ਪਟਨਾ ‘ਚ ਵਿਰੋਧੀ ਧਿਰ ਦੀ ਬੈਠਕ ਤੋਂ ਪਹਿਲਾਂ ਕੇਜਰੀਵਾਲ ਦੀ ਧਮਕੀ,ਕਾਂਗਰਸ ਨੂੰ ਲੈ ਕੇ ਕਹੀ ਇਹ ਗੱਲ

Rajneet Kaur
2 Min Read

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦਿੱਲੀ ਵਿੱਚ ਅਧਿਕਾਰੀਆਂ ਦੇ ਤਬਾਦਲੇ ਸਬੰਧੀ ਕੇਂਦਰ ਸਰਕਾਰ ਵੱਲੋਂ ਲਿਆਂਦੇ ਆਰਡੀਨੈਂਸ ਨੂੰ ਨੱਕ ਦੀ ਲੜਾਈ ਬਣਾ ਦਿੱਤਾ ਹੈ। ਇਸ ਆਰਡੀਨੈਂਸ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਪਟਨਾ ਵਿੱਚ ਹੋਣ ਵਾਲੀ ਵਿਰੋਧੀ ਪਾਰਟੀਆਂ ਦੀ ਮੀਟਿੰਗ ਦਾ ਬਾਈਕਾਟ ਕਰਨ ਦੀ ਧਮਕੀ ਵੀ ਦੇ ਦਿੱਤੀ ਹੈ। ਸੂਤਰਾਂ ਦੀ ਮੰਨੀਏ ਤਾਂ ਦਿੱਲੀ ਅਤੇ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਨੇ ਵਿਰੋਧੀ ਪਾਰਟੀਆਂ ਨੂੰ ਸੰਦੇਸ਼ ਦਿੱਤਾ ਹੈ ਕਿ ਜੇਕਰ ਕਾਂਗਰਸ ਨੇ ਆਰਡੀਨੈਂਸ ਮੁੱਦੇ ‘ਤੇ ਸਮਰਥਨ ਦੇਣ ਦਾ ਵਾਅਦਾ ਨਹੀਂ ਕੀਤਾ ਤਾਂ ਉਹ ਪਟਨਾ ਮੀਟਿੰਗ ਤੋਂ ਦੂਰ ਰਹੇਗੀ।

ਮਿਲੀ ਜਾਣਕਾਰੀ ਅਨੁਸਾਰ ਜੇਕਰ ਕਾਂਗਰਸ ਨੇ ਦਿੱਲੀ ਵਿੱਚ ਪ੍ਰਸ਼ਾਸਨਿਕ ਸੇਵਾਵਾਂ ਨੂੰ ਕੰਟਰੋਲ ਮੁਕਤ ਕਰਨ ਬਾਰੇ ਕੇਂਦਰ ਸਰਕਾਰ ਦੇ ਆਰਡੀਨੈਂਸ ਵਿਰੁੱਧ ਆਮ ਆਦਮੀ ਪਾਰਟੀ ਨੂੰ ਸਮਰਥਨ ਦੇਣ ਦਾ ਵਾਅਦਾ ਨਾ ਕੀਤਾ ਤਾਂ ‘ਆਪ’ ਪਟਨਾ ਵਿੱਚ ਸ਼ੁੱਕਰਵਾਰ ਦੀ ਮੀਟਿੰਗ ਦਾ ਬਾਈਕਾਟ ਕਰੇਗੀ। ਦਸ ਦਈਏ ਕਿ ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂਨਾਈਟਿਡ) ਦੇ ਮੁਖੀ ਨਿਤੀਸ਼ ਕੁਮਾਰ ਨੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਟੱਕਰ ਦੇਣ ਲਈ ਸਾਂਝੀ ਰਣਨੀਤੀ ਬਣਾਉਣ ਲਈ ਵਿਰੋਧੀ ਪਾਰਟੀਆਂ ਦੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਲਈ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਵੀ ਸੱਦਾ ਦਿੱਤਾ ਗਿਆ ਹੈ। ਹਾਲਾਂਕਿ, ਹੁਣ ‘ਆਪ’ ਦੇ ਇੱਕ ਸੂਤਰ ਨੇ ਕਿਹਾ, “ਜੇ ਕਾਂਗਰਸ ਆਰਡੀਨੈਂਸ ਦੇ ਖਿਲਾਫ ਸਮਰਥਨ ਦਾ ਵਾਅਦਾ ਨਹੀਂ ਕਰਦੀ ਹੈ ਤਾਂ ‘ਆਪ’ ਮੀਟਿੰਗ ਤੋਂ ਵਾਕਆਊਟ ਕਰ ਦੇਵੇਗੀ।” ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਮੰਗਲਵਾਰ ਨੂੰ ਉਮੀਦ ਜਤਾਈ ਕਿ ਕਾਂਗਰਸ ਪਟਨਾ ‘ਚ ਵਿਰੋਧੀ ਪਾਰਟੀਆਂ ਦੀ ਬੈਠਕ ‘ਚ ਆਰਡੀਨੈਂਸ ‘ਤੇ ਆਪਣਾ ਰੁਖ ਸਪੱਸ਼ਟ ਕਰੇਗੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment