬਦ ਪ੍ਰਾਨੀ ਕਉ ਹਰਿ ਜਸੁ ਮਨਿ ਨਹੀ ਆਵੈ ॥ ਅਹਿਨਿਸਿ ਮਗਨੁ ਰਹੈ ਮਾਇਆ ਮੈ ਕਹੁ ਕੈਸੇ ਗੁਨ ਗਾਵੈ ॥੧॥ ਰਹਾਉ ॥ ਦੀ ਵੀਚਾਰ ਕਰਾਂਗੇ। ਜੋ ਗਉੜੀ ਰਾਗ ਅਧੀਨ ਉਚਾਰਨ ਕੀਤਾ ਹੋਇਆ ਹੈ। ਇਹ ਸ਼ਬਦ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ 219 ‘ਤੇ ਅੰਕਿਤ ਹੈ। ਇਸ ਸ਼ਬਦ ਵਿੱਚ ਨੌਵੇਂ ਪਾਤਸ਼ਾਹੀ ਨੇ ਮਾਇਆ ਦੇ ਪ੍ਰਭਾਵ ਤੋਂ ਬਚਣ ਦਾ ਉਪਦੇਸ਼ ਦਿੱਤਾ ਹੈ।

ਗਉੜੀ ਮਹਲਾ ੯ ॥
ਪ੍ਰਾਨੀ ਕਉ ਹਰਿ ਜਸੁ ਮਨਿ ਨਹੀ ਆਵੈ॥

ਅਹਿਨਿਸਿ ਮਗਨੁ ਰਹੈ ਮਾਇਆ ਮੈ ਕਹੁ ਕੈਸੇ ਗੁਨ ਗਾਵੈ॥੧॥ ਰਹਾਉ ॥

- Advertisement -

(ਹੇ ਭਾਈ!) ਮਨੁੱਖ ਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਆਪਣੇ) ਮਨ ਵਿਚ (ਵਸਾਣੀ) ਨਹੀਂ ਆਉਂਦੀ। (ਹੇ ਭਾਈ!) ਦੱਸ, ਉਹ ਮਨੁੱਖ ਕਿਵੇਂ ਪਰਮਾਤਮਾ ਦੇ ਗੁਣ ਗਾ ਸਕਦਾ ਹੈ ਜੇਹੜਾ ਦਿਨ ਰਾਤ ਮਾਇਆ (ਦੇ ਮੋਹ) ਵਿਚ ਮਸਤ ਰਹਿੰਦਾ ਹੈ?।1। 

ਪੂਤ ਮੀਤ ਮਾਇਆ ਮਮਤਾ ਸਿਉ ਇਹ ਬਿਧਿ ਆਪੁ ਬੰਧਾਵੈ ॥

ਮ੍ਰਿਗ ਤ੍ਰਿਸਨਾ ਜਿਉ ਝੂਠੋ ਇਹੁ ਜਗ ਦੇਖਿ ਤਾਸਿ ਉਠਿ ਧਾਵੈ ॥੧॥

(ਹੇ ਭਾਈ! ਮਾਇਆ ਦੇ ਮੋਹ ਵਿਚ ਮਸਤ ਰਹਿਣ ਵਾਲਾ ਮਨੁੱਖ) ਪੁੱਤਰ ਮਿੱਤਰ ਮਾਇਆ (ਆਦਿਕ) ਦੀ ਅਪਣੱਤ ਨਾਲ ਬੱਝਾ ਰਹਿੰਦਾ ਹੈ, ਤੇ ਇਸ ਤਰ੍ਹਾਂ ਆਪਣੇ ਆਪ ਨੂੰ (ਮੋਹ ਦੇ ਬੰਧਨਾਂ ਵਿਚ) ਬੰਨ੍ਹੀ ਰੱਖਦਾ ਹੈ। (ਮਾਇਆ-ਗ੍ਰਸਿਆ ਮਨੁੱਖ ਇਹ ਨਹੀਂ ਸਮਝਦਾ ਕਿ) ਇਹ ਜਗਤ (ਤਾਂ) ਠਗ-ਨੀਰੇ ਵਾਂਗ (ਠੱਗੀ ਹੀ ਠੱਗੀ ਹੈ, ਜਿਵੇਂ ਹਰਨ ਠਗਨੀਰੇ ਨੂੰ ਵੇਖ ਕੇ ਉਸ ਵਲ ਦੌੜਦਾ ਤੇ ਭਟਕ ਭਟਕ ਕੇ ਮਰਦਾ ਹੈ, ਤਿਵੇਂ ਮਨੁੱਖ ਇਸ ਜਗਤ ਨੂੰ) ਵੇਖ ਕੇ ਇਸ ਵਲ (ਸਦਾ) ਦੌੜਦਾ ਰਹਿੰਦਾ ਹੈ (ਤੇ ਆਤਮਕ ਮੌਤ ਸਹੇੜਦਾ ਹੈ) ।1।

