Shabad Vichaar 65-ਸਲੋਕ ੧੭ ਤੇ ੧੯ ਦੀ ਵਿਚਾਰ

TeamGlobalPunjab
3 Min Read

ਨੌਵੇਂ ਮਹਲੇ ਦੇ 57 ਸਲੋਕਾਂ ਦੀ ਲੜੀਵਾਰ ਵਿਚਾਰ – ShabadVichaar -65

ਸਲੋਕ ੧੭ ਤੇ ੧੯ ਦੀ ਵਿਚਾਰ

*ਡਾ. ਗੁਰਦੇਵ ਸਿੰਘ

ਹਉਮੈ, ਬਿਖਿਆ, ਮਮਤਾ ਤੇ ਮਾਇਆ ਜਿਨ੍ਹਾਂ ਮਨੁੱਖਾਂ ਨੇ ਛੱਡ ਦਿੱਤੀ ਹੈ ਉਸ ਨੂੰ ਪ੍ਰਮਾਤਮਾ ਦੀ ਪ੍ਰਾਪਤੀ ਹੋ ਜਾਂਦੀ ਹੈ। ਇਹ ਗੱਲ ਪੱਕੀ ਹੈ ਕਿਉਂਕਿ ਇਸ ਨੂੰ ਗੁਰਬਾਣੀ ਤਸਦੀਕ ਕਰਦੀ ਹੈ।

ਨੌਵੇਂ ਮਹਲੇ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਵਿਚਾਰ ਦੀ ਲੜੀ ਅਧੀਨ ਅਸੀਂ ਅੱਜ ਨੌਵੇਂ ਮਹਲੇ ਦੇ 57 ਸਲੋਕਾਂ ਵਿਚਲੇ 17 ਤੋਂ 19 ਤਕ ਦੇ ਸਲੋਕਾਂ ਦੀ ਵਿਚਾਰ ਕਰਾਂਗੇ। ਇਨ੍ਹਾਂ ਸਲੋਕਾਂ ਵਿੱਚ ਗੁਰੂ ਜੀ ਮੁਨੂੱਖ ਨੂੰ ਮੁਕਤੀ ਦੇ ਰਾਹ ਦਾ ਉਪਦੇਸ਼ ਦੇ ਰਹੇ ਹਨ:

- Advertisement -

ਜਿਹਿ ਬਿਖਿਆ ਸਗਲੀ ਤਜੀ ਲੀਓ ਭੇਖ ਬੈਰਾਗ ॥

ਕਹੁ ਨਾਨਕ ਸੁਨੁ ਰੇ ਮਨਾ ਤਿਹ ਨਰ ਮਾਥੈ ਭਾਗੁ ॥੧੭॥

ਹੇ ਨਾਨਕ! ਆਖ– ਹੇ ਮਨ! ਸੁਣ, ਜਿਸ (ਮਨੁੱਖ) ਨੇ (ਕਾਮ, ਕ੍ਰੋਧ, ਲੋਭ, ਮੋਹ, ਅਹੰਕਾਰ, ਨਿੰਦਾ, ਈਰਖਾ, ਆਦਿਕ ਅਨੇਕਾਂ ਰੂਪਾਂ ਵਾਲੀ) ਸਾਰੀ ਦੀ ਸਾਰੀ ਮਾਇਆ ਤਿਆਗ ਦਿੱਤੀ, (ਉਸੇ ਨੇ ਹੀ ਸਹੀ) ਵੈਰਾਗ ਦਾ (ਸਹੀ) ਭੇਖ ਧਾਰਨ ਕੀਤਾ (ਸਮਝ) । ਹੇ ਮਨ! ਉਸ ਮਨੁੱਖ ਦੇ ਮੱਥੇ ਉਤੇ (ਚੰਗਾ) ਭਾਗ (ਜਾਗਿਆ ਸਮਝ) ।17।

ਜਿਹਿ ਮਾਇਆ ਮਮਤਾ ਤਜੀ ਸਭ ਤੇ ਭਇਓ ਉਦਾਸੁ ॥

ਕਹੁ ਨਾਨਕ ਸੁਨੁ ਰੇ ਮਨਾ ਤਿਹ ਘਟਿ ਬ੍ਰਹਮ ਨਿਵਾਸੁ ॥੧੮॥

- Advertisement -

ਹੇ ਨਾਨਕ! ਆਖ– ਹੇ ਮਨ! ਸੁਣ, ਜਿਸ (ਮਨੁੱਖ) ਨੇ ਮਾਇਆ ਦਾ ਮੋਹ ਛੱਡ ਦਿੱਤਾ, (ਜਿਹੜਾ ਮਨੁੱਖ ਮਾਇਆ ਦੇ ਕਾਮਾਦਿਕ) ਸਾਰੇ ਵਿਕਾਰਾਂ ਵਲੋਂ ਉਪਰਾਮ ਹੋ ਗਿਆ, ਉਸ ਦੇ ਹਿਰਦੇ ਵਿਚ (ਪਰਤੱਖ ਤੌਰ ਤੇ) ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ।18।

