ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਦੇ ਦੋਸ਼ੀ ਜਗਤਾਰ ਹਵਾਰਾ ਨੇ ਆਪਣੀ ਬਿਮਾਰ ਬਜ਼ੁਰਗ ਮਾਂ ਦੀ ਦੇਖਭਾਲ ਲਈ ਪੈਰੋਲ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ।
ਅਦਾਲਤ ਨੇ ਸੁਣਵਾਈ ਦੌਰਾਨ ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਜੇਲ ਦੇ ਡਾਇਰੈਕਟਰ ਜਨਰਲ ਨੂੰ ਨਵੇਂ ਸਿਰੇ ਤੋਂ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ। ਦਿੱਲੀ ਜੇਲ੍ਹ ਪ੍ਰਸ਼ਾਸਨ ਵੱਲੋਂ ਪਹਿਲਾਂ ਦਿੱਤੇ ਗਏ ਨੋਟਿਸ ਦਾ ਜਵਾਬ ਨਾ ਆਉਣ ਕਾਰਨ ਅਦਾਲਤ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਦੁਬਾਰਾ ਨੋਟਿਸ ਜਾਰੀ ਕੀਤਾ ਅਤੇ ਮਾਮਲੇ ਦੀ ਅਗਲੀ ਸੁਣਵਾਈ 6 ਜੁਲਾਈ ਲਈ ਨਿਰਧਾਰਿਤ ਕਰ ਦਿੱਤੀ ਹੈ।
ਇਸ ਤੋਂ ਪਹਿਲਾਂ ਕੇਂਦਰੀ ਜਾਂਚ ਏਜੰਸੀ (CBI) ਨੇ ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਆਪਣਾ ਜਵਾਬ ਦਾਖ਼ਲ ਕਰਦਿਆਂ ਉਸ ਦੀ ਰਿਹਾਈ ਦਾ ਜ਼ੋਰਦਾਰ ਵਿਰੋਧ ਕੀਤਾ। ਏਜੰਸੀ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਜੇਕਰ ਹਵਾਰਾ ਨੂੰ ਪੈਰੋਲ ਦਿੱਤੀ ਜਾਂਦੀ ਹੈ, ਤਾਂ ਉਸ ਦੇ ਫਰਾਰ ਹੋਣ ਅਤੇ ਦੁਬਾਰਾ ਅੱਤਵਾਦੀ ਜਥੇਬੰਦੀ ‘ਬੱਬਰ ਖਾਲਸਾ ਇੰਟਰਨੈਸ਼ਨਲ’ ਨਾਲ ਜੁੜਨ ਦੀ ਪੂਰੀ ਆਸ਼ੰਕਾ ਹੈ। ਸੀਬੀਆਈ ਨੇ ਪੁਰਾਣੇ ਰਿਕਾਰਡ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਹਵਾਰਾ ਪਹਿਲਾਂ ਵੀ ਜੇਲ੍ਹ ਵਿੱਚੋਂ ਫਰਾਰ ਹੋ ਚੁੱਕਾ ਹੈ। ਜ਼ਿਕਰਯੋਗ ਹੈ ਕਿ ਸਾਲ 2004 ਵਿੱਚ ਹਵਾਰਾ ਅਤੇ ਉਸ ਦੇ ਸਾਥੀਆਂ ਨੇ ਬੁੜੈਲ ਜੇਲ੍ਹ ਵਿੱਚ ਸੁਰੰਗ ਪੁੱਟ ਕੇ ਫਰਾਰ ਹੋਣ ਵਿੱਚ ਸਫਲਤਾ ਹਾਸਲ ਕੀਤੀ ਸੀ।

