ਭਗਵੰਤ ਮਾਨ ਅਤੇ ਧਾਮੀ ਆਹਮੋ-ਸਾਹਮਣੇ

Rajneet Kaur
5 Min Read

ਜਗਤਾਰ ਸਿੰਘ ਸਿੱਧੂ
ਮੈਨੇਜਿੰਗ ਐਡੀਟਰ

ਜਲੰਧਰ ਲੋਕ ਸਭਾ ਉੱਪ ਚੋਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਆਹਮੋ-ਸਾਹਮਣੇ ਆ ਗਏ ਹਨ। ਸਵਾਲ ਇਹ ਪੈਦਾ ਹੁੰਦਾ ਹੈ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮੁੱਦਾ ਦੁਨੀਆਂ ਭਰ ਵਿਚ ਬੈਠੇ ਪੰਜਾਬੀਆਂ ਨੂੰ ਬੇਹੱਦ ਸੰਵੇਦਨਸ਼ੀਲ ਅਤੇ ਭਾਵੁਕ ਹੈ ਪਰ ਇਸ ਮਾਮਲੇ ਨੂੰ ਜਲੰਧਰ ਦੀਆਂ ਲੋਕਸਭਾ ਚੋਣਾਂ ਦੇ ਮੌਕੇ ਉਪਰ ਹੀ ਕਿਉਂ ਚੁੱਕਿਆ ਗਿਆ ਹੈ। ਦੋਹਾਂ ਹੀ ਆਗੂਆਂ ਵੱਲੋਂ ਇਸ ਮਾਮਲੇ ਵਿਚ ਇੱਕ ਦੂਜੇ ਵਿਰੁੱਧ ਟਵੀਟ ਜਾਰੀ ਕੀਤੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਅਜਿਹੀ ਰਾਜਨੀਤਿਕ ਪਾਰਟੀ ਦੇ ਉਮੀਦਵਾਰ ਦੇ ਹੱਕ ਵਿਚ ਪ੍ਰਚਾਰ ਕਿਉਂ ਕੀਤਾ ਜਾ ਰਿਹਾ ਹੈ। ਜਦੋਂ ਕਿ ਇਹ ਪਾਰਟੀ ਉਪਰ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਦੇ ਦੋਸ਼ ਲੱਗਦੇ ਹਨ। ਮੁੱਖ ਮੰਤਰੀ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਇਸ ਪਾਰਟੀ ਦੇ ਹੱਕ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ ਦੇ ਪ੍ਰਧਾਨ ਦਾ ਪ੍ਰਚਾਰ ਕਿਨਾਂ ਕਿ ਜਾਇਜ਼ ਹੈ? ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਧਾਮੀ ਵੱਲੋਂ ਟਵੀਟ ਕਰ ਕੇ ਮੁੱਖ ਮੰਤਰੀ ਨੂੰ ਮੋੜਵਾਂ ਜਵਾਬ ਦਿੰਦਿਆਂ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਨੂੰ ਤਾਂ ਇਸ ਮਾਮਲੇ ਉਪਰ ਕਹਿਣ ਦਾ ਕੋਈ ਅਧਿਕਾਰੀ ਹੀ ਨਹੀਂ ਹੈ ਕਿਉਂ ਜੋ ਕੁੱਝ ਦਿਨ ਪਹਿਲਾਂ ਹੀ ਮੋਰਿੰਡਾਂ ਵਿਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਮੰਦਭਾਗੀ ਘਟਨਾ ਇਸੇ ਸਰਕਾਰ ਦੇ ਹੁੰਦਿਆਂ ਹੀ ਵਾਪਰੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦਾ ਕਹਿਣਾ ਹੈ ਕਿ ਭਗਵੰਤ ਮਾਨ ਦੀ ਸਰਕਾਰ ਪੰਜਾਬੀਆਂ ਨਾਲ ਕੀਤੇ ਵਾਅਦੇ ਮੁਕੰਮਲ ਨਹੀਂ ਕਰ ਸਕੀ ਜਿਸ ਕਰਕੇ ਲੋਕਾਂ ਦਾ ਧਿਆਨ ਭਟਕਾਉਣ ਲਈ ਅਜਿਹੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ। ਸ਼੍ਰੋਮਣੀ ਕਮੇਟੀ ਦੇ ਆਗੂ ਦਾ ਇਹ ਵੀ ਕਹਿਣਾ ਹੈ ਕਿ ਇਸ ਮਾਮਲੇ ਉਪਰ ਰਾਜਨੀਤੀ ਨਹੀਂ ਹੋਣੀ ਚਾਹੀਦੀ। ਪਰ ਲੱਗਦਾ ਇਹ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸ਼੍ਰੋਮਣੀ ਕਮੇਟੀ ਨੂੰ ਅਕਾਲੀ ਦਲ ਦੇ ਹੱਕ ਵਿਚ ਪ੍ਰਚਾਰ ਕਰਨ ਦੇ ਮੁੱਦੇ ਉਪਰ ਘੇਰਨ ਦੀ ਪੂਰੀ ਕੋਸ਼ਿਸ਼ ਕੀਤੀ ਹੈ। ਅੱਜ ਵੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਜਲੰਧਰ ਦੀਆਂ ਚੋਣਾਂ ਵਿਚ ਅਕਾਲੀ ਦਲ ਦੇ ਹੱਕ ਵਿਚ ਪ੍ਰਚਾਰ ਨਹੀਂ ਕਰਨਾ ਚਾਹੀਦਾ। ਅਕਾਲੀ ਆਗੂਆਂ ਵੱਲੋਂ ਵੀ ਪ੍ਰੇਮ ਸਿੰਘ ਚੰਦੂਮਾਜਰਾ ਨੇ ਹਾਕਿਮ ਧਿਰ ਨੂੰ ਮੋੜਵਾਂ ਜਵਾਬ ਦਿੱਤਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਜਲੰਧਰ ਦੀ ਚੋਣ ਵਿਚ ਅਕਾਲੀ ਦਲ ਦੇ ਉਮੀਦਵਾਰ ਦੀ ਹਮਾਇਤ ਕਰਨ ਦਾ ਪੂਰਾ ਅਧਿਕਾਰ ਹੈ। ਅਜਿਹਾ ਪਹਿਲੀ ਵਾਰੀ ਨਹੀਂ ਹੋਇਆ ਸਗੋਂ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਕਾਲੀ ਦਲ ਦੀ ਮਦਦ ਕਰਦੇ ਰਹੇ ਹਨ।

