Shabad Vichaar 75 – ਸਲੋਕ ੫੩ ਤੇ ੫੭ ਦੀ ਵਿਚਾਰ

TeamGlobalPunjab
5 Min Read

ਨੌਵੇਂ ਮਹਲੇ ਦੇ 57 ਸਲੋਕਾਂ ਦੀ ਲੜੀਵਾਰ ਵਿਚਾਰ – Shabad Vichaar -75

ਸਲੋਕ ੫੩ ਤੇ ੫੭ ਦੀ ਵਿਚਾਰ

ਡਾ. ਗੁਰਦੇਵ ਸਿੰਘ*

ਵਾਹਿਗੁਰੂ ਦੀ ਸ਼ਰਣ ਪਇਆ ਸਾਰੇ ਕਾਰਜ ਰਾਸ ਹੋ ਜਾਂਦੇ ਹਨ, ਕਿਉਂਕਿ ਉਸ ਵਾਹਿਗੁਰੂ ਦੇ ਹੱਥ ਵਿੱਚ ਹੀ ਸਭ ਕੁਝ ਹੈ। ਉਹ ਆਪਣੇ ਭਗਤਾਂ ਦੀ ਸਦਾ ਰੱਖਦਾ ਹੈ। ਉਹੀ ਮਨੁੱਖ ਨੂੰ ਮਾਇਆ ਦੇ ਜਾਲ ਵਿਚੋਂ ਕੱਢਣ ਦੀ ਸਮਰਥਾ ਰੱਖਦਾ ਹੈ। ਨੌਵੇਂ ਮਹਲੇ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਵਿਚਾਰ ਦੀ ਲੜੀ ਅਧੀਨ ਅਸੀਂ ਅੱਜ ਨੌਵੇਂ ਮਹਲੇ ਦੇ 57 ਸਲੋਕਾਂ ਵਿਚਲੇ 53 ਤੋਂ 57 ਤਕ ਦੇ ਸਲੋਕਾਂ ਦੀ ਵਿਚਾਰ ਕਰਾਂਗੇ। ਇਹ ਆਖਰੀ ਦੇ ਸਲੋਕ ਹਨ ਜੋ ਦੋਹਰਾ ਬਾਣੀ ਰੂਪ ਵਿੱਚ ਅੰਕਿਤ ਹੈ। ਇਨ੍ਹਾਂ ਸਲੋਕਾਂ ਵਿੱਚ ਗੁਰੂ ਸਾਹਿਬ ਮਨੁੱਖ ਸਭ ਕੁਝ ਛੱਡ ਕੇ ਅਕਾਲ ਪੁਰਖ ਦੀ ਸ਼ਰਣ ਵਿੱਚ ਜਾਣ ਦਾ ਉਪਦੇਸ਼ ਦੇ ਰਹੇ ਹਨ:

ਦੋਹਰਾ ॥ ਬਲੁ ਛੁਟਕਿਓ ਬੰਧਨ ਪਰੇ ਕਛੂ ਨ ਹੋਤ ਉਪਾਇ ॥ ਕਹੁ ਨਾਨਕ ਅਬ ਓਟ ਹਰਿ ਗਜ ਜਿਉ ਹੋਹੁ ਸਹਾਇ ॥੫੩॥

- Advertisement -

ਹੇ ਭਾਈ! (ਪ੍ਰਭੂ ਦੇ ਨਾਮ ਤੋਂ ਵਿੱਛੁੜ ਕੇ ਜਦੋਂ ਮਾਇਆ ਦੇ ਮੋਹ ਦੀਆਂ) ਫਾਹੀਆਂ (ਮਨੁੱਖ ਨੂੰ) ਆ ਪੈਂਦੀਆਂ ਹਨ (ਉਹਨਾਂ ਫਾਹੀਆਂ ਨੂੰ ਕੱਟਣ ਲਈ ਮਨੁੱਖ ਦੇ ਅੰਦਰੋਂ ਆਤਮਕ) ਤਾਕਤ ਮੁੱਕ ਜਾਂਦੀ ਹੈ (ਮਾਇਆ ਦਾ ਟਾਕਰਾ ਕਰਨ ਲਈ ਮਨੁੱਖ ਪਾਸੋਂ) ਕੋਈ ਭੀ ਹੀਲਾ ਨਹੀਂ ਕੀਤਾ ਜਾ ਸਕਦਾ। ਹੇ ਨਾਨਕ! ਆਖ– ਹੇ ਹਰੀ! ਇਹੋ ਜਿਹੇ ਵੇਲੇ (ਹੁਣ) ਤੇਰਾ ਹੀ ਆਸਰਾ ਹੈ। ਜਿਵੇਂ ਤੂੰ (ਤੇਂਦੂਏ ਤੋਂ ਛੁਡਾਣ ਲਈ) ਹਾਥੀ ਦਾ ਸਹਾਈ ਬਣਿਆ, ਤਿਵੇਂ ਸਹਾਈ ਬਣ। (ਭਾਵ, ਮਾਇਆ ਦੇ ਮੋਹ ਦੇ ਬੰਧਨਾਂ ਤੋਂ ਖ਼ਲਾਸੀ ਹਾਸਲ ਕਰਨ ਲਈ ਪਰਮਾਤਮਾ ਦੇ ਦਰ ਤੇ ਅਰਦਾਸ ਹੀ ਇਕੋ ਇਕ ਵਸੀਲਾ ਹੈ) ।53।

