ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਵੱਲੋਂ ਲਗਾਏ ਗਏ ਨਵੇਂ ਮੁੱਖ ਸਲਾਹਕਾਰ ਨੂੰ ਲੈ ਕੇ ਸਿਆਸੀ ਬਿਆਨਬਾਜ਼ੀਆਂ ਲਗਾਤਾਰ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਇਸ ਮਸਲੇ ‘ਤੇ ਵਿਰੋਧੀ ਪਾਰਟੀਆਂ ਵਲੋਂ ਲਗਾਤਾਰ ਕਾਂਗਰਸ ਪਾਰਟੀ ਨੂੰ ਘੇਰਿਆ ਜਾ ਰਿਹਾ ਹੈ । ਇਸ ਦੇ ਚੱਲਦਿਆਂ ਅੱਜ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਵੱਲੋਂ ਪ੍ਰਸ਼ਾਂਤ ਕਿਸ਼ੋਰ ਦੇ ਮਸਲੇ ਤੇ ਕੈਪਟਨ ਸਰਕਾਰ ਨੂੰ ਆਡ਼ੇ ਹੱਥੀਂ ਲਿਆ ਗਿਆ ਹੈ। ਮਾਨ ਦਾ ਕਹਿਣਾ ਹੈ ਕਿ ਅੱਜ ਪ੍ਰਸ਼ਾਂਤ ਕਿਸ਼ੋਰ ਨੂੰ ਨਵੇਂ ਝੂਠ ਤਿਆਰ ਕਰਨ ਲਈ ਨਿਯੁਕਤ ਕਰ ਲਿਆ ਗਿਆ ਹੈ । ਉਨ੍ਹਾਂ ਕਿਹਾ ਕਿ ਅੱਜ ਉਸ ਨੂੰ ਸਰਕਾਰੀ ਕੁਆਰਟਰ , ਕਲਰਕ ਦਿੱਤੇ ਜਾ ਰਹੇ ਹਨ ਜਿਸ ਦਾ ਮਤਲਬ ਹੈ ਕਿ ਇਕ ਸਾਲ ਦੇ ਲਈ ਸਰਕਾਰ ਪ੍ਰਸ਼ਾਂਤ ਕਿਸ਼ੋਰ ਨੂੰ ਦੇ ਦਿੱਤੀ ਗਈ ਹੈ । ਉਨ੍ਹਾਂ ਤੰਜ਼ ਕੱਸਦਿਆਂ ਕਿਹਾ ਕਿ ਇਸ ਦਾ ਮਤਲਬ ਤਾਂ ਇਹ ਹੈ ਕਿ ਇਕ ਸਾਲ ਦੇ ਲਈ ਸਰਕਾਰ ਪ੍ਰਸ਼ਾਂਤ ਕਿਸ਼ੋਰ ਚਲਾਏਗਾ ਤੇ ਫਿਰ ਚਾਰ ਸਾਲ ਦੇ ਲਈ ਕੈਪਟਨ ਅਮਰਿੰਦਰ ਸਿੰਘ ਕੋਲ ਆ ਜਾਵੇਗੀ ।
ਇਸ ਮੌਕੇ ਬੋਲਦਿਆਂ ਭਗਵੰਤ ਮਾਨ ਨੇ ਨਵਜੋਤ ਸਿੰਘ ਸਿੱਧੂ ਦੇ ਮਸਲੇ ਤੇ ਪ੍ਰਤੀਕਿਰਿਆ ਦਿੱਤੀ। ਮਾਨ ਨੇ ਕਿਹਾ ਕਿ ਅੱਜ ਸਿੱਧੂ ਨੂੰ ਬਿਜਲੀ ਮੰਤਰੀ ਬਣ ਕੇ ਲੋਕਾਂ ਨੂੰ ਬਿਜਲੀ ਦੇ ਭਾਰੀ ਬਿੱਲਾਂ ਤੋਂ ਛੁਟਕਾਰਾ ਦਿਵਾਉਣਾ ਚਾਹੀਦਾ ਹੈ ।