ਇਸੇ ਦੌਰਾਨ ਵੱਖ-ਵੱਖ ਪੰਥਕ ਜਥੇਬੰਦੀਆਂ ਵੱਲੋਂ ਵੀ ਇਸ ਮੁੱਦੇ ਉਪਰ ਆਪਣਾ ਪ੍ਰਤੀਕਰਮ ਦਿੱਤਾ ਗਿਆ ਹੈ। ਇਹਨਾਂ ਹਲਕਿਆਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਵੱਲੋਂ ਅਕਾਲੀ ਦਲ ਉਪਰ ਬੇਅਦਬੀ ਦੇ ਮੁੱਦੇ ਨੂੰ ਲੈ ਕੇ ਸਵਾਲ ਕਰਨੇ ਸੁਭਾਵਿਕ ਹਨ ਕਿਉਂ ਜੋ ਬੇਅਦਬੀ ਦੀਆਂ ਘਟਨਾਵਾਂ ਅਕਾਲੀ ਦਲ ਸਰਕਾਰ ਸਮੇਂ ਤਾਂ ਵਾਪਰੀਆਂ ਹੀ ਸਨ ਪਰ ਪੰਥਕ ਅਖਵਾਉਣ ਵਾਲੀ ਸਰਕਾਰ ਦੇ ਆਗੂਆਂ ਵੱਲੋਂ ਇਸ ਮਾਮਲੇ ਵਿਚ ਦੋਸ਼ੀਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ। ਕੇਵਲ ਐਨਾਂ ਹੀ ਨਹੀਂ ਸਗੋਂ ਡੇਰਾ ਸਿਰਸਾ ਮੁਖੀ ਨੂੰ ਮੁਆਫੀ ਦਿੱਤੀ ਗਈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਥਕ ਕਮੇਟੀ ਦੀ ਮੈਂਬਰਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਕਿ ਇਸ ਮਾਮਲੇ ਵਿਚ ਅਕਾਲੀ ਆਗੂਆਂ ਦੀ ਨੀਤੀ ਅਨੁਸਾਰ ਬਿਆਨਬਾਜ਼ੀ ਕੀਤੀ ਜਾਵੇ। ਅਕਾਲੀ ਦਲ ਦੇ ਆਗੂਆਂ ਦਾ ਕਹਿਣਾ ਹੈ ਕਿ ਜਲੰਧਰ ਦੀ ਉਪ ਚੋਣ ਵਿਚ ਆਮ ਆਦਮੀ ਪਾਰਟੀ ਨੂੰ ਪੰਥਕ ਧਿਰਾਂ ਦੀ ਹਮਾਇਤ ਨਹੀਂ ਮਿਲ ਰਹੀ, ਇਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੇਅਦਬੀ ਦੇ ਮਾਮਲੇ ਨੂੰ ਛੇੜਿਆ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਹਮਾਇਤੀਆਂ ਵਿਰੁੱਧ ਐਨ.ਐਸ.ਏ ਲਾਉਣ ਅਤੇ ਹੋਰ ਸਖਤੀ ਕਰਨ ਦੇ ਮਾਮਲਿਆਂ ਵਿਚ ਵੀ ਸਿੱਖ ਭਾਈਚਾਰੇ ਵੱਲੋਂ ਨਰਾਜ਼ਗੀ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।