ਜਿਹਿ ਪ੍ਰਾਨੀ ਹਉਮੈ ਤਜੀ ਕਰਤਾ ਰਾਮੁ ਪਛਾਨਿ ॥

ਕਹੁ ਨਾਨਕ ਵਹੁ ਮੁਕਤਿ ਨਰੁ ਇਹ ਮਨ ਸਾਚੀ ਮਾਨੁ ॥੧੯॥ 

ਜਿਸ ਮਨੁੱਖ ਨੇ ਕਰਤਾਰ ਸਿਰਜਣਹਾਰ ਨਾਲ ਡੂੰਘੀ ਸਾਂਝ ਪਾ ਕੇ (ਆਪਣੇ ਅੰਦਰੋਂ) ਹਉਮੈ ਤਿਆਗ ਦਿੱਤੀ, ਹੇ ਨਾਨਕ! ਆਖ– ਹੇ ਮਨ! ਇਹ ਗੱਲ ਸੱਚੀ ਸਮਝ ਕਿ ਉਹ ਮਨੁੱਖ (ਹੀ) ਮੁਕਤ ਹੈ।19।

ਨੌਵੇਂ ਪਾਤਸ਼ਾਹ ਇਨ੍ਹਾਂ ਉਕਤ ਸਲੋਕਾਂ ਵਿੱਚ ਸਾਨੂੰ ਉਪਦੇਸ਼ ਦੇ ਰਹੇ ਹਨ ਕਿ ਹੇ ਭਾਈ ਜੇ ਮੁਕਤ ਹੋਣਾ ਹੈ ਤਾਂ ਹਉਮੈ ਤਿਆਗ ਕੇ ਵਾਹਿਗੁਰੂ ਨਾਲ ਗੂੜੀ ਸਾਂਝ ਪਾਓ। ਕਾਮ, ਕ੍ਰੋਧ, ਲੋਭ, ਮੋਹ, ਅਹੰਕਾਰ, ਨਿੰਦਾ, ਈਰਖਾ, ਆਦਿਕ ਅਨੇਕ ਰੂਪਾਂ ਵਾਲੀ ਮਾਇਆ ਦਾ ਵੀ ਤਿਆਗ ਕਰੋ। ਫਿਰ ਉਸ ਪ੍ਰਮਾਤਮਾ ਦੀ ਪ੍ਰਾਪਤੀ ਹੋਣੀ ਪੱਕੀ ਹੈ।

ਕੱਲ੍ਹ ਸ਼ਾਮੀ 6 ਵਜੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 57 ਸਲੋਕਾਂ ਵਿਚਲੇ ਅਗਲੇ ਸਲੋਕਾਂ ਦੀ ਵਿਚਾਰ ਕਰਾਂਗੇ। ਪ੍ਰੋ. ਸਾਹਿਬ ਸਿੰਘ ਜੀ ਦੀ ਕ੍ਰਿਤ ‘ਸ੍ਰੀ ਗੁਰੂ ਗ੍ਰੰਥ ਸਾਹਿਬ ਦਰਪਣ’ ਨੂੰ ਸ਼ਬਦ ਦੀ ਵਿਚਾਰ ਦਾ ਅਧਾਰ ਬਣਾਇਆ ਗਿਆ ਹੈ। ਸ਼ਬਦ ਵਿਚਾਰ ਸੰਬੰਧੀ ਜੇ ਆਪ ਜੀ ਦਾ ਵੀ ਕੋਈ ਸੁਝਾਅ ਹੈ ਤਾਂ ਤੁਸੀਂ ਸਾਡੇ ਨਾਲ ਜ਼ਰੂਰ ਸਾਂਝਾ ਕਰੋ। ਸਾਨੂੰ ਖੁਸ਼ੀ ਹੋਵੇਗੀ। ਭੁੱਲਾਂ ਚੁੱਕਾਂ ਦੀ ਖਿਮਾ।

ਵਾਹਿਗੁਰੂ ਜੀ ਕਾ ਖਾਲਸਾ

ਵਾਹਿਗੁਰੂ ਜੀ ਕੀ ਫਤਿਹ

*gurdevsinghdr@gmail.com

Share this Article
Leave a comment