ਬਲੁ ਹੋਆ ਬੰਧਨ ਛੁਟੇ ਸਭੁ ਕਿਛੁ ਹੋਤ ਉਪਾਇ ॥ ਨਾਨਕ ਸਭੁ ਕਿਛੁ ਤੁਮਰੈ ਹਾਥ ਮੈ ਤੁਮ ਹੀ ਹੋਤ ਸਹਾਇ ॥੫੪॥

ਹੇ ਭਾਈ! (ਜਦੋਂ ਮਨੁੱਖ ਪ੍ਰਭੂ ਦੇ ਦਰ ਤੇ ਡਿੱਗਦਾ ਹੈ, ਤਾਂ ਮਾਇਆ ਦਾ ਟਾਕਰਾ ਕਰਨ ਲਈ ਉਸ ਦੇ ਅੰਦਰ ਆਤਮਕ) ਬਲ ਪੈਦਾ ਹੋ ਜਾਂਦਾ ਹੈ (ਮਾਇਆ ਦੇ ਮੋਹ ਦੇ) ਬੰਧਨ ਟੁੱਟ ਜਾਂਦੇ ਹਨ (ਮੋਹ ਦਾ ਟਾਕਰਾ ਕਰਨ ਲਈ) ਹਰੇਕ ਹੀਲਾ ਸਫਲ ਹੋ ਸਕਦਾ ਹੈ। ਸੋ, ਹੇ ਨਾਨਕ! (ਆਖ– ਹੇ ਪ੍ਰਭੂ!) ਸਭ ਕੁਝ ਤੇਰੇ ਹੱਥ ਵਿਚ ਹੈ (ਤੇਰੀ ਪੈਦਾ ਕੀਤੀ ਮਾਇਆ ਭੀ ਤੇਰੇ ਹੀ ਅਧੀਨ ਹੈ, ਇਸ ਤੋਂ ਬਚਣ ਲਈ) ਤੂੰ ਹੀ ਮਦਦਗਾਰ ਹੋ ਸਕਦਾ ਹੈਂ।54।

ਸੰਗ ਸਖਾ ਸਭਿ ਤਜਿ ਗਏ ਕੋਊ ਨ ਨਿਬਹਿਓ ਸਾਥਿ ॥ ਕਹੁ ਨਾਨਕ ਇਹ ਬਿਪਤਿ ਮੈ ਟੇਕ ਏਕ ਰਘੁਨਾਥ ॥੫੫॥

ਹੇ ਨਾਨਕ! ਆਖ– (ਜਦੋਂ ਅੰਤ ਵੇਲੇ) ਸਾਰੇ ਸਾਥੀ ਸੰਗੀ ਛੱਡ ਜਾਂਦੇ ਹਨ, ਜਦੋਂ ਕੋਈ ਭੀ ਸਾਥ ਨਹੀਂ ਨਿਬਾਹ ਸਕਦਾ, ਉਸ (ਇਕੱਲੇ-ਪਨ ਦੀ) ਮੁਸੀਬਤ ਵੇਲੇ ਭੀ ਸਿਰਫ਼ ਪਰਮਾਤਮਾ ਦਾ ਹੀ ਸਹਾਰਾ ਹੁੰਦਾ ਹੈ (ਸੋ, ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰੋ) ।55।

- Advertisement -

ਨਾਮੁ ਰਹਿਓ ਸਾਧੂ ਰਹਿਓ ਰਹਿਓ ਗੁਰੁ ਗੋਬਿੰਦੁ ॥ ਕਹੁ ਨਾਨਕ ਇਹ ਜਗਤ ਮੈ ਕਿਨ ਜਪਿਓ ਗੁਰ ਮੰਤੁ ॥੫੬॥

ਹੇ ਨਾਨਕ! ਆਖ– ਹੇ ਭਾਈ! ਇਸ ਦੁਨੀਆ ਵਿਚ ਜਿਸ ਕਿਸੇ (ਮਨੁੱਖ) ਨੇ (ਹਰਿ ਨਾਮ ਸਿਮਰਨ ਵਾਲਾ) ਗੁਰੂ ਦਾ ਉਪਦੇਸ਼ ਆਪਣੇ ਅੰਦਰ ਸਦਾ ਵਸਾਇਆ ਹੈ (ਤੇ ਨਾਮ ਜਪਿਆ ਹੈ, ਅੰਤ ਵੇਲੇ ਭੀ ਪਰਮਾਤਮਾ ਦਾ) ਨਾਮ (ਉਸ ਦੇ ਨਾਲ (ਰਹਿੰਦਾ ਹੈ, (ਬਾਣੀ ਦੇ ਰੂਪ ਵਿਚ) ਗੁਰੂ ਉਸ ਦੇ ਨਾਲ ਰਹਿੰਦਾ ਹੈ, ਅਕਾਲ ਪੁਰਖ ਉਸ ਦੇ ਨਾਲ ਹੈ।56।