ਇਹ ਸਹੀ ਹੈ ਕਿ ਜਲੰਧਰ ਲੋਕਸਭਾ ਦੀ ਉਪ ਚੋਣ ਸਾਰੀਆਂ ਰਾਜਸੀ ਪਾਰਟੀਆਂ ਲਈ ਇਮਤਿਹਾਨ ਦੀ ਘੜੀ ਬਣੀ ਹੋਈ ਹੈ। ਇਸ ਕਰਕੇ ਕੋਈ ਵੀ ਰਾਜਸੀ ਪਾਰਟੀ ਇੱਕ ਦੂਜੇ ਨੂੰ ਨਿਸ਼ਾਨੇ ’ਤੇ ਲੈਣ ਦਾ ਮੌਕਾ ਨਹੀਂ ਛੱਡ ਰਹੀ। ਆਮ ਆਦਮੀ ਪਾਰਟੀ ਵੱਲੋਂ ਵੀ ਇਸ ਚੋਣ ਵਿਚ ਆਪਣੀ ਸਾਰੀ ਸ਼ਕਤੀ ਝੋਕੀ ਹੋਈ ਹੈ। ਆਪ ਵੱਲੋਂ ਅਕਾਲੀ ਦਲ ਨੂੰ ਬੇਅਦਬੀ ਦੇ ਮੁੱਦੇ ਉਪਰ ਲੈਣਾ ਵੀ ਸੁਭਾਵਿਕ ਹੈ ਕਿਉਂ ਜੋ ਆਪ ਨੂੰ ਲੱਗਦਾ ਹੈ ਕਿ ਇਸ ਨਾਲ ਸਿੱਖ ਸੋਚ ਵਾਲੇ ਵੋਟਰਾਂ ਦੀ ਹਮਾਇਤ ਆਪ ਵੱਲ ਆ ਜਾਵੇਗੀ।

- Advertisement -

Share this Article
Leave a comment