ਭੁਗਤਿ ਮੁਕਤਿ ਕਾ ਕਾਰਨੁ ਸੁਆਮੀ ਮੂੜ ਤਾਹਿ ਬਿਸਰਾਵੈ ॥

- Advertisement -

ਜਨ ਨਾਨਕ ਕੋਟਨ ਮੈ ਕੋਊ ਭਜਨੁ ਰਾਮ ਕੋ ਪਾਵੈ ॥੨॥੩॥

ਮੂਰਖ ਮਨੁੱਖ ਉਸ ਮਾਲਕ-ਪ੍ਰਭੂ ਨੂੰ ਭੁਲਾਈ ਰੱਖਦਾ ਹੈ ਜੇਹੜਾ ਦੁਨੀਆ ਦੇ ਭੋਗਾਂ ਤੇ ਸੁਖਾਂ ਦਾ ਭੀ ਮਾਲਕ ਹੈ ਤੇ ਜੇਹੜਾ ਮੋਖ ਭੀ ਦੇਣ ਵਾਲਾ ਹੈ। ਹੇ ਦਾਸ ਨਾਨਕ! (ਆਖ–) ਕ੍ਰੋੜਾਂ ਵਿਚੋਂ ਕੋਈ ਵਿਰਲਾ ਮਨੁੱਖ ਹੁੰਦਾ ਹੈ ਜੇਹੜਾ (ਜਗਤ ਠਗ-ਨੀਰੇ ਦੇ ਮੋਹ ਤੋਂ ਬਚ ਕੇ) ਪਰਮਾਤਮਾ ਦੀ ਭਗਤੀ ਪ੍ਰਾਪਤ ਕਰਦਾ ਹੈ।2।3।

ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸਾਨੂੰ ਇਸ ਸ਼ਬਦ ਰਾਹੀਂ ਉਪਦੇਸ਼ ਕਰ ਰਹੇ ਹਨ ਕਿ ਹੇ ਭਾਈ ਇਸ ਜਗਤ ਦੇ ਸੁੰਦਰ ਪਸਾਰੇ ਨੂੰ ਸਮਝ, ਆਪਣਾ ਮਕਸਦ ਪਛਾਣ, ਜਗਤ ਵਿੱਚ ਫੈਲੇ ਮਾਇਆ ਰੂਪੀ ਪਸਾਰ ਨੂੰ ਪਛਾਣ, ਉਸ ਅਕਾਲ ਪੁਰਖ ਦੇ ਲੜ ਲੱਗ। ਉਸ ਦਾ ਨਾਮ ਸਿਮਰ। ਇਸ ਸ਼ਬਦ ਦੀ ਵਿਚਾਰ ਲਈ ਅਧਾਰ ਸਰੋਤ ਪ੍ਰੋਫੈਸਰ ਸਾਹਿਬ ਸਿੰਘ ਦੁਆਰਾ ਗੁਰਬਾਣੀ ਦੇ ਕੀਤੇ ਟੀਕੇ ਨੂੰ ਬਣਾਇਆ ਗਿਆ ਹੈ। ਸ਼ਬਦ ਵਿਚਾਰ ਦੀ ਇਹ ਲੜੀ ਰੋਜ਼ਾਨਾ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮੀ 6 ਵਜੇ ਆਪ ਸਭ ਦੇ ਸਨਮੁਖ ਲੈ ਕੇ ਹਾਜਰ ਹੁੰਦੇ ਹਾਂ। ਇਸ ਨੂੰ ਵਧੀਆ ਕਰਨ ਲਈ ਤੁਹਾਡੇ ਸੁਝਾਅ ਹਮੇਸ਼ਾਂ ਸਾਡਾ ਮਾਰਗ ਦਰਸ਼ਨ ਕਰਨਗੇ। ਮੈਸਜ ਕਰ ਕੇ ਤੁਸੀਂ ਆਪਣੇ ਸੁਝਾਅ ਸਾਨੂੰ ਦੇ ਸਕਦੇ ਹੋ। ਭੁੱਲਾਂ ਚੁੱਕਾਂ ਦੀ ਖਿਮਾ।
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਿਹ॥

Share this Article
Leave a comment