ਰਾਮ ਨਾਮੁ ਉਰ ਮੈ ਗਹਿਓ ਜਾ ਕੈ ਸਮ ਨਹੀ ਕੋਇ ॥ ਜਿਹ ਸਿਮਰਤ ਸੰਕਟ ਮਿਟੈ ਦਰਸੁ ਤੁਹਾਰੋ ਹੋਇ ॥੫੭॥੧॥ 

ਹੇ ਪ੍ਰਭੂ! ਜਿਸ ਮਨੁੱਖ ਨੇ ਤੇਰਾ ਉਹ ਨਾਮ ਆਪਣੇ ਹਿਰਦੇ ਵਿਚ ਵਸਾਇਆ ਹੈ ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ ਅਤੇ ਜਿਸ ਨੂੰ ਸਿਮਰਿਆਂ ਹਰੇਕ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ, ਉਸ ਮਨੁੱਖ ਨੂੰ ਤੇਰਾ ਦਰਸ਼ਨ ਭੀ ਹੋ ਜਾਂਦਾ ਹੈ।57।1।

ਉਕਤ ਸਲੋਕਾਂ ਵਿੱਚ ਗੁਰੂ ਤੇਗ ਬਹਾਦਰ ਸਾਹਿਬ ਸਾਨੂੰ ਉਪਦੇਸ਼ ਕਰ ਰਹੇ ਹਨ ਹੇ ਭਾਈ ਮਾਇਆ ਦੇ ਮੋਹ ਦੀਆਂ ਤੰਦਾਂ ਨਾਲ ਆਤਮਕ ਤੌਰ ‘ਤੇ ਕੰਮਜ਼ੋਰ ਹੋ ਜਾਂਦਾ ਹੈ ਪਰ ਜਦੋਂ ਪ੍ਰਮਾਤਮਾ ਦੀ ਮਿਹਰ ਹੋ ਜਾਂਦੀ ਹੈ ਤਾਂ ਮਾਇਆ ਦੀਆਂ ਸਭ ਤੰਦਾਂ ਟੁੱਟ ਜਾਂਦੀਆਂ ਹਨ। ਇਸ ਸੰਸਾਰ ਵਿੱਚ ਸਾਥੀ ਮਿੱਤਰ ਸਾਥ ਛੱਡ ਜਾਂਦੇ ਹਨ ਮੁਸੀਬਤ ਸਮੇਂ ਕੇਵਲ ਵਾਹਿਗੁਰੂ ਹੀ ਸਹਾਰਾ ਬਣਦਾ ਹੈ। ਇਸ ਸੰਸਾਰ ਵਿੱਚ ਜਿਸ ਪ੍ਰਾਣੀ ਨੇ ਸਰਬ ਕਲਾ ਸਮਰਥਾ ਪ੍ਰਭੂ ਨੂੰ ਸਿਮਰਿਆ ਹੈ ਉਸ ਦੇ ਸਭ ਦੁੱਖ ਕਲੇਸ਼ ਦੂਰ ਹੋ ਜਾਂਦੇ ਹਨ।

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸਮੁੱਚੀ ਬਾਣੀ ਦੀ ਵਿਚਾਰ ਅੱਜ ਸਮਾਪਤ ਹੋ ਗਈ। ਕੱਲ੍ਹ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚੋਂ ਨਵੇਂ ਸ਼ਬਦ ਦੀ ਵਿਚਾਰ ਕਰਾਂਗੇ। ਪ੍ਰੋ. ਸਾਹਿਬ ਸਿੰਘ ਜੀ ਦੀ ਕ੍ਰਿਤ ‘ਸ੍ਰੀ ਗੁਰੂ ਗ੍ਰੰਥ ਸਾਹਿਬ ਦਰਪਣ’ ਨੂੰ ਇਸ ਸ਼ਬਦ ਦੀ ਵਿਚਾਰ ਦਾ ਅਧਾਰ ਬਣਾਇਆ ਗਿਆ ਹੈ।ਸ਼ਬਦ ਵਿਚਾਰ ਸੰਬੰਧੀ ਜੇ ਆਪ ਜੀ ਦਾ ਵੀ ਕੋਈ ਸੁਝਾਅ ਹੈ ਤਾਂ ਤੁਸੀਂ ਸਾਡੇ ਨਾਲ ਜ਼ਰੂਰ ਸਾਂਝਾ ਕਰੋ। ਸਾਨੂੰ ਖੁਸ਼ੀ ਹੋਵੇਗੀ।ਭੁੱਲਾਂ ਚੁੱਕਾਂ ਦੀ ਖਿਮਾ।

ਵਾਹਿਗੁਰੂ ਜੀ ਕਾ ਖਾਲਸਾ

ਵਾਹਿਗੁਰੂ ਜੀ ਕੀ ਫਤਿਹ

*gurdevsinghdr@gmail.com

Share this Article
Leave a comment